
ਨੈਸ਼ਨਲ ਟਾਈਮਜ਼ ਬਿਊਰੋ :- ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦੀ ਕਾਰਵਾਈ ਜੋਰਾਂ ’ਤੇ ਚੱਲ ਰਹੀ ਹੈ। ਇਸ ਵੋਟਰ ਸੂਚੀ ਵਿੱਚ ਯੋਗਤਾ ਮਿਤੀ 1 ਅਪ੍ਰੈਲ 2025 ਨਿਰਧਾਰਤ ਕੀਤੀ ਗਈ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 64-ਲੁਧਿਆਣਾ ਪੱਛਮੀ ਹਲਕੇ ਵਿੱਚ ਮੌਜੂਦਾ ਵੋਟਰਾਂ ਦੀ ਕੁੱਲ ਗਿਣਤੀ 1 ਲੱਖ 73 ਹਜ਼ਾਰ 71 ਹੈ। ਦਾਅਵੇ ਅਤੇ ਇਤਰਾਜ਼ 24 ਅਪ੍ਰੈਲ 2025 ਤੱਕ ਦਾਇਰ ਕੀਤੇ ਜਾ ਸਕਣਗੇ ਜਦਕਿ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 5 ਮਈ 2025 ਨੂੰ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਹਲਕੇ ਵਿੱਚ ਚੋਣ ਕਮਿਸ਼ਨ ਦੀ ਮਨਜ਼ੂਰੀ ਤੋਂ ਬਾਅਦ ਕੁੱਲ 192 ਪੋਲਿੰਗ ਸਟੇਸ਼ਨ ਬਣਾਏ ਗਏ ਹਨ ਜੋ ਸਾਰੇ ਸ਼ਹਿਰੀ ਖੇਤਰ ਵਿੱਚ ਸਥਿਤ ਹਨ। ਇਹ ਵੀ ਯਕੀਨੀ ਬਣਾਇਆ ਗਿਆ ਹੈ ਕਿ ਕਿਸੇ ਵੀ ਸਟੇਸ਼ਨ ‘ਤੇ ਵੋਟਰਾਂ ਦੀ ਗਿਣਤੀ 1200 ਤੋਂ ਵੱਧ ਨਾ ਹੋਵੇ ਤਾਂ ਜੋ ਚੋਣ ਦਿਨ ਸਹੂਲਤ ਅਤੇ ਪਹੁੰਚਯੋਗਤਾ ਬਣੀ ਰਹੇ। ਸਿਬਿਨ ਸੀ ਵੱਲੋਂ ਚੋਣ ਸਬੰਧੀ ਦਿਸ਼ਾ-ਨਿਰਦੇਸ਼ਾਂ ਅਤੇ ਵੋਟਰ ਸੂਚੀ ਬਾਰੇ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਵੀ ਕੀਤੀਆਂ ਗਈਆਂ ਹਨ।
ਮੁੱਖ ਚੋਣ ਅਧਿਕਾਰੀ ਨੇ ਇਹ ਵੀ ਕਿਹਾ ਕਿ ਕੁਝ ਪਾਰਟੀਆਂ ਵੱਲੋਂ ਆਪਣੇ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਕਰ ਦਿੱਤੀ ਗਈ ਹੈ ਜਦਕਿ ਹੋਰ ਪਾਰਟੀਆਂ ਨੂੰ ਵੀ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ੀ ਭਾਗੀਦਾਰੀ ਲਈ ਇਸ ਪਾਸੇ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਸਾਰੀਆਂ ਪਾਰਟੀਆਂ ਨੂੰ ਅਪੀਲ ਕੀਤੀ ਕਿ ਬੀਐਲਏਜ਼ ਰਾਹੀਂ ਵੋਟਰਾਂ ਦੀ ਮਦਦ ਕਰਨ ਅਤੇ ਸੋਧੀ ਪ੍ਰਕਿਰਿਆ ਵਿੱਚ ਉਨ੍ਹਾਂ ਦੀ ਸਹਾਇਤਾ ਕਰਨ ਲਈ ਅੱਗੇ ਆਉਣ।
