ਨੈਸ਼ਨਲ ਟਾਈਮਜ਼ ਬਿਊਰੋ :- ਅਗਲੇ 2 ਤੋਂ 3 ਦਿਨਾਂ ਵਿੱਚ ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਕਈ ਜ਼ਿਲ੍ਹਿਆਂ ਵਿੱਚ ਯੈਲੋ ਅਤੇ ਕਈਆਂ ਵਿੱਚ ਓਰੇਂਜ ਅਲਰਟ ਜਾਰੀ ਹੋਇਆ ਹੈ।
ਗੱਲਬਾਤ ਦੌਰਾਨ ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ ਇਸ ਸਮੇਂ ਮਾਨਸੂਨ ਪੂਰੀ ਤਰ੍ਹਾਂ ਐਕਟਿਵ ਹੈ ਅਤੇ ਪੰਜਾਬ ਦੇ ਅੰਮ੍ਰਿਤਸਰ, ਗੁਰਦਾਸਪੁਰ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ ਸਮੇਤ ਹੋਰ ਕਈ ਜ਼ਿਲ੍ਹਿਆਂ ਵਿੱਚ ਤੇਜ਼ ਬਰਸਾਤ ਹੋਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਹਰਿਆਣਾ ਦੇ ਵੀ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਲੋਕਾਂ ਨੂੰ ਜੋ ਗਰਮੀ ਤੇ ਹੁੰਮਸ ਹੋ ਰਹੀ ਸੀ, ਉਹ ਅਗਲੇ ਦਿਨਾਂ ਵਿੱਚ ਘੱਟ ਹੋ ਜਾਏਗੀ। ਹਾਲਾਂਕਿ ਅਗਸਤ ਮਹੀਨੇ ਵਿੱਚ ਮਾਨਸੂਨ ਦੀ ਰਫ਼ਤਾਰ ਹੌਲੀ ਹੋ ਸਕਦੀ ਹੈ, ਪਰ ਹੇਠਾਂ ਵਹਿਣ ਵਾਲੀਆਂ ਨਦੀਆਂ ਅਤੇ ਨਾਲਿਆਂ ਵਿੱਚ ਪਾਣੀ ਦੇ ਵਧਣ ਕਾਰਨ ਖ਼ਤਰਾ ਬਣਿਆ ਹੋਇਆ ਹੈ।
ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਨਦੀਆਂ ਅਤੇ ਨਾਲਿਆਂ ਦੇ ਨੇੜੇ ਨਾ ਜਾਣ ਕਿਉਂਕਿ ਉਥੇ ਅਚਾਨਕ ਵੱਡਾ ਪਾਣੀ ਆ ਸਕਦਾ ਹੈ। ਮੌਸਮ ਵਿਭਾਗ ਨੇ ਜਾਣਕਾਰੀ 25 ਤੋਂ 30 ਜੁਲਾਈ ਦੀ ਦੱਸੀ ਹੈ ਕਿ ਇਹਨਾਂ ਦਿਨਾਂ ਦੇ ਅੰਦਰ-ਅੰਦਰ ਭਾਰੀ ਬਰਸਾਤ ਹੋਵੇਗੀ।
