ਅਬੋਹਰ – ਸ਼ਹਿਰ ’ਚ ਇਕ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇਕ ਮੋਟਰਸਾਈਕਲ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੀ ਕੰਡਿਆਲੀ ਤਾਰ ਨਾਲ ਟਕਰਾ ਗਿਆ। ਇਸ ਹਾਦਸੇ ’ਚ ਮੋਟਰਸਾਈਕਲ ਸਵਾਰ ਦੋਵੇਂ ਵਿਦਿਆਰਥੀ ਗੰਭੀਰ ਜ਼ਖਮੀ ਹੋ ਗਏ।
ਹਾਦਸਾ ਹੁੰਦੇ ਹੀ ਆਸ-ਪਾਸ ਦੇ ਲੋਕਾਂ ਨੇ ਤੁਰੰਤ 108 ਐਂਬੂਲੈਂਸ ਨੂੰ ਫ਼ੋਨ ਕਰ ਕੇ ਸੂਚਿਤ ਕੀਤਾ ਤੇ ਸੂਚਨਾ ਮਿਲਣ ‘ਤੇ ਜ਼ਖਮੀ ਵਿਦਿਆਰਥੀਆਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ।
ਜਾਣਕਾਰੀ ਅਨੁਸਾਰ ਪਿੰਡ ਡੰਗਰਖੇੜਾ ਦੇ ਦੋ ਵਿਦਿਆਰਥੀ ਆਸ਼ੀਸ਼ ਅਤੇ ਰਾਹੁਲ, ਪਿੰਡ ਬਜੀਤਪੁਰ ਕਟਿਆਂਵਾਲੀ ਦੇ ਸਕੂਲ ’ਚ 10ਵੀਂ ਜਮਾਤ ਦੀ ਪ੍ਰੀਖਿਆ ਦੇਣ ਤੋਂ ਬਾਅਦ ਮੋਟਰਸਾਈਕਲ ’ਤੇ ਘਰ ਪਰਤ ਰਹੇ ਸਨ। ਪਿੰਡ ਦੇ ਨੇੜੇ ਉਨ੍ਹਾਂ ਦੇ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਤੇ ਉਹ ਜਾ ਕੇ ਸੜਕ ਕੰਡੇ ਲੱਗੀ ਕੰਡਿਆਲੀ ਤਾਰ ‘ਚ ਜਾ ਵੱਜੇ, ਜਿਸ ਕਾਰਨ ਦੋਵੇਂ ਜ਼ਖ਼ਮੀ ਹੋ ਗਏ।
ਰਾਹੁਲ ਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਰ ਕੇ ਉਸ ਨੂੰ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ, ਜਦਕਿ ਆਸ਼ੀਸ਼ ਦਾ ਇਲਾਜ ਸਥਾਨਕ ਹਸਪਤਾਲ ’ਚ ਚੱਲ ਰਿਹਾ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦੋਵੇਂ ਵਿਦਿਆਰਥੀ ਪ੍ਰੀਖਿਆ ਦੇਣ ਤੋਂ ਬਾਅਦ ਘਰ ਵਾਪਸ ਆ ਰਹੇ ਸਨ ਕਿ ਰਸਤੇ ‘ਚ ਹੀ ਇਹ ਹਾਦਸਾ ਵਾਪਰ ਗਿਆ।
