ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਨੇ IAS ਰਵੀ ਭਗਤ ਨੂੰ ਮੁੱਖ ਮੰਤਰੀ ਪੰਜਾਬ ਦਾ ਪ੍ਰਿੰਸੀਪਲ ਸਕੱਤਰ ਨਿਯੁਕਤ ਕਰਨ ਦਾ ਫ਼ੈਸਲਾ ਲਿਆ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਮੁਤਾਬਕ, 2006 ਬੈਚ ਦੇ ਆਈਏਐਸ ਅਧਿਕਾਰੀ ਰਵੀ ਭਗਤ, ਜੋ ਪਹਿਲਾਂ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਿੰਸੀਪਲ ਸਕੱਤਰ ਵਜੋਂ ਕੰਮ ਕਰ ਰਹੇ ਸਨ, ਹੁਣ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਦੇ ਤੌਰ ‘ਤੇ ਆਪਣੇ ਨਵੇਂ ਅਹੁਦੇ ਦੀ ਜ਼ਿੰਮੇਵਾਰੀ ਨਿਭਾਉਣਗੇ।
ਰਵੀ ਭਗਤ ਲੋਕ ਨਿਰਮਾਣ ਵਿਭਾਗ (ਇਮਾਰਤਾਂ ਅਤੇ ਸੜਕਾਂ) ਦੇ ਪ੍ਰਸ਼ਾਸਕੀ ਸਕੱਤਰ ਅਤੇ ਪੰਜਾਬ ਪੇਂਡੂ ਵਿਕਾਸ ਬੋਰਡ ਦੇ ਸਕੱਤਰ ਵਜੋਂ ਵੀ ਆਪਣੀ ਸੇਵਾਵਾਂ ਜਾਰੀ ਰੱਖਣਗੇ।ਇਸ ਤੋਂ ਪਹਿਲਾਂ, ਆਈਏਐਸ ਵੀ.ਕੇ. ਸਿੰਘ ਦੀ ਸੇਵਾਮੁਕਤੀ ਤੋਂ ਬਾਅਦ, ਰਵੀ ਭਗਤ ਨੂੰ ਵਾਧੂ ਚਾਰਜ ਦਿੱਤਾ ਗਿਆ ਸੀ। ਹੁਣ ਉਨ੍ਹਾਂ ਦੀ ਨਿਯੁਕਤੀ ਮੁਕੰਮਲ ਤੌਰ ‘ਤੇ ਕਰ ਦਿੱਤੀ ਗਈ ਹੈ।
