ਜੈਤੋ, 14ਅਕਤੂਬਰ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਕਰਦਿਆਂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਵੈੱਬ ਚੈਨਲ ਦੀ ਸ਼ੁਰੂਆਤ ਕੀਤੀ ਗਈ ਹੈ। ਯੂਟਿਊਬ ਅਤੇ ਹੋਰ ਡਿਜੀਟਲ ਮੰਚਾਂ ਉਤੇ ਚੱਲਣ ਵਾਲੇ ਇਸ ਚੈਨਲ ਤੋਂ ਰੋਜ਼ਾਨਾ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਣ ਹੋਵੇਗਾ।ਇਸ ਚੈਨਲ ਰਾਹੀਂ ਸਵੇਰੇ 5 ਵਜੇ ਤੋਂ ਰਾਤ 9 ਵਜੇ ਤੱਕ ਤਖ਼ਤ ਸਾਹਿਬ ਦੇ ਪਵਿੱਤਰ ਦਰਸ਼ਨ ਦੀਦਾਰ ਤੇ ਗੁਰਬਾਣੀ ਕੀਰਤਨ ਨਾਲ ਸੰਸਾਰ ਭਰ ਦੀ ਸੰਗਤ ਜੁੜ ਸਕੇਗੀ।

ਇਸ ਤੋਂ ਇਲਾਵਾ ਸ਼ਹੀਦੀ ਸ਼ਤਾਬਦੀ ਨਾਲ ਜੁੜੇ ਸਮਾਗਮਾਂ ਅਤੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਇੱਕ ਵਿਸ਼ੇਸ਼ ਦਫ਼ਤਰ ਦੀ ਸਥਾਪਨਾ ਵੀ ਕੀਤੀ ਗਈ ਹੈ। ਇਸੇ ਦੌਰਾਨ ਕਾਰਸੇਵਾ ਵਾਲੇ ਬਾਬਿਆਂ ਨਾਲ ਵਿਸਾਲ ਇਕੱਤਰਤਾ ਕਰਕੇ ਲੰਗਰਾਂ ਦੇ ਪ੍ਰਬੰਧਾਂ ਬਾਰੇ ਵਿਚਾਰ ਚਰਚਾ ਕੀਤੀ ਗਈ।ਇਨ੍ਹਾਂ ਕਾਰਜਾਂ ਦੀ ਰਸਮੀ ਸ਼ੁਰੂਆਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਕੀਤੀ ਗਈ।
ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੀ 350 ਸਾਲਾ ਸ਼ਤਾਬਦੀ ਪੂਰੇ ਸਿੱਖ ਜਗਤ ਲਈ ਬੇਹੱਦ ਮਹੱਤਵਪੂਰਣ ਅਵਸਰ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਸ਼ਤਾਬਦੀ ’ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਖ-ਵੱਖ ਸਮਾਗਮ ਕੀਤੇ ਜਾ ਰਹੇ ਹਨ। ਇਸ ਲਈ ਸਥਾਪਿਤ ਕੀਤਾ ਗਿਆ ਦਫ਼ਤਰ ਸਾਰੇ ਸਮਾਗਮਾਂ ਦੀ ਨਿਗਰਾਨੀ, ਸੰਗਤ ਨੂੰ ਜਾਣਕਾਰੀ ਦੇਣ ਅਤੇ ਪ੍ਰਚਾਰ-ਪ੍ਰਸਾਰ ਦੀ ਜ਼ਿੰਮੇਵਾਰੀ ਨਿਭਾਏਗਾ।
ਸ. ਧਾਮੀ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਸ਼ੁਰੂ ਕੀਤੇ ਵੈੱਬ ਚੈਨਲ ਬਾਰੇ ਕਿਹਾ ਕਿ ਡਿਜ਼ਿਟਲ ਪਲੇਟਫ਼ਾਰਮ ਰਾਹੀਂ ਗੁਰਬਾਣੀ ਦਾ ਪ੍ਰਸਾਰਣ ਸਮੇਂ ਦੀ ਲੋੜ ਹੈ। ਇਸ ਨਾਲ ਸੰਗਤ ਜਿਥੇ ਗੁਰਬਾਣੀ ਕੀਰਤਨ ਨਾਲ ਜੁੜੇਗੀ ਉਥੇ ਹੀ ਸ਼ਤਾਬਦੀ ਸਬੰਧੀ ਹੋਣ ਵਾਲੇ ਹਰ ਸਮਾਗਮ ਦਾ ਪ੍ਰਚਾਰ ਵੀ ਹੋਵੇਗਾ
