ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਬੇ ’ਚ 9 ਲੱਖ ਸਿਹਤ ਕਾਰਡ ਜਾਰੀ : ਸਿਹਤ ਮੰਤਰੀ

ਗੁਰਪ੍ਰੀਤ ਸਿੰਘ :- ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਬੇ ਵਿੱਚ ਹੁਣ ਤੱਕ ਕਰੀਬ 9 ਲੱਖ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਪਰਿਵਾਰ ਨੂੰ ਇਸ ਸਕੀਮ ਤਹਿਤ ਕਵਰ ਕਰਨ ਲਈ ਪੂਰੀ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਵਿਸਥਾਰਿਤ ਸਮੀਖਿਆ ਮੀਟਿੰਗ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ, ਜਿਨ੍ਹਾਂ ਨਾਲ ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ, ਵਿਧਾਇਕ ਬਲਕਾਰ ਸਿੰਘ, ਵਿਧਾਇਕ ਇੰਦਰਜੀਤ ਕੌਰ ਮਾਨ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਅਤੇ ਸਿਵਲ ਸਰਜਨ ਡਾ. ਰਾਜੇਸ਼ ਗਰਗ ਵੀ ਮੌਜੂਦ ਸਨ, ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ 70 ਫੀਸਦੀ ਤੋਂ ਜ਼ਿਆਦਾ ਮਰੀਜ਼ਾਂ ਦਾ ਇਲਾਜ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮੁਫ਼ਤ ਹੋ ਰਿਹਾ ਹੈ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਯੋਜਨਾ ਨੂੰ ਸੂਬੇ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ ਅਤੇ ਰਜਿਸਟ੍ਰੇਸ਼ਨ ਲਈ ਵੱਡੀ ਗਿਣਤੀ ਲੋਕ ਰੋਜ਼ਾਨਾ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਸਕੀਮ ਤਹਿਤ ਇਨਰੋਲਮੈਂਟ ਵਿੱਚ ਤੇਜ਼ੀ ਲਿਆਂਦੀ ਗਈ ਹੈ ਅਤੇ ਮੌਜੂਦਾ ਸਮੇਂ ਹਰ ਰੋਜ਼ ਕਰੀਬ 60 ਹਜ਼ਾਰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਕੰਮ ਨੂੰ ਹੋਰ ਗਤੀ ਦੇਣ ਲਈ ਵਾਧੂ ਸਟਾਫ਼ ਤਾਇਨਾਤ ਕਰਨ ਦੇ ਨਾਲ-ਨਾਲ ਵਾਧੂ ਮਸ਼ੀਨਰੀ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਰਜਿਸਟ੍ਰੇਸ਼ਨ ਕੈਂਪਾਂ ਦੀ ਗਿਣਤੀ ਵਿੱਚ ਵੀ ਵਾਧਾ ਕੀਤਾ ਜਾਵੇਗਾ।

ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੀਮਾ ਪਾਰਟਨਰ ਨੂੰ 500 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ ਤਾਂ ਜੋ ਸਾਰੇ ਸੂਚੀਬੱਧ ਹਸਪਤਾਲਾਂ ਨੂੰ ਨਿਰਧਾਰਿਤ ਸਮੇਂ ਦੇ ਅੰਦਰ ਅਦਾਇਗੀ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਵੇਲੇ ਹਸਪਤਾਲਾਂ ਦਾ 31 ਜਨਵਰੀ, 2026 ਤੱਕ ਦਾ ਕੋਈ ਬਕਾਇਆ ਨਹੀਂ ਹੈ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਇਸ ਸਕੀਮ ਤਹਿਤ ਪ੍ਰਤੀ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਉਦੇਸ਼ ਮੈਡੀਕਲ ਐਮਰਜੈਂਸੀ ਦੌਰਾਨ ਪਰਿਵਾਰਾਂ ਦੇ ਵਿੱਤੀ ਬੋਝ ਨੂੰ ਬਿਲਕੁਲ ਘੱਟ ਕਰਨਾ ਹੈ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਬਿਨਾਂ ਦੇਰੀ ਸਕੀਮ ਤਹਿਤ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕੀਤੀ।

ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਿਹਤ ਮੰਤਰੀ ਨੇ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੀਤੀ ਜਾ ਰਹੀ ਰਜਿਸਟ੍ਰੇਸ਼ਨ ਦਾ ਜਾਇਜ਼ਾ ਲਿਆ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ, ਕਾਮਨ ਸਰਵਿਸ ਸੈਂਟਰਾਂ, ਸੇਵਾ ਕੇਂਦਰ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਹੋਰ ਬਿਹਤਰ ਤਾਲਮੇਲ ਨਾਲ ਕੰਮ ਕਰਨ ਦੀ ਹਦਾਇਤ ਕੀਤੀ ਤਾਂ ਜੋ ਇਸ ਲੋਕ-ਹਿਤੂ ਯੋਜਨਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਦਿਆਂ ਸੂਬੇ ਦੇ ਹਰ ਵਿਅਕਤੀ ਤੱਕ ਇਸਦਾ ਲਾਭ ਪਹੁੰਚਦਾ ਕੀਤਾ ਜਾ ਸਕੇ। ਉਨ੍ਹਾਂ ਇਕੱਲੇ-ਇਕੱਲੇ ਸੀ.ਐਸ.ਸੀ. ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਐਸ.ਡੀ.ਐਮਜ਼ ਅਤੇ ਐਸ.ਐਮ.ਓਜ਼ ਨੂੰ ਸੀ.ਐਸ.ਸੀ. ਨੂੰ ਵਿਜ਼ਿਟ ਕਰਨ ਲਈ ਵੀ ਕਿਹਾ ਤਾਂ ਜੋ ਉਨ੍ਹਾਂ ਨੂੰ ਰਜਿਸਟ੍ਰੇਸ਼ਨ ਵਿੱਚ ਜੇਕਰ ਕੋਈ ਦਿੱਕਤ ਆ ਰਹੀ ਹੈ ਤਾਂ ਉਸ ਨੂੰ ਤੁਰੰਤ ਦੂਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜਲੰਧਰ ਵਿੱਚ ਹਰ ਰੋਜ਼ 10 ਹਜ਼ਾਰ ਸਿਹਤ ਕਾਰਡ ਬਣਨ ਲੱਗ ਜਾਣਗੇ

By Gurpreet Singh

Leave a Reply

Your email address will not be published. Required fields are marked *