ਨੈਸ਼ਨਲ ਟਾਈਮਜ਼ ਬਿਊਰੋ :- ਜਲੰਧਰ ਦੇ ਮਸ਼ਹੂਰ ਪਾਦਰੀ ਬਜਿੰਦਰ ਸਿੰਘ ਨੂੰ 2018 ਵਿੱਚ ਜ਼ੀਰਕਪੁਰ ਦੀ ਇੱਕ ਔਰਤ ਨਾਲ ਸਰੀਰਕ ਸ਼ੋਸ਼ਣ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। 28 ਮਾਰਚ ਨੂੰ ਮੁਹਾਲੀ ਦੀ ਅਦਾਲਤ ਨੇ ਉਸ ਨੂੰ ਦੋਸ਼ੀ ਕਰਾਰ ਦਿੱਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ।
2018 ਵਿੱਚ ਇਕ 35 ਸਾਲਾ ਔਰਤ ਨੇ ਪਾਦਰੀ ‘ਤੇ ਯੌਨ ਸ਼ੋਸ਼ਣ ਦਾ ਦੋਸ਼ ਲਗਾਇਆ ਸੀ। ਪੀੜਤਾ ਨੇ ਦੱਸਿਆ ਕਿ ਪਾਸਟਰ ਨੇ ਮੁਹਾਲੀ ਸਥਿਤ ਆਪਣੇ ਘਰ ਜਾ ਕੇ ਉਸ ਨਾਲ ਜ਼ਬਰਦਸਤੀਆਂ ਕੀਤੀ ਅਤੇ ਬਲੈਕਮੇਲ ਕਰਨ ਦੀ ਧਮਕੀ ਦਿੱਤੀ। ਅਪ੍ਰੈਲ 2018 ਵਿੱਚ ਔਰਤ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ, ਜਿਸ ਤੋਂ ਬਾਅਦ ਬਜਿੰਦਰ ਸਿੰਘ ਫਰਾਰ ਹੋ ਗਿਆ ਸੀ। ਪਰ, ਬਾਅਦ ਵਿੱਚ ਉਸ ਨੂੰ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ, ਜਦੋਂ ਉਹ ਲੰਡਨ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ।
ਇਸ ਮਾਮਲੇ ਤੋਂ ਇਲਾਵਾ, ਜਲੰਧਰ ਦੀ ਇੱਕ 22 ਸਾਲਾ ਔਰਤ ਨੇ ਵੀ ਬਜਿੰਦਰ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਗਾਏ ਹਨ। ਇਹ ਮਾਮਲਾ ਵੀ ਹੁਣ ਕਾਨੂੰਨੀ ਪ੍ਰਕਿਰਿਆ ਵਿੱਚ ਹੈ। ਹਾਲ ਹੀ ਵਿੱਚ, ਇਕ ਵੀਡੀਓ ਵੀ ਵਾਇਰਲ ਹੋਈ ਸੀ, ਜਿਸ ਵਿੱਚ ਪਾਦਰੀ ਆਪਣੇ ਦਫ਼ਤਰ ਵਿੱਚ ਇੱਕ ਔਰਤ ਅਤੇ ਕਰਮਚਾਰੀਆਂ ਨਾਲ ਕੁੱਟਮਾਰ ਕਰਦੇ ਹੋਏ ਨਜ਼ਰ ਆਇਆ।
ਮੁਹਾਲੀ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੀੜਤਾ ਨੇ ਮੁੱਲਾਂਪੁਰ ਪੁਲਿਸ ਸਟੇਸ਼ਨ ਵਿੱਚ ਆਪਣੇ ਬਿਆਨ ਦਰਜ ਕਰਵਾਏ ਹਨ, ਜਿਸ ਦੇ ਆਧਾਰ ‘ਤੇ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕਾਰਵਾਈ ਕੀਤੀ ਹੈ। 2018 ਦੇ ਮਾਮਲੇ ਵਿੱਚ ਬਜਿੰਦਰ ਸਿੰਘ ਜ਼ਮਾਨਤ ‘ਤੇ ਬਾਹਰ ਸੀ, ਪਰ ਹੁਣ ਮੁਹਾਲੀ ਅਦਾਲਤ ਵੱਲੋਂ ਗੈਰ-ਜ਼ਮਾਨਤੀ ਵਾਰੰਟ ਜਾਰੀ ਹੋਣ ਕਾਰਣ ਉਸ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ।