ਜਲੰਧਰ – ਪੰਜਾਬ ‘ਚ ਅਤਿ ਦੀ ਗਰਮੀ ਝੱਲ ਰਹੇ ਪੰਜਾਬੀਆਂ ਨੂੰ ਹਲਕਾ ਮੀਂਹ ਪੈਣ ਕਾਰਨ ਗਰਮੀ ਤੋਂ ਰਾਹਤ ਮਿਲੀ ਹੈ। ਪੰਜਾਬ ਦੇ ਕਈ ਇਲਾਕਿਆਂ ‘ਚ ਪਏ ਮੀਂਹ ਕਾਰਨ ਤਾਪਮਾਨ ਹੇਠਾਂ ਡਿੱਗ ਗਿਆ ਹੈ, ਜਿਸ ਕਾਰਨ ਗਰਮੀ ਥੋੜ੍ਹੀ ਘੱਟ ਗਈ ਹੈ। ਪੰਜਾਬ ਵਾਸੀਆਂ ਲਈ ਇਕ ਹੋਰ ਖ਼ੁਸ਼ਖ਼ਬਰੀ ਹੈ। ਹੁਣ ਸੂਬੇ ‘ਚ ਜ਼ਿਆਦਾ ਗਰਮੀ ਪੈਣ ਦੀ ਸੰਭਾਵਨਾ ਘੱਟ ਹੀ ਦੱਸੀ ਜਾ ਰਹੀ ਹੈ ਕਿਉਂਕਿ ਅਗਲੇ ਕੁਝ ਦਿਨਾਂ ਤੱਕ ਪ੍ਰੀ-ਮਾਨਸੂਨ ਦੀ ਐਂਟਰੀ ਹੋਣ ਵਾਲੀ ਹੈ ਅਤੇ ਇਸ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ, ਜਿਸ ਤੋਂ ਬਾਅਦ ਗਰਮੀ ਘੱਟ ਜਾਵੇਗੀ।
ਪੰਜਾਬ ਦੇ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਆਉਣ ਵਾਲੇ ਦਿਨਾਂ ਵਿਚ ਸੂਬੇ ਵਿਚ ਜਿੱਥੇ ਤੇਜ਼ ਤੂਫ਼ਾਨ ਹਨ੍ਹੇਰੀ-ਝੱਖੜ ਦੀ ਭਵਿੱਖਬਾਣੀ ਕੀਤੀ ਗਈ ਹੈ, ਉਥੇ ਹੀ ਭਾਰੀ ਮੀਂਹ ਵੀ ਪਵੇਗਾ। ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 22 ਜੂਨ ਤੱਕ 16 ਜ਼ਿਲ੍ਹਿਆਂ ਲਈ ਬਾਰਿਸ਼ ਤੇਜ਼ ਤੂਫ਼ਾਨ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਜਾਣਕਾਰੀ ਮੁਤਾਬਕ 18 ਅਤੇ 19 ਜੂਨ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ, ਗੁਰਦਾਸਪੁਰ ਵਿਚ ਤੇਜ਼ ਤੂਫ਼ਾਨ ਦੇ ਨਾਲ ਬਿਜਲੀ ਗਰਜਣ ਅਤੇ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

20 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ ਵਿਚ ਭਾਰੀ ਮੀਂਹ ਪਵੇਗਾ। ਇਸੇ ਤਰ੍ਹਾਂ 21 ਤਾਰੀਖ਼ ਲਈ ਮੌਸਮ ਵਿਭਾਗ ਵੱਲੋਂ ਦਿੱਤੀ ਗਈ ਤਾਜ਼ਾ ਜਾਣਕਾਰੀ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਬਰਨਾਲਾ, ਸੰਗਰੂਰ, ਪਟਿਆਲਾ, ਮਾਨਸਾ ਵਿਚ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਸੇ ਤਰ੍ਹਾਂ 22 ਤਾਰੀਖ਼ ਨੂੰ ਵੀ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਬਰਨਾਲਾ, ਸੰਗਰੂਰ, ਪਟਿਆਲਾ, ਮਾਨਸਾ ਵਿਚ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਕਿਹਾ ਗਿਆ ਹੈ ਕਿ 30-40 ਕਿਲੋਮੀਟਰ ਦੀ ਤੇਜ਼ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ।
ਮੌਸਮ ਵਿਭਾਗ ਦੀ ਅਪੀਲ
ਜਿਨ੍ਹਾਂ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਦੀ ਚਿਤਾਵਨੀ ਹੈ, ਉੱਥੇ ਲੋਕ ਸਾਵਧਾਨੀਆਂ ਵਰਤਣ। ਤੇਜ਼ ਤੂਫ਼ਾਨ ਹਨ੍ਹੇਰੀ-ਝੱਖੜ ਦੌਰਾਨ ਲੋਕ ਘਰਾਂ ਬਾਹਰ ਨਿਕਲਣ ਤੋਂ ਗੁਰੇਜ਼ ਕਰਨ।