ਲਾਲੜੂ, 9 ਫਰਵਰੀ (ਗੁਰਪ੍ਰੀਤ ਸਿੰਘ) : ਲਾਲੜੂ ਖੇਤਰ ਵਿੱਚ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਵਿੱਚ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸ਼ਮੂਲੀਅਤ ਕਰਦਿਆਂ ਸੰਗਤ ਨੂੰ ਵਧਾਈ ਦਿੱਤੀ।
ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸੰਗਤ ਨੇ ਵੱਡੀ ਗਿਣਤੀ ’ਚ ਸ਼ਿਰਕਤ ਕੀਤੀ। ਰਾਗੀ, ਢਾਡੀ ਅਤੇ ਕੀਰਤਨੀ ਜਥਿਆਂ ਨੇ ਮਨੋਹਰ ਕੀਰਤਨ ਰਾਹੀਂ ਪੂਰਾ ਮਾਹੌਲ ਹੀ ਰੰਗ ਦਿੱਤਾ। ਸੰਗਤ ਨੇ ਪਾਲਕੀ ਸਾਹਿਬ ਦੇ ਪਿੱਛੇ ਚੱਲ ਕੇ ਗੁਰੂ ਜਸ ਸਰਵਣ ਕੀਤਾ। ਥਾਂ-ਥਾਂ ਸੰਗਤ ਵੱਲੋਂ ਫੁੱਲਾਂ ਦੀ ਵਰਖਾ, ਗੁਰੂ ਦੇ ਲੰਗਰ ਲਾ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ। ਇਸ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸਥਾਨਕ ਸੰਗਤਾਂ ਨੇ ਆਪਣੇ ਪਰਿਵਾਰਾਂ ਸਮੇਤ ਹਾਜ਼ਰੀ ਭਰ ਕੇ ਗੁਰੂ ਘਰ ਦਾ ਆਸ਼ੀਰਵਾਦ ਲਿਆ।
ਗਲੀਆਂ ਵਿੱਚੋਂ ਲੰਘਦਾ ਹੋਇਆ ਨਗਰ ਕੀਰਤਨ ਵੇਖਣਯੋਗ ਸੀ। ਵਿਧਾਇਕ ਰੰਧਾਵਾ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਜਾਤ-ਪਾਤ ਦਾ ਖੰਡਨ ਕਰਕੇ ਉੱਚ ਵਰਗ ਦੇ ਜਾਤੀ ਅਭਿਮਾਨ ਅਤੇ ਹੰਕਾਰ ਨੂੰ ਸੱਟ ਮਾਰੀ। ਜੋ ਸਮਾਜ ਵਿੱਚੋਂ ਸ਼ੋਸ਼ਣ, ਛੂਆਛਾਤ, ਪਖੰਡਵਾਦ ਦਾ ਖਾਤਮਾ ਕਰਕੇ ਬਰਾਬਰਤਾ ਵਾਲਾ ਸਮਾਜ ਕਾਇਮ ਕਰਨਾ ਚਾਹੁੰਦੇ ਸਨ।
ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦਾ ਜਨਮ ਉਤਸਵ ਮਨਾਉਣ ਦਾ ਅਸਲੀ ਮੰਤਵ ਪੂਰਾ ਕਰਨ ਲਈ ਉਨ੍ਹਾਂ ਵੱਲੋਂ ਦਿੱਤੀਆਂ ਸਿੱਖਿਆਵਾਂ ਨੂੰ ਅਪਣਾ ਕੇ ਸਮਾਜ ‘ਚੋਂ ਪਖੰਡਵਾਦ ਨੂੰ ਦੂਰ ਕਰਕੇ ਦੁਨੀਆ ਵਿੱਚ ਬਰਾਬਰਤਾ ਵਾਲਾ ਸਮਾਜ ਉਸਾਰਨਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਵੱਲੋਂ ਦਰਸਾਇਆ ਬੇਗਮਪੁਰਾ ਦਾ ਸੁਫ਼ਨਾ ਪੂਰਾ ਹੋ ਸਕੇ।
ਉਨ੍ਹਾਂ ਕਿਹਾ ਕਿ ਸਮਾਜਿਕ ਕੁਰੀਤੀਆਂ ਦਾ ਵਿਰੋਧ ਕਰਨ ਲਈ ਦੁਨੀਆ ਵਿੱਚ ਸਮੇਂ-ਸਮੇਂ ‘ਤੇ ਮਨੁੱਖਤਾ ਦੇ ਰਹਿਬਰਾਂ ਨੇ ਜਨਮ ਲਿਆ ਹੈ ਅਤੇ ਸ੍ਰੀ ਗੁਰੂ ਰਵਿਦਾਸ ਜੀ ਨੇ ਉਸ ਵੇਲੇ ਫੈਲੀ ਊਚ-ਨੀਚ, ਜਾਤ-ਪਾਤ, ਕਰਮਕਾਂਡ, ਪਖੰਡਵਾਦ, ਧਾਰਮਿਕ ਕੱਟੜਤਾ ਆਦਿ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ। ਨਗਰ ਕੀਰਤਨ ਦੀ ਸਮਾਪਤੀ ਮੌਕੇ ਵਿਸ਼ੇਸ਼ ਅਰਦਾਸ ਹੋਈ, ਜਿੱਥੇ ਸੰਗਤਾਂ ਨੇ ਸਰਬੱਤ ਦੇ ਭਲੇ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।