ਸੁਲਤਾਨਪੁਰ ਲੋਧੀ -ਸੁਲਤਾਨਪੁਰ ਲੋਧੀ ਦੇ ਪਿੰਡ ਚੂਹੜਪੁਰ ਵਿਖੇ ਦੋ ਧੜਿਆਂ ’ਚ ਹਿੰਸਕ ਝੜਪ ਹੋਣ ਦੀ ਖ਼ਬਰ ਸਾਹਮਣੇ ਆਈ ਸੀ ਅਤੇ ਇਕ ਧੜੇ ਵੱਲੋਂ ਦੂਜੇ ਧੜੇ ’ਤੇ ਗੋਲ਼ੀ ਚਲਾਉਣ ਦੇ ਦੋਸ਼ ਲਾਏ ਜਾ ਰਹੇ ਸਨ। ਓਧਰ ਬੀਤੇ ਦਿਨ ਦੂਜੇ ਧੜੇ ਵੱਲੋਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਿਵਲ ਹਸਪਤਾਲ ਕਪੂਰਥਲਾ ’ਚ ਇਲਾਜ ਅਧੀਨ ਸ਼ੁਭਪ੍ਰੀਤ ਕੌਰ ਪੁੱਤਰੀ ਨਿਰਮਲ ਸਿੰਘ ਨੇ ਕਿਹਾ ਕਿ ਉਕਤ ਵਿਅਕਤੀਆਂ ਨੇ ਜੋ ਸਾਡੇ ’ਤੇ ਦੋਸ਼ ਲਾਏ ਹਨ, ਉਹ ਝੂਠੇ ਅਤੇ ਬੇੁਨਿਆਦ ਹਨ।

ਉਨ੍ਹਾਂ ਕਿਹਾ ਕਿ ਉਕਤ ਵਿਅਕਤੀਆਂ ਨੇ ਪਹਿਲਾਂ ਸਾਡੇ ’ਤੇ ਜਾਨਲੇਵਾ ਹਮਲਾ ਕੀਤਾ ਅਤੇ ਉਸ ਸਮੇਂ ਘਰ ’ਚ ਸਿਰਫ਼ ਅਸੀਂ ਔਰਤਾਂ ਹੀ ਮੌਜੂਦ ਸਨ। ਅਸੀਂ ਆਪਣੇ ਘਰ ਦਾ ਨਿਰਮਾਣ ਕਰਵਾ ਰਹੇ ਸੀ ਤਾਂ ਸਾਡੇ ਗੁਆਂਢੀ ਸਾਡੇ ਨਾਲ ਹਮੇਸ਼ਾ ਲੜਦੇ-ਝਗੜਦੇ ਰਹਿੰਦੇ ਹਨ। ਪਿੱਛੇ ਸਰਕਾਰੀ ਗਲੀ ਲੱਗਦੀ ਹੈ, ਉਥੇ ਉਨ੍ਹਾਂ ਵੱਲੋਂ ਗੇਟ ਲਾ ਕੇ ਕਬਜ਼ਾ ਕੀਤਾ ਜਾ ਰਿਹਾ ਹੈ। ਅਸੀਂ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਕਤ ਵਿਅਕਤੀਆਂ ਨੇ ਬਾਹਰੋਂ ਮੁੰਡੇ ਬੁਲਾ ਕੇ ਸਾਡੇ ’ਤੇ ਜਾਨਲੇਵਾ ਹਮਲਾ ਕਰ ਦਿੱਤਾ।

ਉਨ੍ਹਾਂ ਕਿਹਾ ਕਿ ਮੇਰੀ ਦਾਦੀ ਮਹਿੰਦਰ ਕੌਰ ਪਤਨੀ ਪ੍ਰੀਤਮ ਸਿੰਘ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੰਦੇ ਸਨ, ਜਿਸ ਕਾਰਨ ਉਨ੍ਹਾਂ ਨੂੰ ਅਸੀਂ ਦੋ ਦਿਨ ਪਹਿਲਾਂ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦਾਖ਼ਲ ਕਰਵਾਇਆ ਸੀ। ਬੀਤੇ ਦਿਨ ਸੁਲਤਾਨਪੁਰ ਲੋਧੀ ਦੇ ਡਾਕਟਰਾਂ ਨੇ ਉਸ ਦੀ ਹਾਲਤ ਨੂੰ ਗੰਭੀਰ ਵੇਖਦੇ ਹੋਏ ਉਸ ਨੂੰ ਕਪੂਰਥਲਾ ਦੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੇ ਸਰੀਰ ’ਤੇ ਵੀ ਸੱਟਾਂ ਦੇ ਨਿਸ਼ਾਨ ਹਨ।

ਇਸ ਮੌਕੇ ਸਿਵਲ ਹਸਪਤਾਲ ’ਚ ਇਲਾਜ ਅਧੀਨ ਜੋਤੀ ਪਤਨੀ ਰੰਗਾ ਸਿੰਘ ਨੇ ਦੱਸਿਆ ਕਿ ਦੂਜੀ ਧਿਰ ਸ਼ੁਭਪ੍ਰੀਤ ਕੌਰ ਨਾਲ ਕੁੱਟਮਾਰ ਕਰ ਰਹੇ ਸਨ ਤਾਂ ਉਸ ਨੂੰ ਮੈਂ ਛੁਡਾਉਣ ਗਈ ਤਾਂ ਉਕਤ ਵਿਅਕਤੀਆਂ ਨੇ ਮੇਰੇ ’ਤੇ ਵੀ ਜਾਨਲੇਵਾ ਹਮਲਾ ਕਰ ਦਿੱਤਾ, ਜਿਸ ਕਾਰਨ ਮੈਂ ਵੀ ਜ਼ਖ਼ਮੀ ਹੋ ਗਈ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕੀ ਉਕਤ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਸਾਨੂੰ ਇਨਸਾਫ਼ ਦਿਵਾਇਆ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਨਹੀਂ ਹੁੰਦਾ ਤਾਂ ਸਾਡੇ ਵੱਲੋਂ ਮਾਤਾ ਮਹਿੰਦਰ ਕੌਰ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ ਅਤੇ ਲੋੜ ਪੈਣ ’ਤੇ ਸਾਡੇ ਵੱਲੋਂ ਵੱਡੇ ਪੱਧਰ ’ਤੇ ਸੰਘਰਸ਼ ਵੀ ਕੀਤਾ ਜਾਵੇਗਾ। ਇਸ ਮੌਕੇ ਥਾਣਾ ਕਬੀਰਪੁਰ ਦੇ ਏ. ਐੱਸ. ਆਈ. ਸਤਵਿੰਦਰ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ। ਜੋ ਵੀ ਦੋਸ਼ੀ ਹੋਣਗੇ, ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।