ਸਿਬਿਨ ਸੀ ਨੇ ਇਹ ਵੀ ਵਾਜ਼ਿਹ ਕੀਤਾ ਕਿ ਮਤਦਾਤਾ ਦਾਅਵਿਆਂ ਜਾਂ ਇਤਰਾਜ਼ਾਂ ਸਬੰਧੀ ਜਾਰੀ ਹੋਏ ਹੁਕਮਾਂ ਖਿਲਾਫ 15 ਦਿਨਾਂ ਦੇ ਅੰਦਰ ਸੈਕਸ਼ਨ 22 ਜਾਂ 23 ਤਹਿਤ ਮੈਜਿਸਟਰੇਟ ਕੋਲ ਅਪੀਲ ਕਰ ਸਕਦੇ ਹਨ। ਜੇਕਰ ਕਿਸੇ ਦਾ ਨਾਂ ਅਣਜਾਣੇ ਤੌਰ ‘ਤੇ ਸੂਚੀ ‘ਚੋਂ ਰਹਿ ਗਿਆ ਹੋਵੇ ਤਾਂ ਉਸ ਦੀ ਸ਼ਮੂਲੀਅਤ ਲਈ ਵੀ ਅਪੀਲ ਕੀਤੀ ਜਾ ਸਕਦੀ ਹੈ ਅਤੇ ਲੋੜ ਪੈਣ ’ਤੇ ਇਹ ਮਾਮਲਾ ਮੁੱਖ ਚੋਣ ਅਧਿਕਾਰੀ ਤੱਕ ਲਿਜਾਇਆ ਜਾ ਸਕਦਾ ਹੈ।
ਦੂਜੀ ਵੱਲ, ਸਿਆਸੀ ਪਾਰਟੀਆਂ ਨੇ ਆਪਣਾ ਮੈਦਾਨ ਤੈਅ ਕਰਨਾ ਸ਼ੁਰੂ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਵੱਲੋਂ ਲੁਧਿਆਣਾ ਪੱਛਮੀ ਤੋਂ ਸੰਸਦ ਮੈਂਬਰ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਵਕੀਲ ਪਰਉਪਕਾਰ ਸਿੰਘ ਘੁੰਮਣ ਉੱਤੇ ਦਾਅਵ ਲਾਇਆ ਹੈ ਜੋ ਪੇਸ਼ੇ ਤੋਂ ਕਾਨੂੰਨੀ ਮਾਹਿਰ ਹਨ ਅਤੇ ਅਕਾਲੀ ਦਲ ਦੇ ਲੀਗਲ ਵਿੰਗ ਦੇ ਸਾਬਕਾ ਕੌਮੀ ਪ੍ਰਧਾਨ ਵੀ ਰਹਿ ਚੁੱਕੇ ਹਨ।
ਇਸਦੇ ਉਲਟ, ਕਾਂਗਰਸ ਨੇ ਭਾਰਤ ਭੂਸ਼ਣ ਆਸ਼ੂ ਨੂੰ ਜ਼ਿਮਨੀ ਚੋਣ ਲਈ ਮੈਦਾਨ ‘ਚ ਉਤਾਰਿਆ ਹੈ। ਪਾਰਟੀ ਹਾਈਕਮਾਨ ਵੱਲੋਂ ਇਸ ਸਬੰਧੀ ਰਸਮੀ ਪ੍ਰੈਸ ਨੋਟ ਜਾਰੀ ਕਰ ਦਿੱਤਾ ਗਿਆ ਹੈ। ਵਧਦੀਆਂ ਰਾਜਨੀਤਕ ਗਤੀਵਿਧੀਆਂ ਨੂੰ ਵੇਖਦਿਆਂ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਸੂਬੇ ਦੀ ਰਾਜਨੀਤਕ ਹਵਾਵਾਂ ਨੂੰ ਨਵਾਂ ਰੁਖ ਦੇ ਸਕਦੀ ਹੈ।