ਪੰਜਾਬ – ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਲਈ ਖੁਸ਼ਖਬਰੀ !

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਬੁੱਧਵਾਰ ਨੂੰ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਨੇ ਡੇਅਰੀ ਫਾਰਮਿੰਗ ਖੇਤਰ ਨੂੰ ਹੁਲਾਰਾ ਦਿੰਦਿਆਂ ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਨੂੰ ਅਹਿਮ ਵਿੱਤੀ ਸੁਰੱਖਿਆ ਪ੍ਰਦਾਨ ਕਰਨ ਅਤੇ ਉਨ੍ਹਾਂ ਦੀ ਰੋਜ਼ੀ-ਰੋਟੀ ਦੀ ਰਾਖੀ ਕਰਨ ਵਾਸਤੇ ਮਹਿਜ਼ ਇਕ ਸਾਲ ਦੌਰਾਨ ਸੂਬੇ ਭਰ ’ਚ 30,598 ਦੁਧਾਰੂ ਪਸ਼ੂਆਂ ਦਾ ਬੀਮਾ ਕਰਵਾ ਕੇ ਮੀਲ ਪੱਥਰ ਸਥਾਪਿਤ ਕੀਤਾ ਹੈ।

ਇੱਥੇ ਆਪਣੇ ਦਫ਼ਤਰ ਵਿਖੇ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਕਰਦਿਆਂ ਖੁੱਡੀਆਂ ਨੇ ਦੱਸਿਆ ਕਿ ਕੌਮੀ ਪਸ਼ੂਧਨ ਮਿਸ਼ਨ ਦੀ ਜ਼ੋਖਮ ਪ੍ਰਬੰਧਨ ਅਤੇ ਪਸ਼ੂਧਨ ਬੀਮਾ ਯੋਜਨਾ ਵੱਧ ਤੋਂ ਵੱਧ 70,000 ਰੁਪਏ ਪ੍ਰਤੀ ਪਸ਼ੂ ਕਲੇਮ ਸੀਮਾ ਦੇ ਨਾਲ ਜਨਰਲ ਵਰਗ ਦੇ ਕਿਸਾਨਾਂ ਲਈ 1120 ਰੁਪਏ ਅਤੇ ਅਨੁਸੂਚਿਤ ਜਾਤੀ/ਪੱਛੜੀ ਸ਼੍ਰੇਣੀ ਦੇ ਕਿਸਾਨਾਂ ਲਈ 672 ਰੁਪਏ ਦੀਆਂ ਸਲਾਨਾ ਪ੍ਰੀਮੀਅਮ ਦਰਾਂ ਦੀ ਪੇਸ਼ਕਸ਼ ਕਰਦੀ ਹੈ। ਪ੍ਰਭਾਵਿਤ ਡੇਅਰੀ ਕਿਸਾਨਾਂ ਨੂੰ ਮਹੱਤਵਪੂਰਨ ਵਿੱਤੀ ਸਹਾਇਤਾ ਪ੍ਰਦਾਨ ਕਰਦਿਆਂ ਹੁਣ ਤੱਕ 1056 ਕਿਸਾਨਾਂ ਨੂੰ 7.39 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ।

ਗੁਰਮੀਤ ਸਿੰਘ ਖੁੱਡੀਆਂ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਡੇਅਰੀ ਕਿਸਾਨਾਂ ਦੀ ਭਲਾਈ ਪ੍ਰਤੀ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨੌਜਵਾਨਾਂ ਨੂੰ ਡੇਅਰੀ ਫਾਰਮਿੰਗ ਬਾਰੇ ਸਰਗਰਮੀ ਨਾਲ ਜਾਗਰੂਕ ਕਰਨ ਤੇ ਉਨ੍ਹਾਂ ਨੂੰ ਵਿਭਾਗੀ ਸਕੀਮਾਂ ਬਾਰੇ ਜਾਣੂ ਕਰਵਾਉਣ ਤਾਂ ਜੋ ਜ਼ਮੀਨੀ ਪੱਧਰ ‘ਤੇ ਲੋਕ ਇਸ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ।

By Gurpreet Singh

Leave a Reply

Your email address will not be published. Required fields are marked *