ਸੜਕ ਹਾਦਸੇ ਵਿੱਚ ਪੰਜਾਬ ਹੋਮ ਗਾਰਡ ਦਾ ਜਵਾਨ ਦੀ ਮੌਤ!

ਨੈਸ਼ਨਲ ਟਾਈਮਜ਼ ਬਿਊਰੋ :- ਕੋਟਕਪੁਰਾ ਦੇ ਪਿੰਡ ਹਰੀਨੋ ਨੇੜੇ ਇੱਕ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਪੰਜਾਬ ਹੋਮ ਗਾਰਡ ਦੇ ਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਪਿੰਡ ਰਾਮੇਆਣਾ ਨਿਵਾਸੀ ਗੁਰਜੀਤ ਸਿੰਘ(52) ਵਜੋਂ ਹੋਈ। ਇਸ ਮਾਮਲੇ ਵਿੱਚ ਥਾਣਾ ਸਦਰ ਕੋਟਕਪੁਰਾ ਪੁਲਿਸ ਵੱਲੋਂ ਮੁਕੱਦਮਾ ਦਰਜ ਕਰਦੇ ਹੋਏ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਫਰੀਦਕੋਟ ਭੇਜਿਆ ਗਿਆ ਹੈ।

ਜਾਣਕਾਰੀ ਅਨੁਸਾਰ ਪਿੰਡ ਰਾਮੇਆਣਾ ਨਿਵਾਸੀ ਹੋਮਗਾਰਡ ਜਵਾਨ ਗੁਰਜੀਤ ਸਿੰਘ ਦੀ ਇੰਨ੍ਹੀ ਦਿਨੀਂ ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਡਿਊਟੀ ਸੀ। ਇੱਕ ਦਿਨ ਪਹਿਲਾਂ ਸ਼ਾਮ ਨੂੰ ਉਹ ਆਪਣੀ ਡਿਊਟੀ ਖਤਮ ਕਰਨ ਤੋਂ ਬਾਅਦ ਮੋਟਰਸਾਈਕਲ ਰਾਹੀਂ ਪਿੰਡ ਵਾਪਸ ਜਾ ਰਿਹਾ ਸੀ। ਜਦੋਂ ਉਹ ਪਿੰਡ ਹਰੀਨੋ ਨੇੜੇ ਕੋਹਾਰਵਾਲਾ ਵਾਲੇ ਚੌਰਾਹੇ ਦੇ ਕੋਲ ਪਹੁੰਚਿਆ ਤਾਂ ਇੱਕ ਅਣਪਛਾਤੇ ਵਾਹਨ ਨੇ ਉਸਨੂੰ ਜ਼ੋਰਦਾਰ ਟੱਕਰ ਮਾਰੀ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ।

ਸੂਚਨਾ ਮਿਲਣ ਤੋਂ ਬਾਅਦ ਜੈਤੋ ਦੀ ਸਮਾਜ ਸੇਵੀ ਜਥੇਬੰਦੀ ਵੱਲੋਂ ਜਖਮੀ ਨੂੰ ਪਹਿਲਾਂ ਕੋਟਕਪੂਰਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੋਂ ਉਸਨੂੰ ਫਰੀਦਕੋਟ ਮੈਡੀਕਲ ਕਾਲਜ ਭੇਜਿਆ ਗਿਆ। ਹਾਲਤ ਵਧੇਰੇ ਗੰਭੀਰ ਹੋਣ ਕਾਰਨ ਉਸਨੂੰ ਏਮਸ ਬਠਿੰਡਾ ਲਈ ਰੈਫਰ ਕੀਤਾ ਗਿਆ, ਪਰ ਇਲਾਜ ਦੌਰਾਨ ਦੇਰ ਰਾਤ ਉਸਦੀ ਮੌਤ ਹੋ ਗਈ।
ਇਸ ਮਾਮਲੇ ਵਿੱਚ ਮ੍ਰਿਤਕ ਦੇ ਲੜਕੇ ਰਾਜਪ੍ਰੀਤ ਸਿੰਘ ਨੇ ਪੁਲਿਸ ਕੋਲੋਂ ਵਾਹਨ ਚਾਲਕ ਦੇ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਮ੍ਰਿਤਕ ਹੋਮ ਗਾਰਡ ਦੇ ਜਵਾਨ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹੈ। ਇਸ ਘਟਨਾ ਮਗਰੋਂ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ।

ਇਸ ਸੰਬੰਧ ਵਿੱਚ ਥਾਣਾ ਸਦਰ ਕੋਟਕਪੁਰਾ ਦੇ ਐਸਐਚਓ ਇੰਸਪੈਕਟਰ ਗੁਰਦਿੱਤਾ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹਾਦਸੇ ਵਿੱਚ ਸ਼ਾਮਲ ਵਾਹਨ ਦੀ ਪਛਾਣ ਲਈ ਨੇੜਲੇ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।

By Gurpreet Singh

Leave a Reply

Your email address will not be published. Required fields are marked *