ਐਡਵੋਕੇਟ ਧਾਮੀ ਨੇ ਕਿਹਾ ਕਿ ਸ਼ਤਾਬਦੀ ਸਮਾਗਮਾਂ ਮੌਕੇ ਸੰਗਤਾਂ ਦੀ ਵੱਡੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਲੰਗਰਾਂ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਅੱਜ ਕਾਰਸੇਵਾ ਵਾਲੇ ਮਹਾਂਪੁਰਖਾਂ ਅਤੇ ਧਾਰਮਿਕ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਵੱਖ ਵੱਖ ਥਾਵਾਂ ਦੀ ਚੋਣ ਕੀਤੀ ਗਈ ਹੈ ਅਤੇ ਸਾਰਿਆਂ ਨੂੰ ਲੰਗਰਾਂ ਵਿੱਚ ਸਾਦੇ ਪਕਵਾਨ ਬਣਾਉਣ ਦੀ ਅਪੀਲ ਕੀਤੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਨੇ ਜਿਨ੍ਹਾਂ ਲਈ ਸ਼ਹਾਦਤ ਦਿੱਤੀ ਸੀ ਉਨ੍ਹਾਂ ਦੇ ਵਾਰਸਾਂ ਨੂੰ ਵੀ ਸਮਾਗਮਾਂ ਵਿੱਚ ਸ਼ਾਮਲ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 230 ਦੇ ਕਰੀਬ ਹਿੰਦੂ ਮੰਦਰਾਂ ਦੇ ਆਗੂਆਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਜਲਦ ਹੀ ਉਨ੍ਹਾਂ ਨਾਲ ਇਕ ਮੀਟਿੰਗ ਵੀ ਕੀਤੀ ਜਾਵੇਗੀ।ਐਡਵੋਕੇਟ ਧਾਮੀ ਨੇ ਸਰਕਾਰ ਨੂੰ ਤਖ਼ਤ ਸਾਹਿਬ ਨੂੰ ਆਉਂਦੇ ਰਸਤੇ ਤੇ ਸੁ਼ੁਰੂ ਕੀਤਾ ਕੰਮ ਤੁਰੰਤ ਰੋਕ ਕੇ ਇਸ ਨੂੰ ਸੰਗਤਾਂ ਵਾਸਤੇ ਖੋਲ੍ਹਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਜਿਹੇ ਕੰਮ ਪਹਿਲਾਂ ਕਰਨੇ ਚਾਹੀਦੇ ਸਨ ਪਰੰਤੂ ਹੁਣ ਜਦੋਂ ਸਮਾਗਮਾਂ ਵਿੱਚ ਕੁਝ ਹੀ ਸਮਾਂ ਰਹਿ ਗਿਆ ਹੈ ਅਤੇ ਸੰਗਤਾਂ ਦੀ ਆਮਦ ਵਧ ਰਹੀ ਹੈ ਤਾਂ ਕੀਤੀ ਜਾ ਰਹੀ ਭੰਨਤੋੜ ਵੱਡੀ ਪ੍ਰੇਸ਼ਾਨੀ ਦਾ ਕਾਰਨ ਬਣੇਗੀ।ਇਸ ਮੌਕੇ ਸੀਨੀਅਰ ਅਕਾਲੀ ਆਗੂ ਸ. ਬਲਵਿੰਦਰ ਸਿੰਘ ਭੂੰਦੜ, ਸ. ਤੇਜਿੰਦਰ ਸਿੰਘ ਮਿੱਡੂਖੇੜਾ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ,ਅੰਤ੍ਰਿੰਗ ਮੈਂਬਰ ਸ. ਦਲਜੀਤ ਸਿੰਘ ਭਿੰਡਰ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਸ. ਅਜਮੇਰ ਸਿੰਘ ਖੇੜਾ, ਭਾਈ ਗੁਰਬਖਸ਼ ਸਿੰਘ ਖਾਲਸਾ, ਸ. ਪਰਮਜੀਤ ਸਿੰਘ ਲੱਖੇਵਾਲ, ਸ. ਸੁਖਵਰਸ ਸਿੰਘ ਪੰਨੂ,
ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਗੁਰਪ੍ਰੀਤ ਸਿੰਘ ਖੰਡੂਰ ਸਾਹਿਬ, ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ, ਬਾਬਾ ਹਰਦੇਵ ਸਿੰਘ ਤਲਵੰਡੀ ਅਰਾਈਆਂ, ਬਾਬਾ ਸਤਨਾਮ ਸਿੰਘ ਗੁਰੂ ਕਾ ਬਾਗ, ਬਾਬਾ ਕਰਮਜੀਤ ਸਿੰਘ ਟਿੱਬੀ ਸਾਹਿਬ, ਬਾਬਾ ਬਲਬੀਰ ਸਿੰਘ, ਬਾਬਾ ਜਗਜੀਤ ਸਿੰਘ ਸਾ਼ਾਸਤਰੀ, ਬਾਬਾ ਸੁਰਜਨ ਸਿੰਘ ਪਹੇਵੇ ਵਾਲੇ, ਬਾਬਾ ਜਰਨੈਲ ਸਿੰਘ, ਬਾਬਾ ਹੀਰਾ ਸਿੰਘ, ਬਾਬਾ ਕੁਲਵਿੰਦਰ ਸਿੰਘ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਸ. ਗੁਰਦੀਪ ਸਿੰਘ ਕੰਗ, ਵਧੀਕ ਮੈਨੇਜਰ ਸ. ਹਰਦੇਵ ਸਿੰਘ ਇੰਚਾਰਜ ਸ. ਬਲਦੇਵ ਸਿੰਘ, ਸ. ਧਰਮਿੰਦਰ ਸਿੰਘ ਆਦਿ ਹਾਜ਼ਰ ਸਨ।
