ਡੇਰਾਬੱਸੀ, 3 ਅਪ੍ਰੈਲ (ਗੁਰਪ੍ਰੀਤ ਸਿੰਘ): ਨਸ਼ਿਆਂ ਵਿਰੁੱਧ ਲੜਾਈ ਤੇ ਵਿਧਾਇਕ ਰੰਧਾਵਾ ਦੀ ਸਖ਼ਤ ਚੇਤਾਵਨੀ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਡੇਰਾਬੱਸੀ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨਾਲ ਮੁਲਾਕਾਤ ਕਰਕੇ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦਾ ਜਾਇਜ਼ਾ ਲਿਆ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜੁਆਨਾਂ ਦਾ ਨਸ਼ਿਆਂ ਦੇ ਦਰਿਆ ਨੇ ਬਹੁਤ ਨੁਕਸਾਨ ਕੀਤਾ ਹੈ। ਹੁਣ ਸਮਾਂ ਆ ਗਿਆ ਹੈ ਕਿ ਨਸ਼ਿਆਂ ਦੀ ਰੋਕਥਾਮ ਲਈ ਅਤੇ ਪੰਜਾਬ ਦੀ ਨੌਜੁਆਨੀ ਨੂੰ ਬਚਾਉਣ ਲਈ ਆਰ-ਪਾਰ ਦੀ ਲੜਾਈ ਲੜੀ ਜਾਵੇ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਖੁਦ ਇਸ ਲੜਾਈ ਦੀ ਅਗਵਾਈ ਕਰਨ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅੱਜ ਸਮੁੱਚੇ ਪੰਜਾਬ ’ਚ ਨਸ਼ਾ ਤਸਕਰਾਂ ’ਤੇ ਹੋ ਰਹੀ ਮਿਸਾਲੀ ਕਾਰਵਾਈ ਨੇ ਸਮਗਲਰਾਂ ਨੂੰ ਥਰ-ਥਰ ਕੰਬਣ ਲਾ ਦਿੱਤਾ ਹੈ। ਸਰਕਾਰ ਵੱਲੋਂ ਦਿੱਤੇ ਸਖ਼ਤ ਨਿਰਦੇਸ਼ਾਂ ਤਹਿਤ ਜਿੱਥੇ ਸਮੱਗਲਰਾਂ ਖ਼ਿਲਾਫ਼ ਕਾਰਵਾਈ ਵਿੱਢੀ ਗਈ ਹੈ ਉੱਥੇ ਨਸ਼ਾ ਪੀੜਤ ਜੁਆਨੀ ਨੂੰ ਸਮਾਜ ਦੀ ਮੁੱਖ ਧਾਰਾ ’ਚ ਲਿਆਉਣ ਲਈ ਇਲਾਜ ਅਤੇ ਮੁੜ ਵਸੇਬੇ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।
ਐਮ ਐਲ ਏ ਕੁਲਜੀਤ ਸਿੰਘ ਨੇ ਰੰਧਾਵਾ ਇਸ ਮੌਕੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਆਖਿਆ ਕਿ ਉਨ੍ਹਾਂ ਦੇ ਦਫ਼ਤਰਾਂ ’ਚ ਆਪਣੀਆਂ ਮੁਸ਼ਕਿਲਾਂ ਲੈ ਕੇ ਆਉਣ ਵਾਲੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇੱਕ ਨੁਕਾਤੀ ਪ੍ਰੋਗਰਾਮ ਨਸ਼ਿਆਂ ਦਾ ਮੁਕੰਮਲ ਖਾਤਮਾ ਅਤੇ ਲੋਕਾਂ ਨੂੰ ਸਰਕਾਰੀ ਦਫ਼ਤਰਾਂ ’ਚ ਸੁਵਿਧਾ ਮੁਹੱਈਆ ਕਰਵਾਉਣਾ ਹੈ, ਇਸ ਲਈ ਸਰਕਾਰ ਦੀਆਂ ਪਹਿਲ ਕਦਮੀਆਂ ਅਤੇ ਲੋਕ ਹਿੱਤ ਸਕੀਮਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਅਤੇ ਜਾਣਕਾਰੀ ਦਿੱਤੀ ਜਾਵੇ।
ਇਸ ਮੌਕੇ ਸ਼ਾਮਿਲ ਅਧਿਕਾਰੀਆਂ ’ਚ ਐਸ ਡੀ ਐਮ ਡੇਰਾਬੱਸੀ ਅਮਿਤ ਗੁਪਤਾ, ਡੀ ਐਸ ਪੀ ਡੇਰਾਬੱਸੀ ਬਿਕਰਮ ਸਿੰਘ ਬਰਾੜ, ਡੀ ਐਸ ਪੀ ਜ਼ੀਰਕਪੁਰ ਜਸਪਿੰਦਰ ਸਿੰਘ ਗਿੱਲ ਅਤੇ ਬੀ ਡੀ ਪੀ ਓ ਡੇਰਾਬੱਸੀ ਗੁਰਪ੍ਰੀਤ ਸਿੰਘ ਮੌਜੂਦ ਸਨ।