ਨੈਸ਼ਨਲ ਟਾਈਮਜ਼ ਬਿਊਰੋ :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਦੌਰਾਨ ਕਿਹਾ ਕਿ ਐਮਰਜੈਂਸੀ ਵਿਰੁੱਧ ਲੜਨ ਵਾਲਿਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ‘ਚ ਐਤਵਾਰ ਨੂੰ ਉਨ੍ਹਾਂ ਨੇ ਐਮਰਜੈਂਸੀ ਦਾ ਵਿਰੋਧ ਕਰਨ ਵਾਲੇ ਪ੍ਰਮੁੱਖ ਆਗੂਆਂ ਦੀਆਂ ਟਿੱਪਣੀਆਂ ਸੁਣਾਈਆਂ ਤਾਂ ਜੋ ਉਦੋਂ ਲੋਕਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਉਸ ਵੇਲੇ ਦੇ ਕਾਂਗਰਸ ਸਰਕਾਰ ਨੂੰ ਨਿਸ਼ਾਨਾ ਬਣਾਇਆ ਜਾ ਸਕੇ।
ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਐਮਰਜੈਂਸੀ ਖ਼ਿਲਾਫ਼ 40 ਹਜ਼ਾਰ ਤੋਂ ਵੱਧ ਗ੍ਰਿਫ਼ਤਾਰੀਆਂ ਦੇਣ ਵਾਲੇ ਅਕਾਲੀ ਆਗੂਆਂ ਨੂੰ ਵੀ ਯਾਦ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ‘ਮਨ ਕੀ ਬਾਤ’ ‘ਚ ਮਰਹੂਮ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਹਰਚੰਦ ਸਿੰਘ ਲੌਂਗੋਵਾਲ ਨੂੰ ਵੀ ਯਾਦ ਕੀਤਾ। ਉਨ੍ਹਾਂ ਕਿਹਾ ਕਿ ਵਧੀਕੀਆਂ ਸਹਿਣ ਵਾਲਿਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਣਾ ਚਾਹੀਦਾ ਹੈ ਕਿਉਂਕਿ ਉਹ ਸਾਨੂੰ ਆਪਣੇ ਸੰਵਿਧਾਨ ਨੂੰ ਮਜ਼ਬੂਤ ਰੱਖਣ ਲਈ ਲਗਾਤਾਰ ਸੁਚੇਤ ਰਹਿਣ ਲਈ ਪ੍ਰੇਰਿਤ ਕਰਦੇ ਹਨ।
ਜਿਨ੍ਹਾਂ ਲੋਕਾਂ ਨੇ ਐਮਰਜੈਂਸੀ ਲਾਈ, ਉਨ੍ਹਾਂ ਨਾ ਸਿਰਫ਼ ਸਾਡੇ ਸੰਵਿਧਾਨ ਦੀ ਹੱਤਿਆ ਨਹੀਂ ਕੀਤੀ, ਸਗੋਂ ਨਿਆਂਪਾਲਿਕਾ ਨੂੰ ਆਪਣਾ ਗੁਲਾਮ ਬਣਾ ਕੇ ਰੱਖਣ ਦਾ ਇਰਾਦਾ ਵੀ ਦਰਸਾਇਆ। ਉਸ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਪਾਰਟੀ ਦਾ ਨਾਂ ਲਏ ਬਿਨਾਂ ਮੋਦੀ ਨੇ ਐਮਰਜੈਂਸੀ ਦੌਰਾਨ ਹੋਈਆਂ ਵਧੀਕੀਆਂ ਲਈ ਕਾਂਗਰਸ ਦੀ ਨਿੰਦਾ ਕੀਤੀ।