ਮੀਂਹ ਦੀ ਚਿਤਾਵਨੀ ਬਾਵਜੂਦ ਵਧਿਆ ਤਾਪਮਾਨ, ਪਰ ਅੰਮ੍ਰਿਤਸਰ ‘ਚ ਠੰਡਕ ਦਾ ਅਹਿਸਾਸ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿੱਚ ਗਰਮੀ ਲਗਾਤਾਰ ਵੱਧ ਰਹੀ ਹੈ। ਵੀਰਵਾਰ ਨੂੰ ਚਿਤਾਵਨੀ ਤੋਂ ਬਾਅਦ ਵੀ ਕੋਈ ਮੀਂਹ ਨਹੀਂ ਪਿਆ। ਇਸ ਦੇ ਨਾਲ ਹੀ ਅੱਜ ਵੀ ਸੂਬੇ ਭਰ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪਟਿਆਲਾ ਜ਼ਿਲ੍ਹੇ ਵਿੱਚ ਵੀ ਗੜ੍ਹੇਮਾਰੀ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਇਸ ਦੇ ਬਾਵਜੂਦ ਰਾਜ ਵਿੱਚ ਤਾਪਮਾਨ ਵਧਦਾ ਹੀ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 0.7 ਡਿਗਰੀ ਦਾ ਵਾਧਾ ਹੋਇਆ ਹੈ।

ਰਾਜ ਵਿੱਚ ਤਾਪਮਾਨ ਆਮ ਨਾਲੋਂ 6.2 ਡਿਗਰੀ ਸੈਲਸੀਅਸ ਵੱਧ ਹੈ, ਜੋ ਕਿ ਬਹੁਤ ਹੀ ਅਸਾਧਾਰਨ ਮੰਨਿਆ ਜਾਂਦਾ ਹੈ। ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ ਦਰਜ ਕੀਤਾ ਗਿਆ, ਜਿੱਥੇ ਪਾਰਾ 42.8 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਸੂਬੇ ਦੇ ਹੋਰ ਸ਼ਹਿਰਾਂ ਵਿੱਚ ਵੀ ਗਰਮੀ ਦੀਆਂ ਲਹਿਰਾਂ ਨੇ ਜ਼ੋਰ ਫੜਿਆ, ਪਟਿਆਲਾ ਵਿੱਚ ਤਾਪਮਾਨ 39.5 ਡਿਗਰੀ ਸੈਲਸੀਅਸ, ਫਿਰੋਜ਼ਪੁਰ ਵਿੱਚ 39.0 ਡਿਗਰੀ ਸੈਲਸੀਅਸ ਅਤੇ ਲੁਧਿਆਣਾ ਵਿੱਚ 38.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਪੰਜਾਬ ਵਿੱਚ ਅੱਜ ਵੀ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਅਨੁਸਾਰ ਪੰਜਾਬ ਦੇ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਫਿਰੋਜ਼ਪੁਰ, ਮੁਕਤਸਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਐਸਏਐਸ ਨਗਰ, ਰੂਪਨਗਰ, ਫਤਿਹਗੜ੍ਹ ਸਾਹਿਬ, ਨਵਾਂਸ਼ਹਿਰ, ਲੁਧਿਆਣਾ, ਮੋਗਾ, ਬਰਨਾਲਾ, ਮਾਨਸਾ, ਬਠਿੰਡਾ ਅਤੇ ਮੁਕਤਸਰ ਸਾਹਿਬ ਵਿੱਚ ਤੇਜ਼ ਹਵਾਵਾਂ ਚੱਲਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪਟਿਆਲਾ ਵਿੱਚ ਮੀਂਹ, ਤੇਜ਼ ਹਵਾਵਾਂ ਅਤੇ ਗੜੇਮਾਰੀ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਫਾਜ਼ਿਲਕਾ ਅਤੇ ਸੰਗਰੂਰ ਵਿੱਚ ਮੀਂਹ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।ਵੀਰਵਾਰ ਨੂੰ ਉੱਤਰ ਪ੍ਰਦੇਸ਼, ਬਿਹਾਰ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਬੇਮੌਸਮੀ ਬਾਰਿਸ਼, ਗੜੇਮਾਰੀ ਅਤੇ ਬਿਜਲੀ ਡਿੱਗਣ ਕਾਰਨ 49 ਲੋਕਾਂ ਦੀ ਮੌਤ ਹੋ ਗਈ। ਯੂਪੀ ਵਿੱਚ 23, ਬਿਹਾਰ ਵਿੱਚ 25, ਜਦੋਂ ਕਿ ਹਰਿਆਣਾ ਦੇ ਰੇਵਾੜੀ ਵਿੱਚ ਇੱਕ ਵਿਅਕਤੀ ਦੀ ਮੌਤ ਹੋਈ। ਝਾਰਖੰਡ ਵਿੱਚ ਬਿਜਲੀ ਡਿੱਗਣ ਕਾਰਨ ਚਾਰ ਲੋਕ ਜ਼ਖਮੀ ਹੋ ਗਏ। ਇਸ ਦੌਰਾਨ, ਕੇਂਦਰੀ ਮੌਸਮ ਵਿਭਾਗ ਨੇ ਮੀਂਹ ਅਤੇ ਗਰਮੀ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ 12 ਅਪ੍ਰੈਲ ਤੱਕ ਕਈ ਰਾਜਾਂ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ।

By Gurpreet Singh

Leave a Reply

Your email address will not be published. Required fields are marked *