ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਣ ਨੇ ਅੱਜ ਧੂਰੀ ਹਲਕੇ ਦੇ ਪਿੰਡ ਭੁੱਲਰਹੇੜੀ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਬੇਹੱਦ ਗਤੀ ਨਾਲ ਹੱਲ ਕਰਵਾਏ। ਲੋਕਾਂ ਨਾਲ ਰੂ-ਬਰੂ ਹੋ ਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਭਲੇ ਲਈ ਵਚਨਬੱਧ ਹੈ ਅਤੇ ਅਜਿਹੀਆਂ ‘ਲੋਕ ਮਿਲਣੀਆਂ’ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਧੂਰੀ ਹਲਕੇ ਵਿਚ COOPERATIVE BANK ਦੀ 99% ਕਰਜ਼ਾ ਰਿਕਵਰੀ ਇਕ ਇਤਿਹਾਸਕ ਕਾਮਯਾਬੀ ਹੈ, ਜਿਸ ਲਈ ਉਨ੍ਹਾਂ ਨੇ ਧੂਰੀ ਹਲਕੇ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਮਾਣ-ਸਨਮਾਨ ਵੀ ਦਿੱਤਾ। ਉਨ੍ਹਾਂ ਕਿਹਾ ਕਿ ਸੰਗਰੂਰ ਦੇ ਅਣਖੀ ਲੋਕ ਸਦਾ ਇਨਕਲਾਬੀ ਸੋਚ ਵਾਲੇ ਰਹੇ ਹਨ, ਜਿਨ੍ਹਾਂ ਨੇ ਪੰਜਾਬ ‘ਚ ਬਦਲਾਅ ਦੀ ਸ਼ੁਰੂਆਤ ਕੀਤੀ।
ਉਨ੍ਹਾਂ ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ COOPERATIVE ਸੁਸਾਇਟੀਆਂ ਦੀ ਅਹਿਮੀਅਤ ਨੂੰ ਘਟਾ ਦਿੱਤਾ ਗਿਆ ਸੀ, ਪਰ ਹੁਣ ਸਰਕਾਰ ਇਨ੍ਹਾਂ ਦਾ ਪੂਰਾ ਲਾਭ ਕਿਸਾਨਾਂ ਤੱਕ ਪਹੁੰਚਾਉਣ ਲਈ ਉਪਰਾਲੇ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਖੇਤੀ ਨੂੰ ਘਾਟੇ ਦਾ ਸੌਦਾ ਨਹੀਂ ਬਣਣ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਾਡਾ ਪਰਿਵਾਰ ਹੈ ਅਤੇ ਪਰਿਵਾਰ ਦੀ ਰਾਖੀ ਕਰਨਾ ਆਪਣੀ ਪਹਿਲੀ ਜ਼ਿੰਮੇਵਾਰੀ ਸਮਝਦੇ ਹਾਂ। ਉਨ੍ਹਾਂ ਕਿਹਾ ਕਿ ਪਾਣੀ ਦੀ ਰਾਖੀ ਲਈ ਨਹਿਰੀ ਸਿਸਟਮ ਨੂੰ ਠੀਕ ਕਰਕੇ ਡੈਮਾਂ ਦਾ ਪਾਣੀ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਾਇਆ ਜਾ ਰਿਹਾ ਹੈ।
ਇਸ ਮੌਕੇ ਉਨ੍ਹਾਂ ਨੇ ਪਿੰਡ ਭੁੱਲਰਹੇੜੀ ‘ਚ 6 ਕਰੋੜ 55 ਲੱਖ, ਭਲਵਾਨ ‘ਚ 4 ਕਰੋੜ 21 ਲੱਖ, ਧੂਰਾ ‘ਚ 1 ਕਰੋੜ 63 ਲੱਖ, ਭੱਦਲਵੱਡ ‘ਚ 1 ਕਰੋੜ 27 ਲੱਖ ਅਤੇ ਪਲਾਸੌਰ ‘ਚ 1 ਕਰੋੜ 95 ਲੱਖ ਰੁਪਏ ਦੀ ਲਾਗਤ ਨਾਲ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਮੁਕੰਮਲ ਹੋ ਚੁੱਕੇ ਕੰਮਾਂ ਦਾ ਉਦਘਾਟਨ ਵੀ ਕੀਤਾ।
ਸਿਰਫ ਇਤਨਾ ਹੀ ਨਹੀਂ, ਭਵਿੱਖੀ ਕੰਮਾਂ ਲਈ ਵੀ ਸਰਕਾਰ ਨੇ ਇਨ੍ਹਾਂ ਪੰਜ ਗ੍ਰਾਮ ਪੰਚਾਇਤਾਂ ਨੂੰ 15 ਕਰੋੜ 65 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ। ਮੁੱਖ ਮੰਤਰੀ ਨੇ ਸਾਫ ਕੀਤਾ ਕਿ ਆਮ ਲੋਕਾਂ ਦੀ ਸਰਕਾਰ, ਲੋਕਾਂ ਦੇ ਸੁਭਾਅ ਅਤੇ ਭਲਾਈ ਲਈ ਕੰਮ ਕਰ ਰਹੀ ਹੈ।
