ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਮੰਤਰੀ ਮੰਡਲ ਨੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਭ੍ਰਿਸ਼ਟਾਚਾਰ ਦੀ ਰੋਕਥਾਮ ਐਕਟ 1988 ਦੀ ਧਾਰਾ 19 ਅਧੀਨ ਕੇਸ ਚਲਾਉਣ ਦੀ ਸਹਿਮਤੀ ਦੇ ਦਿੱਤੀ ਹੈ। ਐਡਵੋਕੇਟ ਜਨਰਲ (ਏਜੀ) ਦੀ ਸਲਾਹ ਮਗਰੋਂ ਸਾਬਕਾ ਕੈਬਨਿਟ ਮੰਤਰੀ ਵਿਰੁੱਧ ਕੇਸ ਚਲਾਉਣ ਦੀ ਮਨਜ਼ੂਰੀ ਸਬੰਧੀ ਮਾਮਲੇ ਉੱਤੇ ਪਹਿਲਾਂ ਮੰਤਰੀ ਮੰਡਲ ਵਿਚ ਵਿਚਾਰਨ ਦੀ ਲੋੜ ਸੀ ਅਤੇ ਇਸ ਮਗਰੋਂ ਇਹ ਮਾਮਲਾ ਹੁਣ ਅਗਲੇਰੇ ਹੁਕਮ ਲਈ ਰਾਜਪਾਲ ਨੂੰ ਭੇਜਿਆ ਜਾਵੇਗਾ।
ਇਸੇ ਤਰ੍ਹਾਂ ਕੈਬਨਿਟ ਨੇ ਮਿਊਂਸਪਲ ਡਿਵੈਲਪਮੈਂਟ ਫੰਡ ਰਾਹੀਂ ਇੰਪਰੂਵਮੈਂਟ ਟਰੱਸਟਾਂ ਦੇ ਫੰਡਾਂ ਦੀ ਵਰਤੋਂ ਦੇ ਯੋਗ ਬਣਾਉਣ ਲਈ ਪੰਜਾਬ ਟਾਊਨ ਇੰਪਰੂਵਮੈਂਟ ਐਕਟ, 1922 ਵਿਚ ਸੋਧਾਂ ਨੂੰ ਪ੍ਰਵਾਨਗੀ ਦੇ ਦਿੱਤੀ।
ਸੂਬਾ ਸਰਕਾਰ ਵੱਲੋਂ ਸ਼ਹਿਰੀ ਬੁਨਿਆਦੀ ਢਾਂਚੇ ਦੇ ਕੰਮਾਂ ਲਈ ਮਿਊਂਸਪਲ ਡਿਵੈਲਪਮੈਂਟ ਫੰਡ ਦੀ ਸਥਾਪਨਾ ਕੀਤੀ ਗਈ ਸੀ ਜਿਸ ਲਈ ਹਰੇਕ ਸਾਲ ਸੂਬਾਈ ਬਜਟ ਤੋਂ ਪੈਸਾ ਮਿਲਦਾ ਹੈ। ਸੂਬੇ ਦੀਆਂ ਸ਼ਹਿਰੀ ਸਥਾਨਕ ਇਕਾਈਆਂ ਵੱਲੋਂ ਸ਼ਹਿਰੀ ਬੁਨਿਆਦੀ ਢਾਂਚੇ ਦੇ ਕੰਮਾਂ ਲਈ ਇੰਪਰੂਵਮੈਂਟ ਟਰੱਸਟਾਂ ਨੂੰ ਆਪਣੀਆਂ ਜਾਇਦਾਦਾਂ ਦੇ ਨਿਬੇੜੇ ਰਾਹੀਂ ਪ੍ਰਾਪਤ ਫੰਡਾਂ ਦੀ ਵਰਤੋਂ ਦੇ ਯੋਗ ਬਣਾਉਣ ਲਈ ਇਸ ਐਕਟ ਵਿਚ ਧਾਰਾ 69ਬੀ ਜੋੜੀ ਗਈ ਹੈ, ਜਿਸ ਨਾਲ ਜ਼ਮੀਨਾਂ, ਇਮਾਰਤਾਂ ਜਾਂ ਹੋਰ ਚੱਲ-ਅਚੱਲ ਜਾਇਦਾਦਾਂ ਦੇ ਨਿਪਟਾਰੇ ਤੋਂ ਟਰੱਸਟ ਨੂੰ ਮਿਲਣ ਵਾਲੇ ਪੈਸੇ ਦੇ ਹਿੱਸੇ, ਜਿਵੇਂ ਕਿ ਨਿਰਧਾਰਤ ਹੋਵੇ, ਨੂੰ ਮਿਊਂਸਪਲ ਡਿਵੈਲਪਮੈਂਟ ਫੰਡ ਵਿਚ ਤਬਦੀਲ ਕੀਤਾ ਜਾਵੇਗਾ।
