ਨੈਸ਼ਨਲ ਟਾਈਮਜ਼ ਬਿਊਰੋ :- ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਪੰਜਾਬ ਤੋਂ 37 ਪ੍ਰਿੰਸੀਪਲਾਂ ਦਾ 7ਵਾਂ ਬੈਚ ਟ੍ਰੇਨਿੰਗ ਲਈ ਸਿੰਗਾਪੁਰ ਭੇਜਿਆ। ਇਨ੍ਹਾਂ ਅਧਿਆਪਕਾਂ ਨੂੰ 9 ਤੋਂ 15 ਮਾਰਚ ਤੱਕ ਸਿੰਗਾਪੁਰ ਵਿੱਚ ਟ੍ਰੇਨਿੰਗ ਦਿੱਤੀ ਜਾਵੇਗੀ। ਇਸ ਫੇਰੀ ਦੌਰਾਨ ਪ੍ਰਿੰਸੀਪਲ ਦੀ ਪੜ੍ਹਾਈ ਅਤੇ ਮੈਨੇਜਮੈਂਟ ਦੀਆਂ ਨਵੀਆਂ ਤਕਨੀਕਾਂ ਨੂੰ ਸਿੱਖਣ ਵਿੱਚ ਮਦਦ ਕੀਤੀ ਜਾਵੇਗੀ ਕਿਉਂਕਿ ਉੱਥੋਂ ਦੇ ਮਾਹਿਰਾਂ ਦੀ ਟੀਮ ਵੱਲੋਂ ਉਨ੍ਹਾਂ ਲਈ ਇੱਕ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਤਿਆਰ ਕੀਤਾ ਗਿਆ ਹੈ।ਪ੍ਰਿੰਸੀਪਲਾਂ ਦੀ ਚੋਣ ਲਈ ਵਿਭਾਗ ਨੇ ਚਾਹਵਾਨ ਪ੍ਰਿੰਸੀਪਲਾਂ ਤੋਂ ਬਿਨੈ ਪੱਤਰ ਮੰਗੇ ਸਨ। ਇਸ ਦੌਰਾਨ CM ਮਾਨ ਨੇ ਕਿਹਾ ਕਿ ਹੁਣ ਰੱਟਾ ਸਿਸਟਮ ਦਾ ਯੁੱਗ ਨਹੀਂ ਹੈ, ਕਿਉਂਕਿ ਪ੍ਰੈਕਟਿਕਲ ਨਾਲੇਜ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਸਿੱਖਿਆ ਵਿੱਚ ਵੱਡੀ ਤਬਦੀਲੀ ਆਈ ਹੈ।
ਇਸ ਤੋਂ ਪਹਿਲਾਂ ਜੁਲਾਈ 2023 ਵਿੱਚ 72 ਪ੍ਰਿੰਸੀਪਲਾਂ ਦੇ ਪਹਿਲੇ ਬੈਚ ਨੂੰ ਸਿਖਲਾਈ ਲਈ ਸਿੰਗਾਪੁਰ ਭੇਜਿਆ ਗਿਆ ਸੀ। ਵਿਭਾਗ ਮੁਤਾਬਕ ਸਿਖਲਾਈ ਦੌਰਾਨ ਇਨ੍ਹਾਂ ਪ੍ਰਿੰਸੀਪਲਾਂ ਨੂੰ ਵਿਦੇਸ਼ਾਂ ਵਿੱਚ ਪ੍ਰਚੱਲਤ ਆਧੁਨਿਕ ਅਧਿਆਪਨ ਹੁਨਰ ਨਾਲ ਲੈਸ ਕੀਤਾ ਜਾਵੇਗਾ। ਆਪਣੀ ਵਾਪਸੀ ਤੋਂ ਬਾਅਦ ਇਹ ਪ੍ਰਿੰਸੀਪਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਨਾਲ ਆਪਣੇ ਤਜ਼ਰਬੇ ਸਾਂਝੇ ਕਰਨਗੇ, ਤਾਂ ਜੋ ਅਧਿਆਪਕ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਵੇਂ ਯੁੱਗ ਤੋਂ ਜਾਣੂ ਕਰਵਾ ਸਕਣ।