ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਵੀਰਵਾਰ ਨੂੰ ਰਾਸ਼ਟਰਪਤੀ ਭਵਨ ‘ਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਮੰਗਲਵਾਰ ਨੂੰ ਜੰਮੂ ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਹੋਈ ਹੈ, ਜਿਸ ‘ਚ 26 ਲੋਕਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਨ੍ਹਾਂ ‘ਚ ਜ਼ਿਆਦਾਤਰ ਸੈਲਾਨੀ ਸਨ ਅਤੇ ਇਕ ਨੇਪਾਲੀ ਨਾਗਰਿਕ ਵੀ ਸ਼ਾਮਲ ਸੀ।
ਰਾਸ਼ਟਰਪਤੀ ਦਫ਼ਤਰ ਨੇ ‘ਐਕਸ’ ‘ਤੇ ਇਕ ਪੋਸਟ ‘ਚ ਬੈਠਕ ਦੀ ਤਸਵੀਰ ਸਾਂਝੀ ਕਰਦੇ ਕਿਹਾ,”ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੇ ਰਾਸ਼ਟਰਪਤੀ ਭਵਨ ‘ਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ।” ਦੱਸਣਯੋਗ ਹੈ ਕਿ ਦੱਖਣੀ ਕਸ਼ਮੀਰ ਦੇ ਪਹਿਲਗਾਮ ‘ਚ ਮੰਗਲਵਾਰ ਦੁਪਹਿਰ ਨੂੰ ਹੋਏ ਇੱਕ ਅੱਤਵਾਦੀ ਹਮਲੇ ‘ਚ 26 ਲੋਕ ਮਾਰੇ ਗਏ, ਜਿਨ੍ਹਾਂ ‘ਚ ਜ਼ਿਆਦਾਤਰ ਸੈਲਾਨੀ ਸਨ। ਪਹਾੜਾਂ ਦੀ ਗੋਦ ‘ਚ ਵਸੇ ਇਸ ਸੁੰਦਰ ਸਥਾਨ ‘ਤੇ ਪਹੁੰਚਣ ਵਾਲੇ ਸੈਲਾਨੀਆਂ ਨੇ ਸ਼ਾਇਦ ਹੀ ਸੋਚਿਆ ਹੋਵੇਗਾ ਕਿ ਉਨ੍ਹਾਂ ਦੀਆਂ ਛੁੱਟੀਆਂ ਦੀਆਂ ਤਸਵੀਰਾਂ ਕਿਸੇ ਕਾਲੀਆਂ ਖ਼ਬਰਾਂ ਦੀਆਂ ਸੁਰਖੀਆਂ ‘ਚ ਬਦਲ ਜਾਣਗੀਆਂ। ਇਹ 2019 ‘ਚ ਹੋਏ ਪੁਲਵਾਮਾ ਹਮਲੇ ਤੋਂ ਬਾਅਦ ਕਸ਼ਮੀਰ ‘ਚ ਸਭ ਤੋਂ ਵੱਡਾ ਹਮਲਾ ਹੈ। ਪੁਲਵਾਮਾ ਹਮਲੇ ‘ਚ ਕੇਂਦਰੀ ਰਿਜ਼ਰਵ ਪੁਲਸ ਬਲ (CRPF) ਦੇ 40 ਜਵਾਨ ਸ਼ਹੀਦ ਹੋ ਗਏ ਸਨ।