ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਤਰਨਤਾਰਨ ਪੁਲਸ ਨਾਲ ਸਾਂਝੀ ਕਾਰਵਾਈ ਕਰਦਿਆਂ ਤਰਨਤਾਰਨ ਕਤਲਕਾਂਡ ਮਾਮਲੇ ਵਿਚ ਦੂਜੇ ਮੁਲਜ਼ਮ ਅਰਸ਼ਦੀਪ ਸਿੰਘ ਉਰਫ਼ ਅਰਸ਼, ਵਾਸੀ ਪਿੰਡ ਬੱਠ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਸਾਂਝੀ ਕੀਤੀ ਹੈ। ਇਸ ਤੋਂ ਪਹਿਲਾਂ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਮਾਰਚ 2025 ਵਿਚ ਜਗਦੀਪ ਮੋਲਾ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਰਾਹੁਲ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਜਾਂਚ ਵਿੱਚ ਖੁਲਾਸਾ ਹੋਇਆ ਕਿ ਦੋ ਅਣਪਛਾਤੇ ਹਮਲਾਵਰ ਮੋਟਰਸਾਈਕਲ ‘ਤੇ ਆਏ ਸਨ ਅਤੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਤਰਨਤਾਰਨ ਨੇੜੇ ਜਗਦੀਪ ਸਿੰਘ ‘ਤੇ ਗੋਲੀਆਂ ਚਲਾਕੇ ਉਸ ਦਾ ਕਤਲ ਕਰਕੇ ਮੌਕੇ ਤੋਂ ਫਰਾਰ ਹੋ ਗਏ ਸਨ। ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਪੁਲਸ ਸੰਗਠਿਤ ਅਪਰਾਧਕ ਜਾਲ ਨੂੰ ਤੋੜਨ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ।