ਕਸਟਮ ਮਿਲਿੰਗ ਪਾਲਿਸੀ ਨੂੰ ਮਨਜ਼ੂਰੀ
ਮੰਤਰੀ ਮੰਡਲ ਨੇ 16 ਸਤੰਬਰ ਤੋਂ 30 ਨਵੰਬਰ 2025 ਤੱਕ ਚੱਲਣ ਵਾਲੇ ਝੋਨੇ ਦੀ ਖ਼ਰੀਦ ਸਬੰਧੀ ਸਾਉਣੀ ਖ਼ਰੀਦ ਸੀਜ਼ਨ 2025-26 ਲਈ ਕਸਟਮ ਮਿਲਿੰਗ ਪਾਲਿਸੀ ਨੂੰ ਹਰੀ ਝੰਡੀ ਦੇ ਦਿੱਤੀ। ‘ਸਾਉਣੀ 2025-26 ਲਈ ਪੰਜਾਬ ਕਸਟਮ ਮਿਲਿੰਗ ਪਾਲਿਸੀ’ ਦੀਆਂ ਤਜਵੀਜ਼ਾਂ ਮੁਤਾਬਕ ਚੌਲ ਮਿੱਲਾਂ ਨੂੰ ਵਿਭਾਗ ਵੱਲੋਂ ਸਮੇਂ ਸਿਰ ਮੰਡੀਆਂ ਨਾਲ ਆਨਲਾਈਨ ਲਿੰਕ ਕੀਤਾ ਜਾਵੇਗਾ। ਚੌਲ ਮਿੱਲਾਂ ਲਈ ਆਰਓ ਸਕੀਮ ਅਧੀਨ ਝੋਨੇ ਦਾ ਨਿਰਧਾਰਨ ਆਨਲਾਈਨ ਪੋਰਟਲ ਰਾਹੀਂ ਆਟੋਮੈਟਿਕ ਹੋਵੇਗਾ। ਯੋਗ ਚੌਲ ਮਿੱਲਾਂ ਵਿੱਚ ਝੋਨਾ, ਇਸ ਨੀਤੀ ਦੀਆਂ ਤਜਵੀਜ਼ਾਂ ਅਤੇ ਸੂਬਾਈ ਏਜੰਸੀਆਂ ਤੇ ਚੌਲ ਮਿੱਲ ਮਾਲਕਾਂ ਵਿਚਾਲੇ ਹੋਏ ਸਮਝੌਤੇ ਅਨੁਸਾਰ ਭੰਡਾਰ ਹੋਵੇਗਾ। ‘ਸਾਉਣੀ 2025-26 ਲਈ ਪੰਜਾਬ ਕਸਟਮ ਮਿਲਿੰਗ ਨੀਤੀ’ ਵਿੱਚ ਤਜਵੀਜ਼ ਕੀਤਾ ਗਿਆ ਹੈ ਕਿ ਚੌਲ ਮਿੱਲ ਮਾਲਕਾਂ ਨੂੰ ਪਾਲਿਸੀ ਅਤੇ ਸਮਝੌਤੇ ਮੁਤਾਬਕ 31 ਮਾਰਚ, 2026 ਤੱਕ ਭੰਡਾਰ ਕੀਤੇ ਝੋਨੇ ਦਾ ਬਣਦਾ ਚੌਲ ਡਿਲੀਵਰ ਕਰਨਾ ਪਵੇਗਾ।
ਪੰਜਾਬ ਸਟੇਟ ਮਾਈਨਰ ਮਿਨਰਲ ਪਾਲਿਸੀ-2023 ’ਚ ਕੀਤੀ ਸੋਧ
