ਚੰਡੀਗੜ੍ਹ, 24 ਮਾਰਚ (ਗੁਰਪ੍ਰੀਤ ਸਿੰਘ): ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਦੇ ਸੂਬਾ ਸਕੱਤਰ ਜਗਜੀਤ ਸਿੰਘ ਛੜਬੜ ਨੇ ਆਪ ਸਰਕਾਰ ਦੀ ਤੀਖੀ ਆਲੋਚਨਾ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਭਾਜਪਾ ਦੀ ਕਠਪੁਤਲੀ ਬਣ ਕੇ ਕਿਸਾਨ ਆਗੂਆਂ ਤੇ ਧਰਨੇ ‘ਤੇ ਬੈਠੇ ਕਿਸਾਨਾਂ ਨੂੰ ਜ਼ਬਰਦਸਤੀ ਗ੍ਰਿਫ਼ਤਾਰ ਕਰਕੇ ਵੱਡਾ ਵਿਸ਼ਵਾਸਘਾਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਡਿਕਟੇਟਰਸ਼ਿਪ ਵਾਲੀ ਨੀਤੀ ਬਹੁਤ ਨਿੰਦਣਯੋਗ ਹੈ, ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਛੜਬੜ ਨੇ ਦਾਅਵਾ ਕੀਤਾ ਕਿ ਪੰਜਾਬ ਦੀ ਜਨਤਾ 2027 ਦੀਆਂ ਚੋਣਾਂ ‘ਚ ਇਸ ਗੱਲ ਦਾ ਉਚਿਤ ਜਵਾਬ ਦੇਵੇਗੀ। ਉਨ੍ਹਾਂ ਕਿਹਾ ਕਿ ਬਸਪਾ ਕਿਸਾਨਾਂ ਦੇ ਹੱਕ ਵਿੱਚ ਚਟਾਨ ਵਾਂਗ ਖੜ੍ਹੀ ਹੈ ਅਤੇ ਹਮੇਸ਼ਾ ਕਿਸਾਨਾਂ ਦੀ ਆਵਾਜ਼ ਬੁਲੰਦ ਕਰਦੀ ਰਹੇਗੀ।
ਬਸਪਾ ਆਗੂ ਨੇ ਮਾਨ ਸਰਕਾਰ ‘ਤੇ ਲੋਕਤੰਤਰਕ ਹੱਕਾਂ ਦੀ ਉਲੰਘਣਾ ਕਰਨ ਦੇ ਦੋਸ਼ ਲਾਉਂਦੇ ਹੋਏ ਕਿਹਾ ਕਿ ਇਸ ਜ਼ਬਰਦਸਤੀ ਕਾਰਵਾਈ ਨੂੰ ਪੰਜਾਬ ਦੇ ਕਿਸਾਨ ਕਦੇ ਨਹੀਂ ਭੁੱਲਣਗੇ। ਉਨ੍ਹਾਂ ਨੇ ਸੰਕਲਪ ਲਿਆ ਕਿ ਬਸਪਾ ਭਵਿੱਖ ‘ਚ ਵੀ ਕਿਸਾਨਾਂ ਦੀ ਲੜਾਈ ਲੜੇਗੀ ਅਤੇ ਉਨ੍ਹਾਂ ਦੇ ਹੱਕ ‘ਚ ਹਮੇਸ਼ਾ ਆਵਾਜ਼ ਉਠਾਈ ਜਾਵੇਗੀ।
