ਪੰਜਾਬ ’ਚ ਸਰਕਾਰੀ ਬੱਸ ਸੇਵਾਵਾਂ ’ਤੇ ਹੜਤਾਲ ਦਾ ਸੱਦਾ, 20 ਮਈ ਨੂੰ 2 ਘੰਟੇ ਰੋਸ ਪ੍ਰਦਰਸ਼ਨ

ਪੰਜਾਬ ’ਚ ਸਰਕਾਰੀ ਬੱਸ ਸੇਵਾਵਾਂ ’ਤੇ ਹੜਤਾਲ ਦਾ ਸੱਦਾ, 20 ਮਈ ਨੂੰ 2 ਘੰਟੇ ਰੋਸ ਪ੍ਰਦਰਸ਼ਨ

ਚੰਡੀਗੜ੍ਹ (ਨੈਸ਼ਨਲ ਟਾਈਮਜ਼): ਪੰਜਾਬ ਵਿੱਚ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਕਰਮਚਾਰੀਆਂ ਨੇ 20 ਮਈ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ 2 ਘੰਟੇ ਦੀ ਹੜਤਾਲ ਅਤੇ ਰੋਸ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ। ਇਹ ਹੜਤਾਲ ਵਰਕਸ਼ਾਪ ਕਰਮਚਾਰੀਆਂ ਦੀਆਂ ਬਕਾਇਆ ਤਨਖ਼ਾਹਾਂ ਜਾਰੀ ਨਾ ਕਰਨ ਦੇ ਵਿਰੋਧ ਵਜੋਂ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ 15 ਮਈ 2025 ਨੂੰ ਜਥੇਬੰਦੀ ਦੇ ਮੰਗ ਪੱਤਰ ਅਨੁਸਾਰ ਟਰਾਂਸਪੋਰਟ ਮੰਤਰੀ ਪੰਜਾਬ, ਸਟੇਟ ਟਰਾਂਸਪੋਰਟ ਸਕੱਤਰ, ਡਾਇਰੈਕਟਰ ਸਟੇਟ ਟਰਾਂਸਪੋਰਟ, ਮੈਨੇਜਿੰਗ ਡਾਇਰੈਕਟਰ ਪੀਆਰਟੀਸੀ ਅਤੇ ਹੋਰ ਉੱਚ ਅਧਿਕਾਰੀਆਂ ਨਾਲ ਮੀਟਿੰਗ ਹੋਈ ਸੀ। ਇਸ ਮੀਟਿੰਗ ’ਚ ਜਥੇਬੰਦੀ ਦੀਆਂ ਸਾਰੀਆਂ ਮੰਗਾਂ ’ਤੇ ਵਿਚਾਰ-ਚਰਚਾ ਹੋਈ ਅਤੇ ਟਰਾਂਸਪੋਰਟ ਮੰਤਰੀ ਸਮੇਤ ਅਧਿਕਾਰੀਆਂ ਨੇ ਮੰਗਾਂ ’ਤੇ ਸਹਿਮਤੀ ਜਤਾਈ। ਅਧਿਕਾਰੀਆਂ ਨੇ ਦੱਸਿਆ ਕਿ ਮੰਗਾਂ ਨੂੰ ਪੂਰਾ ਕਰਨ ਲਈ ਪਾਲਿਸੀ ਤਿਆਰ ਕਰਕੇ ਵਿੱਤ ਵਿਭਾਗ ਨੂੰ ਭੇਜੀ ਗਈ ਹੈ। ਵਿੱਤ ਵਿਭਾਗ ਨਾਲ ਅੱਜ 19 ਮਈ ਨੂੰ ਹੋਣ ਵਾਲੀ ਮੀਟਿੰਗ ਰੱਦ ਹੋ ਗਈ ਸੀ, ਪਰ ਹੁਣ ਦੁਪਹਿਰ ਬਾਅਦ ਟਰਾਂਸਪੋਰਟ ਵਿਭਾਗ ਅਤੇ ਪਰਸੋਨਲ ਵਿਭਾਗ ਦੀ ਮੀਟਿੰਗ ਹੋਣੀ ਹੈ, ਜਿਸ ਤੋਂ ਬਾਅਦ ਪਾਲਿਸੀ ਨਾਲ ਜੁੜੀ ਸਾਰੀ ਸਥਿਤੀ ਸਪੱਸ਼ਟ ਹੋ ਜਾਵੇਗੀ।