ਕੈਬਨਿਟ ਨੇ ‘ਪੰਜਾਬ ਸਟੇਟ ਮਾਈਨਰ ਮਿਨਰਲ ਪਾਲਿਸੀ, 2023’ ਅਤੇ ‘ਪੰਜਾਬ ਮਾਈਨਰ ਮਿਨਰਲਜ਼ ਰੂਲਜ਼, 2013’ ਦੇ ਸਬੰਧਤ ਨਿਯਮਾਂ ਵਿੱਚ ਸੋਧਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ‘ਪੰਜਾਬ ਸਟੇਟ ਮਾਈਨਰ ਮਿਨਰਲ ਪਾਲਿਸੀ 2023’ ਅਤੇ ‘ਪੰਜਾਬ ਮਾਈਨਰ ਮਿਨਰਲਜ਼ ਰੂਲਜ਼ 2013’ ਦੋਵਾਂ ਵਿੱਚ ਇਹ ਸੋਧਾਂ ਨਿਲਾਮੀ ਪ੍ਰਕਿਰਿਆਵਾਂ, ਮਾਈਨਿੰਗ ਦੇ ਅਧਿਕਾਰ ਦੇਣ, ਰਿਆਇਤ ਦਾ ਸਮਾਂ, ਰਿਆਇਤ ਦੀ ਰਕਮ, ਜ਼ਮਾਨਤ ਰਾਸ਼ੀ ਦੀ ਅਦਾਇਗੀ, ਵਾਤਾਵਰਨ ਕਲੀਅਰੈਂਸ ਮੰਗਣ ਲਈ ਜਵਾਬਦੇਹੀ ਵਿੱਚ ਤਬਦੀਲੀ, ‘ਡੈੱਡ ਰੈਂਟ’ ਦਾ ਸੰਕਲਪ ਲਿਆਉਣ ਨਾਲ ਸਬੰਧਤ ਹਨ। ਇਨ੍ਹਾਂ ਨਵੇਂ ਨਿਯਮਾਂ/ਸੋਧਾਂ ਨੂੰ ਮੌਜੂਦਾ ਪੰਜਾਬ ਸਟੇਟ ਮਾਈਨਰ ਮਿਨਰਲਜ਼ ਪਾਲਿਸੀ, 2023 ਅਤੇ ਪੰਜਾਬ ਸਟੇਟ ਮਾਈਨਰ ਮਿਨਰਲਜ਼ ਰੂਲਜ਼ 2013 ਵਿੱਚ ਜੋੜਿਆ/ਬਦਲਿਆ ਜਾਵੇਗਾ। ਇਸ ਤੋਂ ਇਲਾਵਾ ਦਰਾਂ ਨੂੰ 30 ਅਪਰੈਲ 2025 ਦੀ ਪੰਜਾਬ ਸਟੇਟ ਮਾਈਨਰ ਮਿਨਰਲ (ਸੋਧ) ਨੀਤੀ ਮੁਤਾਬਕ ਕਰਨ ਲਈ ਅਨੁਸੂਚੀ ਅਧੀਨ ਰਾਇਲਟੀ ਦੀਆਂ ਦਰਾਂ ਵਿੱਚ ਵੀ ਵਾਧਾ ਕਰਨ ਦੀ ਲੋੜ ਹੈ। ਇਸ ਤਹਿਤ ਸਟੇਟ ਜੀਓਲੋਜਿਸਟ ਕੋਲ ਰੂਲ 87 ਮੁਤਾਬਕ ਮੁਲਾਂਕਣ ਆਦੇਸ਼ਾਂ ਵਿਰੁੱਧ ਅਪੀਲਾਂ ਸੁਣਨ ਦੀਆਂ ਤਾਕਤਾਂ ਹੋਣਗੀਆਂ। ਮੌਜੂਦਾ ਸਮੇਂ ਇਹ ਆਸਾਮੀ ਖ਼ਾਲੀ ਹੈ, ਇਸ ਲਈ ਵਿਭਾਗ ਦੇ ਹੋਰ ਅਧਿਕਾਰੀਆਂ ਨੂੰ ਇਹ ਤਾਕਤਾਂ ਦੇਣ ਲਈ ਸਰਕਾਰ ਨੂੰ ਅਧਿਕਾਰ ਦੇਣ ਦਾ ਪ੍ਰਸਤਾਵ ਹੈ ਤਾਂ ਕਿ ਅਪੀਲਾਂ ਸਬੰਧੀ ਕੰਮ ਪ੍ਰਭਾਵਿਤ ਨਾ ਹੋਵੇ।
ਐੱਸਐੱਮਈਟੀ ਦੇ ਗਠਨ ਨੂੰ ਮਨਜ਼ੂਰੀ
