ਚੰਡੀਗੜ੍ਹ (ਨੈਸ਼ਨਲ ਟਾਈਮਜ਼): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਖ-ਵੱਖ ਵਿਭਾਗਾਂ ਵਿੱਚ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰਾਂ ਦੀਆਂ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ। ਉਨ੍ਹਾਂ ਨੇ ਸਾਰੇ ਨਵ-ਨਿਯੁਕਤ ਅਧਿਕਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ‘ਰੰਗਲਾ ਪੰਜਾਬ’ ਟੀਮ ਵਿੱਚ ਉਨ੍ਹਾਂ ਦਾ ਸਵਾਗਤ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਸਾਰੇ ਨਵੇਂ ਨਿਯੁਕਤ ਮੈਂਬਰ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਅੱਗੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵਲੰਟੀਅਰਾਂ ਨੂੰ ਵੀ ਮਹੱਤਵਪੂਰਨ ਜ਼ਿੰਮੇਵਾਰੀਆਂ ਸੌਂਪੀਆਂ ਜਾਣਗੀਆਂ, ਤਾਂ ਜੋ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸਾਂਝੇ ਯਤਨ ਹੋਰ ਮਜ਼ਬੂਤ ਹੋ ਸਕਣ।


ਆਪਣੇ ਅਧਿਕਾਰਤ ਐਕਸ ਹੈਂਡਲ ’ਤੇ ਇੱਕ ਪੋਸਟ ਸਾਂਝੀ ਕਰਦਿਆਂ ਮੁੱਖ ਮੰਤਰੀ ਮਾਨ ਨੇ ਲਿਖਿਆ, “ਅੱਜ ਵੱਖ-ਵੱਖ ਵਿਭਾਗਾਂ ’ਚ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ ਨਿਯੁਕਤ ਕੀਤੇ ਗਏ। ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ। ‘ਰੰਗਲਾ ਪੰਜਾਬ’ ਟੀਮ ਵਿੱਚ ਤੁਹਾਡਾ ਸਵਾਗਤ ਹੈ। ਉਮੀਦ ਕਰਦੇ ਹਾਂ ਕਿ ਸਾਰੇ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਆਉਣ ਵਾਲ਼ੇ ਦਿਨਾਂ ’ਚ ਹੋਰ ਵਲੰਟੀਅਰਾਂ ਨੂੰ ਵੀ ਜ਼ਿੰਮੇਵਾਰੀਆਂ ਮਿਲਣਗੀਆਂ। ਪਿਆਰ ਅਤੇ ਵਿਸ਼ਵਾਸ ਬਣਾਈ ਰੱਖਿਓ।”
ਇਨ੍ਹਾਂ ਨਿਯੁਕਤੀਆਂ ਨੂੰ ਪੰਜਾਬ ਸਰਕਾਰ ਦੇ ‘ਰੰਗਲਾ ਪੰਜਾਬ’ ਵਿਜ਼ਨ ਦਾ ਹਿੱਸਾ ਮੰਨਿਆ ਜਾ ਰਿਹਾ ਹੈ, ਜਿਸ ਦਾ ਮਕਸਦ ਸੂਬੇ ਦੇ ਵਿਕਾਸ, ਸਮਾਜਿਕ ਭਲਾਈ ਅਤੇ ਪ੍ਰਸ਼ਾਸਨਿਕ ਕੁਸ਼ਲਤਾ ਨੂੰ ਹੁਲਾਰਾ ਦੇਣਾ ਹੈ। ਮੁੱਖ ਮੰਤਰੀ ਨੇ ਜਨਤਾ ਨੂੰ ਵਿਸ਼ਵਾਸ ਦਿਵਾਇਆ ਕਿ ਸਰਕਾਰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਲਈ ਵਚਨਬੱਧ ਹੈ, ਅਤੇ ਨਵੀਆਂ ਨਿਯੁਕਤੀਆਂ ਇਸ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹਨ।
