ਪੰਜਾਬ ‘ਚ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਚੁੱਕਿਆ ਵੱਡਾ ਕਦਮ, ਸਿੱਖਿਆ ਮੰਤਰੀ ਹਰਜੋਤ ਬੈਂਸ ਬੋਲੇ-ਕਲਾਸਰੂਮ ਤੋਂ ਬਾਹਰ ਵੀ…

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਤੋਂ ਅਹਿਮ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਅਤੇ ਸਟਾਫ਼ ਨੇ ਸਮੂਹਿਕ ਤੌਰ ‘ਤੇ ਪੰਜਾਬ ਮੁੱਖ ਮੰਤਰੀ ਹੜ੍ਹ ਰਾਹਤ ਫੰਡ ਵਿੱਚ 31,53,000 ਰੁਪਏ ਦਾ ਯੋਗਦਾਨ ਪਾਇਆ ਹੈ, ਜਿਸ ਨਾਲ ਸੂਬੇ ਵਿੱਚ ਚੱਲ ਰਹੇ ਹੜ੍ਹ ਰਾਹਤ ਕਾਰਜਾਂ ਨੂੰ ਮਜ਼ਬੂਤੀ ਮਿਲੇਗੀ।

ਅਧਿਆਪਕਾਂ ਵੱਲੋਂ ਵੱਡਾ ਯੋਗਦਾਨ

ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਬੀਤੇ ਦਿਨੀਂ ਨੰਗਲ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਲੁਧਿਆਣਾ, ਡਿੰਪਲ ਮਦਾਨ ਦੀ ਅਗਵਾਈ ਹੇਠ ਅਧਿਆਪਕਾਂ ਦੇ ਇੱਕ ਵਫ਼ਦ ਵੱਲੋਂ ਇਹ ਸਮੂਹਿਕ ਯੋਗਦਾਨ ਰਸਮੀ ਤੌਰ ‘ਤੇ ਭੇਟ ਕੀਤਾ ਗਿਆ। ਵਫ਼ਦ ਵਿੱਚ ਡਿਪਟੀ ਡੀਈਓ ਅਮਨਦੀਪ ਸਿੰਘ, ਸਟੇਟ ਸਪੋਰਟਸ ਕਮੇਟੀ ਮੈਂਬਰ ਅਜੀਤ ਪਾਲ ਅਤੇ ਫਿਜ਼ਿਕਸ ਲੈਕਚਰਾਰ ਦਿਨੇਸ਼ ਮੋਦੀ ਵੀ ਸ਼ਾਮਲ ਸਨ।

ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਦੇ ਇਸ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਡੇ ਅਧਿਆਪਕਾਂ ਦਾ ਇਹ ਵਿਸ਼ੇਸ਼ ਯੋਗਦਾਨ ਸਮਾਜ ਪ੍ਰਤੀ ਉਨ੍ਹਾਂ ਦੀ ਸੰਵੇਦਨਸ਼ੀਲਤਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਰਾਹਤ ਕਾਰਜਾਂ ਵਿੱਚ ਯੋਗਦਾਨ ਪਾ ਕੇ ਅਧਿਆਪਕਾਂ ਨੇ ਸਾਬਤ ਕੀਤਾ ਹੈ ਕਿ ਉਹ ਕਲਾਸਰੂਮ ਤੋਂ ਬਾਹਰ ਵੀ ਸਮਾਜ ਪ੍ਰਤੀ ਸਮਰਪਿਤ ਹਨ। ਇਹ ਏਕਤਾ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਅਤੇ ਪੁਨਰਵਾਸ ਪ੍ਰਦਾਨ ਕਰਨ ਵਿੱਚ ਮਦਦਗਾਰ ਸਾਬਤ ਹੋਵੇਗੀ। 

ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਨੇਕ ਕਾਰਜ ਅਧਿਆਪਕਾਂ ਨੂੰ ਸਮਾਜ ਦੇ ਥੰਮ੍ਹਾਂ ਵਜੋਂ ਉਜਾਗਰ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਦੱਸ ਦੇਈਏ ਕਿ ਪੰਜਾਬ ਵਿੱਚ ਲਗਾਤਾਰ ਮੀਂਹ ਤੋਂ ਬਾਅਦ ਆਏ ਹੜ੍ਹਾਂ ਕਾਰਨ ਕਾਫੀ ਨੁਕਸਾਨ ਹੋਇਆ। ਇਸ ਸਥਿਤੀ ਤੋਂ ਬਾਹਰ ਨਿਕਲਣ ਲਈ ਸਰਕਾਰ ਅਤੇ ਕਈ ਮਸ਼ਹੂਰ ਹਸਤੀਆਂ ਵੱਲੋਂ ਮਦਦ ਕੀਤੀ ਜਾ ਰਹੀ ਹੈ। ਇਸ ਵਿਚਾਲੇ ਜਿਨ੍ਹਾਂ ਇਲਾਕਿਆਂ ਵਿੱਚ ਪਾਣੀ ਹੈ, ਉੱਥੇ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਕਈ ਪੰਜਾਬੀ ਅਤੇ ਬਾਲੀਵੁੱਡ ਸਿਤਾਰਿਆਂ ਵੱਲੋਂ ਕਈ ਪਿੰਡਾਂ ਨੂੰ ਗੋਦ ਵੀ ਲਿਆ ਗਿਆ ਹੈ ਅਤੇ ਉੱਦੋਂ ਤੱਕ ਉਨ੍ਹਾਂ ਦੀ ਮਦਦ ਕੀਤੀ ਜਾਏਗੀ ਜਦੋਂ ਤੱਕ ਸਥਿਤੀ ਨਹੀਂ ਸੁਧਰ ਜਾਂਦੀ।

By Gurpreet Singh

Leave a Reply

Your email address will not be published. Required fields are marked *