ਕੈਬਨਿਟ ਨੇ ਸੂਬੇ ਵਿਚ ਖਣਿਜ ਸਰੋਤਾਂ ਦੇ ਯੋਜਨਾਬੱਧ ਵਿਕਾਸ ਅਤੇ ਇਨ੍ਹਾਂ ਦੀ ਖੋਜ ਦੇ ਕੰਮਾਂ ਦੀ ਨਿਗਰਾਨੀ ਲਈ ਪੰਜਾਬ ਸਟੇਟ ਮਿਨਰਲ ਐਕਸਪਲੋਰੇਸ਼ਨ ਟਰੱਸਟ (ਐੱਸਐੱਮਈਟੀ) ਦੇ ਗਠਨ ਨੂੰ ਵੀ ਸਹਿਮਤੀ ਦੇ ਦਿੱਤੀ। ਇਹ ਟਰੱਸਟ ਵਿਜ਼ਨ, ਮਿਸ਼ਨ ਪਲਾਂਟ, ਖੋਜ ਲਈ ਮਾਸਟਰ ਪਲਾਨ ਤਿਆਰ ਕਰੇਗਾ, ਜੰਗਲਾਤ ਖੇਤਰ ਦੀ ਖੋਜ ਲਈ ਫੰਡ ਜੁਟਾਏਗਾ, ਸਰਵੇਖਣ ਸਹੂਲਤ, ਸਮਰੱਥਾ ਵਧਾਉਣ ਵਾਲੇ ਪ੍ਰੋਗਰਾਮ ਕਰਵਾਏਗਾ, ਖੋਜ ਤੇ ਵਿਕਾਸ ਗਤੀਵਿਧੀਆਂ ਉਲੀਕੇਗਾ, ਵਿਭਾਗੀ ਲੈਬਾਰਟਰੀ ਨੂੰ ਮਜ਼ਬੂਤ ਤੇ ਅਪਗ੍ਰੇਡ ਕਰੇਗਾ, ਅਧਿਕਾਰੀਆਂ ਤੇ ਤਕਨੀਕੀ ਵਿਅਕਤੀਆਂ ਦੀ ਨਿਯੁਕਤੀ, ਸਟੇਟ ਮਿਨਰਲ ਡਾਇਰੈਕਟਰੀ ਵਿਕਸਤ ਕਰੇਗਾ, ਨਵੀਨਤਾਕਾਰੀ ਨੂੰ ਉਤਸ਼ਾਹਤ ਕਰੇਗਾ, ਖੋਜ ਪ੍ਰਾਜੈਕਟਾਂ ਲਈ ਲੌਜਿਸਟਿਕ ਸਹਿਯੋਗ ਮੁਹੱਈਆ ਕਰੇਗਾ ਅਤੇ ਤਕਨਾਲੋਜੀ ਤੇ ਹੋਰ ਮੰਤਵਾਂ ਦੀ ਵਰਤੋਂ ਰਾਹੀਂ ਮਾਈਨਿੰਗ ਤੇ ਸਬੰਧਤ ਗਤੀਵਿਧੀਆਂ ਦੀ ਨਿਗਰਾਨੀ ਕਰੇਗਾ।
ਨਾਨ-ਟੀਚਿੰਗ ਸਟਾਫ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਸਹਿਮਤੀ
ਕੈਬਨਿਟ ਨੇ ਸਿੱਖਿਆ ਵਿਭਾਗ ਵਿਚ 1007 ਅਸਾਮੀਆਂ ਸਿਰਜਣ ਅਤੇ ‘ਸਮੱਗਰ ਸਿੱਖਿਆ ਅਭਿਆਨ’ (ਐੱਸਐੱਸਏ) ਅਧੀਨ ਨਾਨ-ਟੀਚਿੰਗ ਸਟਾਫ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਵੀ ਸਹਿਮਤੀ ਦੇ ਦਿੱਤੀ ਹੈ। ਇਸ ਨਾਲ ਐੱਸਐੱਸਏ ਦੇ ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਲੰਮੇ ਸਮੇਂ ਤੋਂ ਲਟਕਦੀ ਮੰਗ ਪੂਰਾ ਹੋਣ ਦਾ ਰਾਹ ਪੱਧਰਾ ਹੋਵੇਗਾ।
