ਅਨਮੋਲ ਗਗਨ ਮਾਨ ਦੇ ਅਸਤੀਫ਼ੇ ਤੋਂ ਬਾਅਦ ਕਾਂਗਰਸ ਨੇ ‘ਆਪ’ ਸਰਕਾਰ ‘ਤੇ ਸਾਧਿਆ ਨਿਸ਼ਾਨਾ, ਲੋਕਤੰਤਰ ‘ਤੇ ਚੁੱਕੇ ਗੰਭੀਰ ਸਵਾਲ

ਚੰਡੀਗੜ੍ਹ : ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ ਹਰਮਨਪਿਆਰੇ ਨੇਤਾ ਅਤੇ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਸ਼ੁੱਕਰਵਾਰ ਨੂੰ ਵਿਧਾਇਕ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਆਪਣੇ ਅਸਤੀਫੇ ਵਿੱਚ, ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਉਹ ਰਾਜਨੀਤੀ ਤੋਂ ਦੂਰੀ ਬਣਾਉਣਾ ਚਾਹੁੰਦੇ ਹਨ। ਪਰ ਉਨ੍ਹਾਂ ਦੇ ਇਸ ਫੈਸਲੇ ਤੋਂ ਬਾਅਦ, ਪੰਜਾਬ ਦੀ ਰਾਜਨੀਤੀ ਵਿੱਚ ਹਲਚਲ ਮਚ ਗਈ ਹੈ, ਖਾਸ ਕਰਕੇ ਕਾਂਗਰਸ ਪਾਰਟੀ ਨੇ ਇਸ ਮੌਕੇ ਆਮ ਆਦਮੀ ਪਾਰਟੀ ‘ਤੇ ਤਿੱਖੇ ਹਮਲੇ ਕੀਤੇ ਹਨ।

ਰਾਜਾ ਵੜਿੰਗ ਨੇ ਕਿਹਾ – “ਆਪ ਵਿੱਚ ਸਭ ਠੀਕ ਨਹੀਂ ਹੈ”

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ, “ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਸਭ ਕੁਝ ਠੀਕ ਨਹੀਂ ਹੈ। ਇੱਕ ਵਿਧਾਇਕ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ ਅਤੇ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਇੱਕ ਹੋਰ ਵਿਧਾਇਕ ਨੇ ਰਾਜਨੀਤੀ ਛੱਡਣ ਦਾ ਕਹਿ ਕੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਜਦੋਂ ਕਿ ਇਹ ਅਸਲ ਵਿੱਚ ‘ਆਪ’ ਦਾ ਅੰਦਰੂਨੀ ਅਤੇ ਘਰੇਲੂ ਮਾਮਲਾ ਹੈ। ਪਰ ਜਦੋਂ ਅੱਗ ਲੱਗਦੀ ਹੈ, ਤਾਂ ਅੱਗ ਦੀਆਂ ਲਪਟਾਂ ਦੂਰ-ਦੂਰ ਤੱਕ ਨਜ਼ਰ ਆਉਂਦੀਆਂ ਹਨ।”

ਪ੍ਰਤਾਪ ਸਿੰਘ ਬਾਜਵਾ ਨੇ ਮਜ਼ਾਕ ਉਡਾਇਆ

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ, “ਸਾਮਿਲਿਆ ਜੋ ਮੌਕਾ, ਸਾਰੇ ਕੰਮਾਂ ਨੂੰ ਤਮਾਮ ਕਰ ਚੱਲੇ ਆਂ, ਅਸੀਂ ਤੇਰੇ ‘ਇਨਕਲਾਬ’ ਨੂੰ ਸਲਾਮ ਕਰ ਚੱਲੇ ਆਂ” ਬਾਜਵਾ ਦਾ ਬਿਆਨ ਰਾਜਨੀਤਿਕ ਵਿਅੰਗ ਨਾਲ ਭਰਿਆ ਹੋਇਆ ਸੀ, ਜਿਸ ਵਿੱਚ ਉਨ੍ਹਾਂ ਨੇ ‘ਆਪ’ ਸਰਕਾਰ ਦੀ ਅਸਥਿਰਤਾ ‘ਤੇ ਸਵਾਲ ਉਠਾਏ ਸਨ।

