ਮੋਹਾਲੀ (ਗੁਰਪ੍ਰੀਤ ਸਿੰਘ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮੋਹਾਲੀ ਅਦਾਲਤ ਵੱਲੋਂ ਜ਼ਮਾਨਤ ਅਰਜ਼ੀ ਰੱਦ ਹੋਣ ਨਾਲ ਵੱਡਾ ਸਿਆਸੀ ਅਤੇ ਨਿੱਜੀ ਝਟਕਾ ਲੱਗਿਆ ਹੈ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਮਜੀਠੀਆ ਨੂੰ ਅਦਾਲਤ ਨੇ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਮਜੀਠੀਆ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ 25 ਜੂਨ 2025 ਨੂੰ ਅੰਮ੍ਰਿਤਸਰ ਤੋਂ ਗ੍ਰਿਫਤਾਰ ਕੀਤਾ ਸੀ, ਅਤੇ ਉਹ ਇਸ ਸਮੇਂ ਨਾਭਾ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਵਿੱਚ ਹਨ।
ਅੱਜ ਮੋਹਾਲੀ ਅਦਾਲਤ ਵਿੱਚ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਦੌਰਾਨ ਸਰਕਾਰੀ ਵਕੀਲ ਨੇ ਮਜੀਠੀਆ ਦੇ ਖਿਲਾਫ਼ ਸਬੂਤ ਪੇਸ਼ ਕਰਦਿਆਂ ਦਲੀਲ ਦਿੱਤੀ ਕਿ ਉਨ੍ਹਾਂ ਨੇ ਆਪਣੀ ਜਾਣੀ-ਪਛਾਣੀ ਆਮਦਨ ਤੋਂ ਕਿਤੇ ਵੱਧ ਜਾਇਦਾਦ ਇਕੱਠੀ ਕੀਤੀ ਹੈ। ਵਿਜੀਲੈਂਸ ਦੀ ਜਾਂਚ ਵਿੱਚ ਮਜੀਠੀਆ ਦੀਆਂ ਪੰਜਾਬ, ਦਿੱਲੀ ਅਤੇ ਹੋਰ ਸੂਬਿਆਂ ਵਿੱਚ ਜਾਇਦਾਦਾਂ ਦੀ ਪੜਤਾਲ ਕੀਤੀ ਗਈ ਸੀ।
ਸ਼੍ਰੋਮਣੀ ਅਕਾਲੀ ਦਲ ਦੇ ਸਮਰਥਕ ਅਤੇ ਆਗੂ ਇਸ ਨੂੰ ਸੱਤਾਧਾਰੀ ਪਾਰਟੀ ਦੀ ਸਿਆਸੀ ਬਦਲਾਖੋਰੀ ਦਾ ਹਿੱਸਾ ਮੰਨ ਰਹੇ ਹਨ।
ਅਦਾਲਤ ਦੇ ਇਸ ਫੈਸਲੇ ਨੇ ਅਕਾਲੀ ਦਲ ਦੀਆਂ ਮੁਸ਼ਕਿਲਾਂ ਨੂੰ ਹੋਰ ਵਧਾ ਦਿੱਤਾ ਹੈ।
