ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਖਣਨ, ਭੂ-ਵਿਗਿਆਨ, ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਮਹਾਰਾਜਾ ਅਗਰਸੇਨ ਜੀ ਵਲੋਂ ਦਰਸਾਏ ਮਾਰਗ ’ਤੇ ਚੱਲਦਿਆਂ ‘ਰੰਗਲਾ ਪੰਜਾਬ’ ਦੀ ਸਿਰਜਣਾ ਲਈ ਵਚਨਬੱਧ ਹੈ। ਕੈਬਨਿਟ ਮੰਤਰੀ ਜਲੰਧਰ ਵਿਖੇ 5179ਵੀਂ ਮਹਾਰਾਜਾ ਅਗਰਸੇਨ ਜੀ ਪੰਜਾਬ ਪ੍ਰਾਂਤੀਆ ਜਯੰਤੀ ਮੌਕੇ ਕਰਵਾਏ ਗਏ ਇਕ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰ ਰਹੇ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਮਹਾਰਾਜਾ ਅਗਰਸੇਨ ਜੀ ਦੇ ਆਦਰਸ਼ਾਂ ’ਤੇ ਚੱਲਦੇ ਹੋਏ ਵੱਖ-ਵੱਖ ਭਲਾਈ ਕਾਰਜਾਂ ਅਤੇ ਸਕੀਮਾਂ ਰਾਹੀਂ ਸੂਬੇ ਦੇ ਹਰੇਕ ਨਾਗਰਿਕ ਨੂੰ ਸਸ਼ਕਤ ਅਤੇ ਆਤਮ ਨਿਰਭਰ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਮਹਾਰਾਜਾ ਅਗਰਸੇਨ ਜੀ ਦੀ ਜਯੰਤੀ ਮੌਕੇ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜੋ ਇਸ ਮਹਾਨ ਦੂਰਅੰਦੇਸ਼ੀ ਦੇ ਸਤਿਕਾਰ ਵਿੱਚ ਹੈ, ਜਿਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਸਮਾਨਤਾ, ਦਇਆ ਅਤੇ ਸਮੂਹਿਕ ਖੁਸ਼ਹਾਲੀ ਨੂੰ ਸਮਰਪਿਤ ਕਰ ਦਿੱਤਾ।
ਇਸ ਸਮਾਗਮ ਦਾ ਹਿੱਸਾ ਬਣਨ ’ਤੇ ਧੰਨਵਾਦ ਪ੍ਰਗਟ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਹਾਰਾਜਾ ਅਗਰਸੇਨ ਜੀ ਦੀ ਵਿਰਾਸਤ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਭਾਈਚਾਰੇ ਨਾਲ ਸ਼ਾਮਲ ਹੋਣਾ ਉਨ੍ਹਾਂ ਲਈ ਬੜੇ ਮਾਣ ਵਾਲੀ ਗੱਲ ਹੈ। ਉਨ੍ਹਾਂ ਅਖਿਲ ਭਾਰਤੀਯ ਅਗਰਵਾਲ ਸੰਮੇਲਨ ਪੰਜਾਬ ਯੂਨਿਟ ਦੀ ਇਹ ਵਿਸ਼ੇਸ਼ ਸਮਾਗਮ ਕਰਵਾਉਣ ’ਤੇ ਭਰਪੂਰ ਸ਼ਲਾਘਾ ਕੀਤੀ।
