ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਤੇ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਫ਼ੰਡਾਂ ਦੀ ਦੁਰਵਰਤੋਂ ਕਰਨ ਦਾ ਦੋਸ਼ ਲਾਇਆ। ਲਗਭਗ ਚਾਰ ਮਹੀਨੇ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ‘ਆਪ’ ਸਰਕਾਰ ਨੂੰ ਨਵੇਂ ਵਾਹਨਾਂ ਦੀ ਖ਼ਰੀਦ ਅਤੇ ਇਸ਼ਤਿਹਾਰਬਾਜ਼ੀ ‘ਤੇ ਹੋਏ ਖ਼ਰਚੇ ਦਾ ਵੇਰਵਾ ਪੇਸ਼ ਕਰਨ ਲਈ ਕਿਹਾ ਹੈ। ਹਾਲਾਂਕਿ, ਸਰਕਾਰ ਹਾਈ ਕੋਰਟ ਦੇ ਨਿਰਦੇਸ਼ਾਂ ਦੀ ਪਾਲਨਾ ਕਰਨ ਵਿੱਚ ਅਸਫ਼ਲ ਰਹੀ ਹੈ। ਹਾਈ ਕੋਰਟ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਫ਼ੰਡ ਜਾਰੀ ਨਾ ਕਰਨ ਬਾਰੇ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਸੀ। ਉਨ੍ਹਾਂ ਕਿਹਾ ਕਿ ਇਸ ਗੱਲ ਦੀ ਪੂਰੀ ਸੰਭਾਵਨਾ ਹੈ ਕਿ ‘ਆਪ’ ਸਰਕਾਰ ਨੇ ਫ਼ੰਡਾਂ ਦੀ ਦੁਰਵਰਤੋਂ ਕੀਤੀ ਹੈ। ਬਾਜਵਾ ਨੇ ਕਿਹਾ ਕਿ ਆਯੁਸ਼ਮਾਨ ਭਾਰਤ ਸਕੀਮ ਤਹਿਤ ਰਜਿਸਟਰਡ ਨਿੱਜੀ ਹਸਪਤਾਲਾਂ ਦੇ 500 ਕਰੋੜ ਰੁਪਏ ਤੋਂ ਵੱਧ ਦੇ ਬਕਾਏ ਦਾ ਭੁਗਤਾਨ ਕਰਨ ਦੀ ਬਜਾਏ ਸਰਕਾਰ ਨੇ ਇਸ਼ਤਿਹਾਰਾਂ, ਨਵੀਆਂ ਗੱਡੀਆਂ ਖ਼ਰੀਦਣ ਅਤੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦੀ ਮੁਰੰਮਤ ਸਮੇਤ ਹੋਰ ਚੀਜ਼ਾਂ ‘ਤੇ ਫ਼ੰਡਾਂ ਦੀ ਦੁਰਵਰਤੋਂ ਕੀਤੀ।
ਬਾਜਵਾ ਨੇ ਆਪ ‘ਤੇ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਫ਼ੰਡਾਂ ਦੀ ਦੁਰਵਰਤੋਂ ਕਰਨ ਦਾ ਦੋਸ਼ ਲਾਇਆ
