ਭਾਜਪਾ ਵੱਲੋਂ ਪੰਜਾਬ ਸਰਕਾਰ ਦੇ 3 ਸਾਲ ਪੂਰੇ ਹੋਣ ‘ਤੇ ਵਿਰੋਧ ਪ੍ਰਦਰਸ਼ਨ

ਜ਼ੀਰਕਪੁਰ, 16 ਮਾਰਚ (ਗੁਰਪ੍ਰੀਤ ਸਿੰਘ): ਪੰਜਾਬ ਵਿੱਚ ਆਮ ਆਦਮੀ ਪਾਰਟੀ (AAP) ਦੀ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ‘ਤੇ ਭਾਰਤੀ ਜਨਤਾ ਪਾਰਟੀ (BJP) ਵੱਲੋਂ ਵੱਡੇ ਪੱਧਰ ‘ਤੇ ਵਿਰੋਧ ਪ੍ਰਦਰਸ਼ਨ ਕੀਤੇ ਗਏ। 150 ਥਾਵਾਂ ‘ਤੇ “ਨਾ ਵਿਕਾਸ, ਨਾ ਇਨਸਾਫ਼” ਦੇ ਨਾਅਰੇ ਲਗਾ ਕੇ ਮੂੰਹ ‘ਤੇ ਕਾਲੀ ਪੱਟੀ ਬੰਨ੍ਹ ਧਰਨਾ ਦਿੱਤਾ ਗਿਆ।

ਭਾਜਪਾ ਆਗੂਆਂ ਵੱਲੋਂ ਸਰਕਾਰ ‘ਤੇ ਚੁਣਾਵੀ ਵਾਅਦੇ ਪੂਰੇ ਨਾ ਕਰਨ ਦਾ ਇਲਜ਼ਾਮ ਲਗਾਏ ਜਾ ਰਹੇ ਹਨ ਜਿਸ ਦੇ ਤਹਿਤ ਹਲਕਾ ਡੇਰਾਬੱਸੀ ਦੇ ਆਗੂ ਅਤੇ ਸੂਬਾ ਸੱਕਤਰ ਸੰਜੀਵ ਖੰਨਾ ਦੀ ਅਗਵਾਈ ਹੇਠ ਢਕੋਲੀ ਖੇਤਰ ਵਿੱਚ ਮੂੰਹ ਤੇ ਕਾਲੀ ਪੱਟੀ ਬੰਨ੍ਹ ਸ਼ਾਂਤਮਈ ਧਰਨਾ ਪ੍ਰਦਰਸ਼ਨ ਕੀਤਾ ਗਿਆ।

ਸੰਜੀਵ ਖੰਨਾ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ 3 ਸਾਲਾਂ ਵਿੱਚ ਹਰ ਫਰੰਟ ‘ਤੇ ਅਸਫਲ ਰਹੀ ਹੈ। ਪਿਛਲੇ ਤਿੰਨ ਸਾਲ ਤੋਂ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ ਗੈਂਗਸਟਰ,, ਗੋਲੀਬਾਰੀ ਅਤੇ ਬੰਬ ਸੁੱਟਣ ਦੀਆਂ ਘਟਨਾਵਾਂ ਆਮ ਹੋ ਗਈਆਂ ਹਨ। ਜਿਸ ਕਾਰਨ ਲੋਕ ਅਸੁਰੱਖਿਅਤ ਮਹਿਸੂਸ ਕਰਨ ਲੱਗ ਪਏ ਹਨ।

ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪਣ ਤੋਂ ਬਾਅਦ, ਲੋਕ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ ਅਤੇ ਹੁਣ ਇਸ ਆਫ਼ਤ ਦੇ ਖਤਮ ਹੋਣ ਦੀ ਉਡੀਕ ਕਰ ਰਹੇ ਹਨ। ਇਸ ਮੌਕੇ ਸੰਜੀਵ ਖੰਨਾ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੀ ਗਰੰਟੀ ਪੂਰੀ ਨਹੀਂ ਹੋਈ ਜਦੋਂ ਕਿ ਭਾਜਪਾ ਨੇ ਦਿੱਲੀ ਵਿੱਚ 2500 ਰੁਪਏ ਵੀ ਦੇਣੇ ਸ਼ੁਰੂ ਕਰ ਦਿੱਤੇ ਹਨ।

