ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵੀਰਵਾਰ ਨੂੰ ਸ਼ੁਰੂ ਕੀਤੀ ਗਈ ਹੜਤਾਲ ਸ਼ਨੀਵਾਰ ਨੂੰ ਤੀਜੇ ਦਿਨ ਵੀ ਜਾਰੀ ਰਹੀ। ਜਿਸ ਕਾਰਨ ਸੂਬੇ ਭਰ ਦੇ ਸਾਰੇ 27 ਡਿਪੂ ਬੰਦ ਹਨ, ਜਦੋਂ ਕਿ ਇਸ ਹੜਤਾਲ ਕਾਰਨ ਸਰਕਾਰ ਨੂੰ ਰੋਜ਼ਾਨਾ ਕਰੋੜਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ। ਦੂਜੇ ਪਾਸੇ, ਆਮ ਲੋਕਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਸਬੰਧੀ ਯੂਨੀਅਨ ਦੇ ਸੂਬਾਈ ਆਗੂ ਹਰਪ੍ਰੀਤ ਸਿੰਘ ਸੋਢੀ ਨੇ ਕਿਹਾ ਕਿ ਜਦੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨਹੀਂ ਸੀ, ਤਾਂ ਉਦੋਂ ‘ਆਪ’ ਆਗੂ ਉਨ੍ਹਾਂ ਦੇ ਧਰਨਿਆਂ ਵਿੱਚ ਆ ਕੇ ਕਹਿੰਦੇ ਸਨ ਕਿ ਸਾਡੀ ਸਰਕਾਰ ਬਣਨ ਤੋਂ ਬਾਅਦ ਸਾਰੇ ਆਰਜ਼ੀ ਮੁਲਾਜ਼ਮਾਂ ਨੂੰ ਰੈਗੂਲਰ ਕਰ ਦਿੱਤਾ ਜਾਵੇਗਾ ਅਤੇ ਪ੍ਰਾਈਵੇਟ ਮਾਫੀਆ ਨੂੰ ਖਤਮ ਕਰ ਦਿੱਤਾ ਜਾਵੇਗਾ। ਪਰ ਸਾਢੇ 3 ਸਾਲ ਬੀਤਣ ਦੇ ਬਾਵਜੂਦ ਮੰਗਾਂ ਦਾ ਹੱਲ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਯੂਨੀਅਨ ਨੇ ਮੈਨੇਜਮੈਂਟ ਅਧਿਕਾਰੀਆਂ ਨਾਲ ਲਗਪਗ 50-60 ਮੀਟਿੰਗਾਂ ਕੀਤੀਆਂ ਹਨ ਅਤੇ ਉਨ੍ਹਾਂ ਨੇ ਇਸ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਹੈ। ਪਰ ਮੰਗਾਂ ਪੂਰੀਆਂ ਕਰਨ ਲਈ ਦਿੱਤੀ ਗਈ ਸਮਾਂ ਸੀਮਾ ਦੇ ਅੰਦਰ ਕੋਈ ਮੰਗ ਹੱਲ ਨਾ ਹੋਣ ਕਾਰਨ ਯੂਨੀਅਨ ਨੂੰ ਵਾਰ-ਵਾਰ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਜਿਸ ਕਾਰਨ ਪੰਜਾਬ ਦੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ
