ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 52529 ਮੀਟ੍ਰਿਕ ਟਨ ਕਣਕ ਦੀ ਖਰੀਦ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 52529 ਮੀਟ੍ਰਿਕ ਟਨ ਕਣਕ ਦੀ ਖਰੀਦ

ਖਰੀਦੀ ਗਈ ਕਣਕ ਦੀ 114.52 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਚ ਕੀਤੀ ਗਈ

ਮੰਡੀਆਂ ਵਿੱਚੋਂ 67.1 ਫੀਸਦੀ ਕਣਕ ਦੀ ਲਿਫਟਿੰਗ ਹੋਈ
ਨੈਸ਼ਨਲ ਟਾਈਮਜ਼ ਬਿਊਰੋ :- ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਦੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਅਤੇ 52529 ਮੀਟ੍ਰਿਕ ਟਨ ਕਣਕ ਦੀ ਖਰੀਦੀ ਜਾ ਚੁੱਕੀ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮ ਮਿੱਤਲ ਨੇ ਦੱਸਿਆ ਕਿ ਕਿਸਾਨਾਂ ਨੂੰ ਕਣਕ ਦੀ ਅਦਾਇਗੀ ਦੇ 114.52 ਕਰੋੜ ਰੁਪਏ, ਹੁਣ ਤੱਕ ਉਨ੍ਹਾਂ ਦੇ ਖਾਤਿਆਂ ਵਿੱਚ ਪਾ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਤੈਅ ਸਮਾਂ ਸੀਮਾ (48 ਘੰਟੇ) ਤੋਂ ਪਹਿਲਾਂ ਹੀ ਕਿਸਾਨਾਂ ਦੇ ਖਾਤਿਆਂ ਵਿੱਚ ਕਣਕ ਦੀ ਅਦਾਇਗੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਿਸਾਨਾਂ ਦੀ ਕਣਕ ਦਾ ਦਾਣਾ-ਦਾਣਾ ਖਰੀਦਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਖ਼ਰਾਬ ਮੌਸਮ ਕਾਰਨ ਕਣਕ ਨੂੰ ਭਿੱਜਣ ਤੋਂ ਬਚਾਉਣ ਲਈ ਸਾਰੇ ਖਰੀਦ ਕੇਂਦਰਾਂ ਵਿੱਚ ਮਾਰਕੀਟ ਕਮੇਟੀਆਂ, ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਆੜ੍ਹਤੀਆਂ ਅਤੇ ਕਿਸਾਨਾਂ ਵੱਲੋਂ ਤਰਪਾਲਾਂ ਆਦਿ ਦੇ ਸੁਚੱਜੇ ਪ੍ਰਬੰਧ ਵੀ ਕੀਤੇ ਗਏ ਹਨ। ਜ਼ਿਲੇ ਦੀਆਂ ਮੰਡੀਆਂ ‘ਚ ਹੁਣ ਤੱਕ ਮੀਂਹ ਕਰਕੇ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ।


ਜ਼ਿਲੇ ਦੀਆਂ ਮੰਡੀਆਂ ‘ਚ ਹੁਣ ਤੱਕ ਹੋਈ ਏਜੰਸੀ ਵਾਰ ਖਰੀਦ ਦੇ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਨਗਰੇਨ ਵੱਲੋਂ 17663 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 12029 ਮੀਟ੍ਰਿਕ ਟਨ, ਪਨਸਪ ਵੱਲੋਂ 12180 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 6464 ਮੀਟ੍ਰਿਕ ਟਨ ਅਤੇ ਐਫ.ਸੀ.ਆਈ ਵੱਲੋਂ 4193 ਮੀਟ੍ਰਿਕ ਟਨ ਅਤੇ ਵਪਾਰੀ ਵਰਗ ਵੱਲੋਂ 58 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਡਾ. ਨਵਰੀਤ ਨੇ ਦੱਸਿਆ ਕਿ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕਣਕ ਦੀ ਲਿਫ਼ਟਿੰਗ ਮਿਥੇ ਸਮੇਂ (ਖਰੀਦ ਤੋਂ 72 ਘੰਟਿਆ ਦੇ ਵਿੱਚ) ਕੀਤੀ ਜਾ ਰਹੀ ਹੈ। ਐਫ.ਸੀ.ਆਈ. ਅਤੇ ਖਰੀਦ ਏਜੰਸੀਆਂ ਵੱਲੋਂ ਮੰਡੀਆਂ ਵਿੱਚੋਂ ਕਣਕ ਸਿੱਧੀ ਖਰੀਦ ਕੇ ਰੇਲਵੇ ਅਤੇ ਸੜ੍ਹਕੀ ਰਸਤੇ ਰਾਹੀਂ ਦੂਸਰੇ ਸੂਬਿਆਂ ਵਿੱਚ ਵੀ ਭੇਜੀ ਜਾ ਰਹੀ ਹੈ। ਮੰਡੀਆਂ ਵਿੱਚੋਂ ਤਕਰੀਬਨ 67.1 ਫੀਸਦੀ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਬਾਕੀ ਰਹਿੰਦੀ ਲਿਫਟਿੰਗ ਵੀ ਜਲਦ ਹੀ ਆਉਂਦੇ ਦਿਨਾਂ ਵਿੱਚ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਜਲਦੀ ਹੀ ਮੰਡੀਆਂ ਵਿਚੋਂ ਸਾਰੀ ਕਣਕ ਦੀ ਲਿਫਟਿੰਗ ਕਰਨ ਅਤੇ ਮੰਡੀਆਂ ਨੂੰ ਖਾਲੀ ਕਰਨ ਲਈ ਸਮੂਹ ਖਰੀਦ ਏਜੰਸੀਆਂ ਪੂਰੀ ਮਹਿਨਤ ਨਾਲ ਕੰਮ ਕਰ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਤੇ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਨੂੰ ਕਣਕ ਦੀ ਖਰੀਦ ਸੀਜ਼ਨ ਦੇ ਅਖੀਰ ਤੱਕ ਇਸੇ ਤਰ੍ਹਾਂ ਹੀ ਪ੍ਰਭਾਵਸ਼ਾਲੀ ਸੇਵਾਵਾਂ ਦਿੱਤੀਆਂ ਜਾਣਗੀਆਂ ਅਤੇ ਜ਼ਿਲ੍ਹੇ ਦੀ ਕਿਸੇ ਵੀ ਮੰਡੀ ਵਿੱਚ ਕਿਸਾਨਾਂ ਨੂੰ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।

By Gurpreet Singh

Leave a Reply

Your email address will not be published. Required fields are marked *