ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ SGPC ਖਿਲਾਫ ਹਾਈ ਕੋਰਟ ‘ਚ ਪਾਈ ਪਟੀਸ਼ਨ

ਨੈਸ਼ਨਲ ਟਾਈਮਜ਼ ਬਿਊਰੋ :- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ।
ਪਟੀਸ਼ਨ ਵਿੱਚ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC)’ਤੇ ਦੋਸ਼ ਲਗਾਇਆ ਹੈ ਕਿ ਰਾਜਨੀਤਿਕ ਟਕਰਾਅ ਕਾਰਨ ਉਨ੍ਹਾਂ ਨੂੰ ਮਾਰਚ 2025 ਵਿੱਚ ਜਥੇਦਾਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ ਅਤੇ ਮੌਜੂਦਾ ਅਹੁਦੇ ਦੀ ਮਰਿਆਦਾ ਖ਼ਤਰੇ ਵਿੱਚ ਹੈ। ਉਨ੍ਹਾਂ ਨੇ ਖੁਦ ਨੂੰ ਹੈਡ ਗ੍ਰੰਥੀ ਦੇ ਅਹੁਦੇ ਤੋਂ ਹਟਾਏ ਜਾਣ ਦੇ ਖਦਸ਼ੇ ਨੂੰ ਦੇਖਦੇ ਹੋਏ ਅਦਾਲਤ ਦਾ ਰੁੱਖ ਕੀਤਾ ਹੈ, ਆਪਣੇ ਵੱਲੋਂ ਕੋਰਟ ਵਿੱਚ ਦਾਖ਼ਲ ਕੀਤੀ ਗਈ ਪਟੀਸ਼ਨ ਵਿੱਚ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਜਥੇਦਾਰੀ ਤੋਂ ਲਾਂਭੇ ਕਰਨ ਦਾ ਵੀ ਜ਼ਿਕਰ ਕੀਤਾ ਹੈ।
ਗਿਆਨੀ ਰਘਬੀਰ ਸਿੰਘ ਨੇ ਪਟੀਸ਼ਨ ਵਿੱਚ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ 7 ਮਾਰਚ 2025 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ, ਅਤੇ ਇਸ ਤੋਂ ਬਾਅਦ ਉਨ੍ਹਾਂ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦਾ ਮੁੱਖ ਗ੍ਰੰਥੀ ਨਿਯੁਕਤ ਕੀਤਾ ਗਿਆ ਸੀ। ਦਰਬਾਰ ਸਾਹਿਬ ਨੂੰ ਸਿੱਖ ਧਰਮ ਦਾ ਪ੍ਰਤੀਕ ਮੰਨਿਆ ਜਾਂਦਾ ਹੈ, ਅਤੇ ਇਹ ਅਹੁਦਾ ਧਾਰਮਿਕ ਦ੍ਰਿਸ਼ਟੀਕੋਣ ਤੋਂ ਬਹੁਤ ਸਤਿਕਾਰਯੋਗ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਮੌਜੂਦਾ ਧਾਰਮਿਕ ਅਹੁਦੇ ਦੀ ਮਾਣ-ਮਰਿਆਦਾ ਅਤੇ ਪਵਿੱਤਰਤਾ ਦੀ ਰੱਖਿਆ ਕੀਤੀ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਸ਼੍ਰੋਮਣੀ ਕਮੇਟੀ ਦੇ ਅੰਦਰ ਚੱਲ ਰਿਹਾ ਰਾਜਨੀਤਿਕ ਉਥਲ-ਪੁਥਲ ਸਿੱਧੇ ਤੌਰ ‘ਤੇ ਧਾਰਮਿਕ ਸੰਸਥਾਵਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ, ਜੋ ਕਿ ਗੰਭੀਰ ਚਿੰਤਾ ਦਾ ਵਿਸ਼ਾ ਹੈ। ਕੋਰਟ ਵਿੱਚ ਦਾਖਲ ਕੀਤੀ ਗਈ ਇਸ ਪਟੀਸ਼ਨ ਵਿੱਚ ਗਿਆਨੀ ਰਘਬੀਰ ਸਿੰਘ ਨੇ ਹੁਣ ਖ਼ੁਦ ਨੂੰ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਦੇ ਅਹੁਦੇ ਤੋਂ ਹਟਾਏ ਜਾਣ ਦੇ ਖਦਸ਼ੇ ਨੂੰ ਪ੍ਰਗਟਾਇਆ ਹੈ।

By Gurpreet Singh

Leave a Reply

Your email address will not be published. Required fields are marked *