ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਸੂਬੇ ਵਿੱਚ ਉਦਯੋਗਿਕ ਖੇਤਰ ਦੀ ਮਜ਼ਬੂਤੀ ਲਈ ਕਈ ਅਹਿਮ ਫ਼ੈਸਲੇ ਲਏ ਜਾ ਰਹੇ ਹਨ ਅਤੇ ਲੀਜ਼ਹੋਲਡ ਪਲਾਟਾਂ ਨੂੰ ਫਰੀਹੋਲਡ ਵਿੱਚ ਬਦਲਣ ਲਈ ਨੀਤੀ ਲਿਆਉਣ ਸਬੰਧੀ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਜਲਦ ਹੀ ਇਹ ਨੀਤੀ ਲਿਆਂਦੀ ਜਾਵੇਗੀ। ਹਰਪਾਲ ਚੀਮਾ ਚੰਡੀਗੜ੍ਹ ਵਿੱਚ ਐੱਚਐੱਮਟੀ ਇੰਡਸਟਰੀਅਲ ਪਾਰਕ ਤੇ ਮਾਇਆ ਗਾਰਡਨ ਗਰੁੱਪ ਵੱਲੋਂ ਕਰਵਾਏ ਵਪਾਰ ਮੇਲੇ ਨੂੰ ਸੰਬੋਧਨ ਕਰ ਰਹੇ ਸਨ।
ਸ੍ਰੀ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਉਦਯੋਗਿਕ ਖੇਤਰ ਦੇ ਹਿੱਤ ਵਿੱਚ ਵੱਡਾ ਫ਼ੈਸਲਾ ਲੈਂਦਿਆਂ ਫਾਸਟ ਟਰੈਕ ਸਿੰਗਲ ਵਿੰਡੋ ਸਿਸਟਮ ਸਥਾਪਤ ਕੀਤਾ ਹੈ। ਇਸ ਨਾਲ ਉਦਯੋਗਾਂ ਦਾ ਕੰਮ-ਕਾਜ ਹੋਰ ਸੁਖਾਲਾ ਹੋ ਗਿਆ ਹੈ। ਇਸ ਪ੍ਰਣਾਲੀ ਨਾਲ ਜ਼ਰੂਰੀ ਪ੍ਰਾਜੈਕਟਾਂ ਨੂੰ ਪ੍ਰਵਾਨਗੀਆਂ 45 ਦਿਨਾਂ ਦੇ ਅੰਦਰ-ਅੰਦਰ ਦਿੱਤੀਆਂ ਜਾਣਗੀਆਂ, ਜੇਕਰ ਸਮਾਂ-ਸੀਮਾ ਦੇ ਅੰਦਰ ਪ੍ਰਵਾਨਗੀਆਂ ਨਹੀਂ ਦਿੱਤੀਆਂ ਜਾਂਦੀਆਂ ਤਾਂ ਇਸ ਨੂੰ ਖੁਦ-ਬ-ਖੁਦ ਪ੍ਰਵਾਨ ਹੋਇਆ ਸਮਝਿਆ ਜਾਵੇਗਾ ਅਤੇ ਇਸ ਲਈ ਸਬੰਧਤ ਅਧਿਕਾਰੀਆਂ ਦੀ ਜਵਾਬਦੇਹੀ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਰਜਿਸਟਰਡ ਸੇਲ ਡੀਡ ਜਾਰੀ ਕਰਨ ਲਈ ਰੰਗੀਨ ਕੋਡੇਡ ਸਟੈਂਪ ਪੇਪਰ ਵੀ ਲਾਗੂ ਕੀਤਾ ਹੈ, ਜਿਸ ਵਿੱਚ ਹੁਣ ਪਹਿਲਾਂ ਤੋਂ ਹੀ ਚੇਂਜ ਆਫ ਲੈਂਡ ਯੂਜ਼ (ਸੀਐੱਲਯੂ) ਪ੍ਰਵਾਨਗੀ ਸ਼ਾਮਲ ਹੈ। ਇਸ ਤਹਿਤ ਛੇ ਮੁੱਖ ਵਿਭਾਗਾਂ (ਮਾਲ, ਰਿਹਾਇਸ਼ ਤੇ ਸ਼ਹਿਰੀ ਵਿਕਾਸ, ਸਥਾਨਕ ਸਰਕਾਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਜੰਗਲਾਤ ਤੇ ਜੰਗਲੀ ਜੀਵ ਅਤੇ ਕਿਰਤ ਤੇ ਫੈਕਟਰੀਆਂ) ਵੱਲੋਂ ਅਗਾਊਂ ਮਨਜ਼ੂਰੀਆਂ ਦੀ ਪ੍ਰਕਿਰਿਆ ਸਿੰਗਲ ਵਿੰਡੋ ਸਿਸਟਮ ਰਾਹੀਂ ਤੈਅ ਸਮਾਂ-ਸੀਮਾ ਅੰਦਰ ਕੁਸ਼ਲ ਢੰਗ ਨਾਲ ਪੂਰੀ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਪੰਜਾਬ ਲਘੂ ਉਦਯੋਗ ਤੇ ਬਰਾਮਦ ਨਿਗਮ ਨੇ ਪਲਾਟਾਂ ਦੇ ਕਲੱਬਿੰਗ ਅਤੇ ਡੀ-ਕਲੱਬਿੰਗ ਲਈ ਇੱਕ ਵਿਆਪਕ ਨੀਤੀ ਨੂੰ ਪ੍ਰਵਾਨਗੀ ਦਿੱਤੀ ਹੈ।
ਲੀਜ਼ਹੋਲਡ ਪਲਾਟਾਂ ਨੂੰ ਫਰੀਹੋਲਡ ’ਚ ਬਦਲਣ ਲਈ ਜਲਦ ਬਣੇਗੀ ਨੀਤੀ: ਚੀਮਾ
