ਨੈਸ਼ਨਲ ਟਾਈਮਜ਼ ਬਿਊਰੋ :- ਰਾਂਚੀ ਵਿੱਚ ਭਾਜਪਾ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਨਿਲ ਟਾਈਗਰ ਦੀ ਦਿਨ-ਦਿਹਾੜੇ ਹੋਈ ਹੱਤਿਆ ਦੇ ਵਿਰੋਧ ਵਿੱਚ ਅੱਜ ਵੀਰਵਾਰ ਨੂੰ ਭਾਜਪਾ ਅਤੇ ਆਲ ਝਾਰਖੰਡ ਸਟੂਡੈਂਟਸ ਯੂਨੀਅਨ (ਏਜੇਐੱਸਯੂ) ਨੇ ਰਾਂਚੀ ਬੰਦ ਦਾ ਐਲਾਨ ਕੀਤਾ ਹੈ। ਬੀਜੇਪੀ ਨੇ ਇਸ ਹਮਲੇ ਨੂੰ ਲੈ ਕੇ ਸੋਰੇਨ ਸਰਕਾਰ ਨੂੰ ਘੇਰਣ ਦੀ ਤਿਆਰੀ ਕਰ ਲਈ ਹੈ ਅਤੇ ਰਾਜ ਵਿੱਚ “ਵਿਗੜਦੀ” ਕਾਨੂੰਨ-ਵਿਵਸਥਾ ਦੇ ਖ਼ਿਲਾਫ਼ ਵਿਰੋਧ-ਪ੍ਰਦਰਸ਼ਨ ਕਰਨ ਦੀ ਯੋਜਨਾ ਬਣਾਈ ਹੈ।ਭਾਜਪਾ ਆਗੂ ਬਾਬੂਲਾਲ ਮਰਾਂਡੀ ਨੇ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਰਾਜ ਵਿੱਚ ਕਾਨੂੰਨ-ਵਿਵਸਥਾ ਢਹਿ ਚੁੱਕੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਪਰਾਧੀ ਬਿਨਾਂ ਕਿਸੇ ਡਰ-ਭੈ ਦੇ ਲੋਕਾਂ ਨੂੰ ਨਿਸ਼ਾਨਾ ਬਣਾ ਰਹੇ ਹਨ। ਉਨ੍ਹਾਂ ਕਿਹਾ, “ਅਨਿਲ ਟਾਈਗਰ ਦੀ ਹੱਤਿਆ ਨੇ ਸਾਬਤ ਕਰ ਦਿੱਤਾ ਹੈ ਕਿ ਇਹ ਸਰਕਾਰ ਲੋਕਾਂ ਦੀ ਸੁਰੱਖਿਆ ਦੇਣ ਵਿੱਚ ਨਾਕਾਮ ਰਹੀ ਹੈ।”
ਪੁਲਿਸ ਨੇ ਕਾਰਵਾਈ ਕਰਦਿਆਂ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਹਮਲੇ ਵਿੱਚ ਵਰਤੀ ਗਈ ਬਾਈਕ ਵੀ ਬਰਾਮਦ ਕਰ ਲਈ ਹੈ। ਝਾਰਖੰਡ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਅਨੁਰਾਗ ਗੁਪਤਾ ਨੇ ਕਿਹਾ, “ਇਹ ਇੱਕ ਮੰਦਭਾਗੀ ਘਟਨਾ ਹੈ, ਕਾਤਲਾਂ ਨੂੰ ਜਲਦੀ ਫੜ ਲਿਆ ਜਾਵੇਗਾ।”ਅਨਿਲ ਟਾਈਗਰ ਦੀ ਹੱਤਿਆ ਤੋਂ ਬਾਅਦ, ਰਾਂਚੀ ਵਿੱਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਭਾਜਪਾ ਅਤੇ ਏਜੇਐੱਸਯੂ ਨੇ ਵਪਾਰੀਆਂ, ਆਮ ਨਾਗਰਿਕਾਂ ਅਤੇ ਹੋਰ ਪਾਰਟੀਆਂ ਨੂੰ ਰਾਂਚੀ ਬੰਦ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਹੈ। ਉੱਥੇ ਹੀ, ਰਾਜ ਸਰਕਾਰ ਨੇ ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਣ ਲਈ ਪੁਲਿਸ ਅਤੇ ਪ੍ਰਸ਼ਾਸਨ ਨੂੰ ਅਲਰਟ ਰਹਿਣ ਦੇ ਹੁਕਮ ਦਿੱਤੇ ਹਨ।