ਚੌਕ ਮਹਿਤਾ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੱਜ ਸ਼੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ ਦਮਦਮੀ ਟਕਸਾਲ ਦੇ ਹੈੱਡਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਪਹੁੰਚ ਕੇ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨਾਲ ਇਕ ਵਿਸ਼ੇਸ਼ ਮੁਲਾਕਾਤ ਕੀਤੀ ਗਈ।
ਬੰਦ ਕਮਰਾ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਦੇ ਮੁਖ਼ਾਤਿਬ ਹੁੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਆਖਿਆ ਕਿ ਦਮਦਮੀ ਟਕਸਾਲ ਨੇ 6 ਜੂਨ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਘੱਲੂਘਾਰਾ ਦਿਵਸ ਮਨਾਉਣ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੌਮ ਦੇ ਨਾਮ ਸੰਦੇਸ਼ ਜਾਰੀ ਕਰਨ ਦਾ ਵਿਰੋਧ ਕਰਨ ਦੀ ਗੱਲ ਆਖੀ ਸੀ। ਇਸ ਮਾਮਲੇ ਸਬੰਧੀ ਅੱਜ ਚੰਗੇ ਮਹੌਲ ਵਿਚ ਗੱਲਬਾਤ ਹੋਈ ਹੈ ਅਤੇ ਇਸ ਨੂੰ ਪੂਰੀ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ ਅਤੇ ਮੈਨੂੰ ਪੂਰੀ ਆਸ ਹੈ ਕਿ ਇਕ ਦੋ ਦਿਨ ਵਿਚ ਇਸ ਮਸਲੇ ਦਾ ਸਾਰਥਿਕ ਹੱਲ ਵੀ ਕੱਢ ਲਿਆ ਜਾਵੇਗਾ।
ਇਸ ਸਮੇਂ ਸੰਤ ਬਾਬਾ ਹਰਨਾਮ ਸਿੰਘ ਖਾਲਸਾ ਨੇ ਆਖਿਆ ਕਿ ਗਿਆਨੀ ਕੁਲਦੀਪ ਸਿੰਘ ਗੜਗੱਜ ਸਰਬ ਪ੍ਰਵਾਣਿਤ ਨਹੀਂ ਹਨ। ਜੇਕਰ ਉਹ 6 ਜੂਨ ਨੂੰ ਕਿਸੇ ਤਰ੍ਹਾਂ ਦਾ ਸੰਦੇਸ਼ ਜਾਰੀ ਕਰਨ ਦੀ ਕੋਸ਼ਿਸ਼ ਕਰਦੇ ਹਨ ਤਾਂ ਪੰਜਾਬ ਦੇ ਕੋਨੇ-ਕੋਨੇ ਵਿਚੋਂ ਪਹੁੰਚੀ ਸੰਗਤ ਵਲੋ ਸਖ਼ਤ ਵਿਰੋਧ ਕੀਤਾ ਜਾਵੇਗਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਪ੍ਰਧਾਨ ਅਮਰਬੀਰ ਸਿੰਘ ਢੋਟ, ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਰਣਜੀਤ ਸਿੰਘ ਕਾਹਲੋਂ, ਜੋਧ ਸਿੰਘ ਸਮਰਾ, ਜੱਥੇ ਬਲਜੀਤ ਸਿੰਘ ਜਲਾਲਉਸਮਾ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਹਰਭਜਨ ਸਿੰਘ, ਹਰਸ਼ਦੀਪ ਸਿੰਘ ਰੰਧਾਵਾ ਤੇ ਡਾ. ਅਵਤਾਰ ਸਿੰਘ ਬੁੱਟਰ (ਦੋਵੇਂ ਮੈਂਬਰ ਚੀਫ ਖਾਲਸਾ ਦੀਵਾਨ) ਤੋਂ ਇਲਾਵਾ ਹੋਰ ਵੀ ਆਗੂ ਹਾਜ਼ਰ ਸਨ।