ਤਿੰਨ ਮਹੀਨਿਆਂ ਵਿੱਚ ਨਸ਼ਾ ਖਤਮ ਕਰਨ ਦੀ ਗਰੰਟੀ ਪੂਰੀ ਨਹੀਂ ਹੋਈ ਤੇ ਹੁਣ ਪੀ.ਆਰ ਐਕਸਰਸਾਈਜ਼ ਤਹਿਤ ਸਰਕਾਰ ਡਰਾਮੇਬਾਜ਼ੀ ਕਰ ਰਹੀ ਹੈ। ਸਾਰਿਆਂ ਨੂੰ 24 ਘੰਟੇ ਬਿਜਲੀ ਦੇਣ ਦੀ ਗਰੰਟੀ ਵਪਾਰੀਆਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੀ ਪੂਰਤੀ ਨਹੀਂ ਕੀਤੀ ਗਈ।ਸਾਰੀਆਂ ਫਸਲਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦਣ ਦੀ ਗਰੰਟੀ ਪੂਰੀ ਨਹੀਂ ਹੋਈ।

ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਦਾ ਵਾਅਦਾ ਪੂਰਾ ਨਹੀਂ ਹੋਇਆ। ਰੇਤ ਮਾਫੀਆ ਨੂੰ ਖਤਮ ਕਰਨ ਦਾ ਵਾਅਦਾ ਪੂਰਾ ਨਹੀਂ ਹੋਇਆ। ਨਵੀਆਂ ਨੌਕਰੀਆਂ ਦੇਣ ਅਤੇ ਅਸਥਾਈ ਕਰਮਚਾਰੀਆਂ ਨੂੰ ਸਥਾਈ ਕਰਨ ਦਾ ਵਾਅਦਾ ਪੂਰਾ ਨਹੀਂ ਕੀਤਾ ਗਿਆ। 6000 ਆਮ ਆਦਮੀ ਕਲੀਨਿਕ ਖੋਲ੍ਹਣ ਦਾ ਵਾਅਦਾ ਪੂਰਾ ਨਹੀਂ ਕੀਤਾ ਗਿਆ, ਹੁਣ ਤੱਕ ਤਿੰਨ ਸਾਲਾਂ ਵਿੱਚ ਸਿਰਫ਼ 881 ਹੀ ਖੋਲ੍ਹੇ ਜਾ ਸਕੇ ਅਤੇ ਉਹ ਵੀ ਕੇਂਦਰ ਸਰਕਾਰ ਦੇ ਪੈਸੇ ਦੀ ਦੁਰਵਰਤੋਂ ਕਰਕੇ।

ਭ੍ਰਿਸ਼ਟਾਚਾਰ ਖਤਮ ਕਰਨ ਦੀ ਗਰੰਟੀ ਪੂਰੀ ਨਹੀਂ ਹੋਈ। ਅਸਥਾਈ ਸਫਾਈ ਕਰਮਚਾਰੀਆਂ ਨੂੰ ਸਥਾਈ ਕਰਨ ਦਾ ਵਾਅਦਾ ਪੂਰਾ ਨਹੀਂ ਕੀਤਾ ਗਿਆ ਅਤੇ ਸਰਕਾਰ ਨੇ ਸਾਰੇ ਸੀਵਰਮੈਨਾਂ ਨੂੰ ਸਫਾਈ ਕਿੱਟਾਂ ਪ੍ਰਦਾਨ ਕਰਨ ਦਾ ਵਾਅਦਾ ਪੂਰਾ ਨਹੀਂ ਕੀਤਾ ਗਿਆ।

By Gurpreet Singh

Leave a Reply

Your email address will not be published. Required fields are marked *