ਨੈਸ਼ਨਲ ਟਾਈਮਜ਼ ਬਿਊਰੋ :- ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 115ਵੇਂ ਦਿਨ ਪੰਜਾਬ ਪੁਲਸ ਨੇ 140 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 3 ਕਿੱਲੋ ਹੈਰੋਇਨ ਅਤੇ 60,500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 115 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ੍ਹ ਨਸ਼ਾ ਸਮੱਗਲਰਾਂ ਦੀ ਗਿਣਤੀ 19,007 ਹੋ ਗਈ ਹੈ।
ਸਪੈਸ਼ਲ ਡੀ. ਜੀ. ਪੀ. ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 94 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਸ ਟੀਮਾਂ ਨੇ ਪੂਰੇ ਪੰਜਾਬ ’ਚ 482 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਤਹਿਤ ਸੂਬੇ ਭਰ ’ਚ 97 ਐੱਫ਼. ਆਈ. ਆਰਜ਼ ਦਰਜ ਕੀਤੀਆਂ ਗਈਆਂ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ 510 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ। ਨਾਲ ਹੀ 89 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਗਿਆ।