ਇਸ ਦੇ ਨਾਲ ਹੀ, ਪਹਿਲਾਂ 20 ਮਈ ਨੂੰ ਪ੍ਰਸਤਾਵਿਤ ਦੇਸ਼ ਵਿਆਪੀ ਹੜਤਾਲ ਨੂੰ ਮੁਲਤਵੀ ਕਰਕੇ ਹੁਣ 9 ਜੁਲਾਈ 2025 ਨੂੰ ਕਰਨ ਦਾ ਫੈਸਲਾ ਲਿਆ ਗਿਆ ਹੈ, ਜਿਸ ਨੂੰ ਜਥੇਬੰਦੀ ਵੱਲੋਂ ਸਮਰਥਨ ਦਿੱਤਾ ਜਾਵੇਗਾ। 20 ਮਈ ਨੂੰ ਜ਼ਿਲ੍ਹਾ ਪੱਧਰ ’ਤੇ ਡੀਸੀ ਦਫਤਰਾਂ ਅੱਗੇ ਧਰਨਿਆਂ ’ਚ ਵੀ ਸ਼ਮੂਲੀਅਤ ਕੀਤੀ ਜਾਵੇਗੀ।
ਜਥੇਬੰਦੀ ਨੇ 20, 21 ਅਤੇ 22 ਮਈ ਨੂੰ ਪਹਿਲਾਂ ਤੈਅ ਹੜਤਾਲ ਅਤੇ ਧਰਨਿਆਂ ਨੂੰ ਮੁਲਤਵੀ ਕਰ ਦਿੱਤਾ ਹੈ। ਇਹ ਫੈਸਲਾ ਟਰਾਂਸਪੋਰਟ ਵਿਭਾਗ ਦੇ ਸਕਾਰਾਤਮਕ ਰਵੱਈਏ ਅਤੇ 19 ਮਈ ਨੂੰ ਟਰਾਂਸਪੋਰਟ ਮੰਤਰੀ ਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਨਾਲ ਫੋਨ ’ਤੇ ਹੋਈ ਗੱਲਬਾਤ ਤੋਂ ਬਾਅਦ ਲਿਆ ਗਿਆ, ਜਿਸ ’ਚ ਮੰਤਰੀ ਨੇ ਜ਼ਿੰਮੇਵਾਰੀ ਚੁੱਕਣ ਦਾ ਭਰੋਸਾ ਦਿੱਤਾ।
ਹਾਲਾਂਕਿ, ਪਨਬੱਸ ਦੇ ਵਰਕਸ਼ਾਪ ਕਰਮਚਾਰੀਆਂ ਦੀਆਂ ਤਨਖ਼ਾਹਾਂ ਅਜੇ ਤੱਕ ਜਾਰੀ ਨਹੀਂ ਕੀਤੀਆਂ ਗਈਆਂ। ਜਥੇਬੰਦੀ ਨੇ ਚੇਤਾਵਨੀ ਦਿੱਤੀ ਹੈ ਕਿ ਜੇ 19 ਮਈ ਦੀ ਸ਼ਾਮ ਤੱਕ ਤਨਖ਼ਾਹਾਂ ਜਾਰੀ ਨਾ ਹੋਈਆਂ, ਤਾਂ 20 ਮਈ ਨੂੰ ਸੂਬੇ ਦੇ ਸਾਰੇ ਪੰਜਾਬ ਰੋਡਵੇਜ਼ ਅਤੇ ਪਨਬੱਸ ਡਿਪੂਆਂ ’ਚ 2 ਘੰਟੇ ਲਈ ਬੱਸ ਸਟੈਂਡ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਜੇ ਇਸ ਤੋਂ ਬਾਅਦ ਵੀ ਤਨਖ਼ਾਹਾਂ ਨਾ ਮਿਲੀਆਂ, ਤਾਂ 21 ਮਈ ਤੋਂ ਪਨਬੱਸ ਦੀਆਂ ਸੇਵਾਵਾਂ ਪੂਰੀ ਤਰ੍ਹਾਂ ਬੰਦ ਕਰਕੇ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।
ਇਸ ਹੜਤਾਲ ਕਾਰਨ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਅਸੁਵਿਧਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜਥੇਬੰਦੀ ਨੇ ਸਰਕਾਰ ਤੋਂ ਜਲਦ ਤੋਂ ਜਲਦ ਮੰਗਾਂ ਪੂਰੀਆਂ ਕਰਨ ਦੀ ਅਪੀਲ ਕੀਤੀ ਹੈ।

By Gurpreet Singh

Leave a Reply

Your email address will not be published. Required fields are marked *