ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਨੇ ਸੂਬੇ ਵਿੱਚ 112 ਦਵਾਈਆਂ ਦੀ ਵਿਕਰੀ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਸੈਂਟਰਲ ਡਰੱਗਜ਼ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ (CDSCO) ਨੇ ਇਨ੍ਹਾਂ ਦਵਾਈਆਂ ਨੂੰ ਘਟੀਆ ਕਰਾਰ ਦਿੱਤਾ ਹੈ। ਇਸ ਤੋਂ ਬਾਅਦ ਸਿਹਤ ਵਿਭਾਗ ਨੇ ਇਨ੍ਹਾਂ ਦੀ ਵਿਕਰੀ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ।
ਇਹ ਦਵਾਈਆਂ ਬੁਖਾਰ, ਪੇਟ ਦਰਦ, ਜੁਕਾਮ, ਖਾਂਸੀ, ਦਿਲ ਦੀ ਬੀਮਾਰੀ, ਕੈਂਸਰ, ਸ਼ੂਗਰ, ਹਾਈ ਬਲੱਡ ਪ੍ਰੈਸ਼ਰ, ਦਮਾ, ਇਨਫੈਕਸ਼ਨ, ਦਰਦ, ਸੋਜ, ਅਨੀਮੀਆ ਅਤੇ ਮਿਰਗੀ ਵਰਗੀਆਂ ਗੰਭੀਰ ਬੀਮਾਰੀਆਂ ਦੇ ਇਲਾਜ ਲਈ ਵਰਤੀਆਂ ਜਾਂਦੀਆਂ ਹਨ। ਕੁਝ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੇ ਕੋਲਡਰਿਫ ਕਫ ਸਿਰਪ ਸਮੇਤ ਅੱਠ ਦਵਾਈਆਂ ਦੀ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਸੀ।
ਸਤੰਬਰ 2025 ਵਿੱਚ ਜਾਰੀ ਇੱਕ ਰਿਪੋਰਟ ਮੁਤਾਬਕ ਦੇਸ਼ ਭਰ ਵਿੱਚ ਕੇਂਦਰੀ ਅਤੇ ਸੂਬਾ ਪੱਧਰੀ ਲੈਬਸ ਵਿੱਚ 52 ਦਵਾਈਆਂ ਮਿਆਰਾਂ ਨੂੰ ਪੂਰਾ ਕਰਨ ਵਿੱਚ ਅਸਫਲ ਰਹੀਆਂ, ਜਦੋਂਕਿ 60 ਦਵਾਈਆਂ ਰਾਜ ਪੱਧਰ ‘ਤੇ ਮਾਪਦੰਡਾਂ ਨੂੰ ਪੂਰਾ ਕਰਨ ਵਿੱਚ ਅਸਫਲ ਰਹੀਆਂ। ਪੰਜਾਬ ਵਿੱਚ ਬਣੀਆਂ ਜਿਹੜੀਆਂ 11 ਦਵਾਈਆਂ ਦੇ ਸੈਂਪਲ ਫੇਲ੍ਹ ਰਹੇ, ਉਨ੍ਹਾਂ ਨਾਲ ਸਬੰਧਤ ਫਾਰਮਾਸਿਊਟੀਕਲ ਕੰਪਨੀਆਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਇਨ੍ਹਾਂ ਦਵਾਈਆਂ ਵਾਲੇ ਬੈਚਾਂ ਨੂੰ ਬਾਜ਼ਾਰ ਤੋਂ ਹਟਾਉਣ ਦੀ ਪ੍ਰਕਿਰਿਆ ਵੀ ਤੇਜ਼ ਕਰ ਦਿੱਤੀ ਗਈ ਹੈ।
