ਨੈਸ਼ਨਲ ਟਾਈਮਜ਼ ਬਿਊਰੋ :- ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਭਿੰਡੀਸੈਦਾਂ ਦੇ ਨੌਜਵਾਨ ਦੀ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਰਿਹੰਦਿਆਂ ਇੱਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ, ਅਜੂਬਾ ਸਿਟੀ ਵਿੱਚ ਸਟੋਰ ‘ਤੇ ਨੌਕਰੀ ਕਰਦਾ 30 ਸਾਲਾ ਗੁਰਜੰਟ ਸਿੰਘ, ਪਿੰਡ ਭਿੰਡੀਸੈਦਾਂ ਦਾ ਵਸਨੀਕ ਸੀ। ਘਰ ਦੀਆਂ ਆਰਥਿਕ ਮੁਸ਼ਕਲਾਂ ਨੂੰ ਦੂਰ ਕਰਨ ਅਤੇ ਸੁਨਿਹਰੇ ਭਵਿੱਖ ਲਈ ਉਹ ਲਗਭਗ ਡੇਢ ਸਾਲ ਪਹਿਲਾਂ ਅਮਰੀਕਾ ਗਿਆ ਸੀ, ਪਰ ਅਚਾਨਕ ਦਿਲ ਦੇ ਦੌਰੇ (Heart Attack) ਨੇ ਉਸਦੀ ਜ਼ਿੰਦਗੀ ਖਤਮ ਕਰ ਦਿੱਤੀ।
ਪਰਿਵਾਰ ਵੱਲੋਂ ਦੱਸਿਆ ਗਿਆ ਕਿ ਗੁਰਜੰਟ ਸਿੰਘ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਉਸਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਘਰ ਵਿੱਚ ਮਾਤਮ ਛਾ ਗਿਆ। ਮਾਪੇ ਅਤੇ ਭੈਣਾਂ ਦਾ ਰੋ ਰੋ ਕੇ ਬੁਰਾ ਹਾਲ ਹੈ। ਪਿੰਡ ਭਰ ਵਿੱਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਹਰ ਕੋਈ ਪਰਿਵਾਰ ਨਾਲ ਦੁੱਖ ਸਾਂਝਾ ਕਰ ਰਿਹਾ ਹੈ।
ਮ੍ਰਿਤਕ ਦੇ ਪਿਤਾ ਸਰਬਜੀਤ ਸਿੰਘ ਨੇ ਕਿਹਾ ਕਿ ਉਹਨਾਂ ਦਾ ਪੁੱਤਰ ਪਰਿਵਾਰ ਦੀ ਗਰੀਬੀ ਦੂਰ ਕਰਨ ਲਈ ਵਿਦੇਸ਼ ਗਿਆ ਸੀ ਪਰ ਕਿਸਮਤ ਨੇ ਉਸਨੂੰ ਬਹੁਤ ਜਲਦੀ ਉਹਨਾਂ ਕੋਲੋਂ ਖੋ ਲਿਆ। ਪਰਿਵਾਰ ਨੇ ਭਾਰਤ ਸਰਕਾਰ ਅਤੇ ਸਮਾਜ ਸੇਵੀਆਂ ਸੰਸਥਾਵਾਂ ਕੋਲੋਂ ਬੇਨਤੀ ਕੀਤੀ ਹੈ ਕਿ ਗੁਰਜੰਟ ਸਿੰਘ ਦੀ ਮ੍ਰਿਤ ਦੇਹ ਜਲਦ ਤੋਂ ਜਲਦ ਪੰਜਾਬ ਲਿਆਈ ਜਾਵੇ ਤਾਂ ਜੋ ਉਸਦੇ ਅੰਤਿਮ ਸੰਸਕਾਰ ਦੀਆਂ ਰਸਮਾਂ ਪੂਰੀਆਂ ਕੀਤੀਆਂ ਜਾ ਸਕਣ।