ਸੁਖਜਿੰਦਰ ਸਿੰਘ ਰੰਧਾਵਾ ਦਾ ਬਿਆਨ ਸੁਰਖੀਆਂ ਵਿੱਚ ਆਇਆ

ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ‘ਆਪ’ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ, “3.5 ਸਾਲਾਂ ਦੌਰਾਨ ਪੰਜਾਬੀਆਂ ਨੂੰ ਇੱਕ ਗੱਲ ਤਾਂ ਪਤਾ ਲੱਗ ਗਈ ਹੈ ਕਿ ਇਸ ਆਮ ਆਦਮੀ ਪਾਰਟੀ ਨੇ ਲੋਕਤੰਤਰ ਦਾ ਮਜ਼ਾਕ ਬਣਾ ਕੇ ਰੱਖ ਦਿੱਤਾ ਹੈ, ਮੰਤਰੀਆਂ ਨੂੰ ਬਾਰ-ਬਾਰ ਬਦਲਣਾ, ਮੰਤਰੀਆਂ ਅਤੇ ਵਿਧਾਇਕਾਂ ਨੂੰ ਸ਼ਕਤੀਹੀਣ ਰੱਖ ਕੇ ਸਾਰੇ ਅਧਿਕਾਰ ਦਿੱਲੀ ਵਾਲਿਆਂ ਦੀਆਂ ਜੇਬਾਂ ‘ਚ ਪਾਉਣਾ, ਵਿਰੋਧੀ ਧਿਰਾਂ ਨੂੰ ਖ਼ਤਮ ਕਰਨ ਦੀਆਂ ਕੋਸ਼ਿਸਾਂ ਅਤੇ ਹੁਣ ਵਿਧਾਇਕ ਦਾ ਅਸਤੀਫ਼ਾ। ਔਰ ਇਹ ਸਭ ਦਿੱਲੀ ਤੋਂ ਪੰਜਾਬ ਸਰਕਾਰ ਨੂੰ ਕੰਟਰੋਲ ਕਰਨ ਵਾਲਿਆਂ ਦੇ ਇਸ਼ਾਰਿਆਂ ਤੇ ਕੀਤਾ ਜਾ ਰਿਹਾ ਹੈ, ਜਿਹੜੇ ਖੁਦ ਨੂੰ ਲੋਕਤੰਤਰ ਤੋਂ ਉੱਤੇ ਸਮਝ ਕੇ ਬੈਠੇ ਨੇ।” ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਨੂੰ ਦਿੱਲੀ ਤੋਂ ਕੰਟਰੋਲ ਕੀਤਾ ਜਾ ਰਿਹਾ ਹੈ ਅਤੇ ਇਹ ਪੂਰੇ ਲੋਕਤੰਤਰ ਦਾ ਅਪਮਾਨ ਹੈ।

ਅਨਮੋਲ ਗਗਨ ਮਾਨ ਦਾ ਅਸਤੀਫਾ ਅਜਿਹੇ ਸਮੇਂ ਆਇਆ ਹੈ ਜਦੋਂ ਆਮ ਆਦਮੀ ਪਾਰਟੀ ਪਹਿਲਾਂ ਹੀ ਬਾਗੀ ਆਵਾਜ਼ਾਂ ਅਤੇ ਸੰਗਠਨਾਤਮਕ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ। ਹਾਲ ਹੀ ਵਿੱਚ ਇੱਕ ਹੋਰ ਵਿਧਾਇਕ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ, ਅਤੇ ਹੁਣ ਮਾਨ ਦਾ ਕਦਮ ਪਾਰਟੀ ਦੇ ਅੰਦਰ ਅੰਦਰੂਨੀ ਸੰਕਟ ਵੱਲ ਇਸ਼ਾਰਾ ਕਰ ਰਿਹਾ ਹੈ।

By Gurpreet Singh

Leave a Reply

Your email address will not be published. Required fields are marked *