ਦੁਖਦ ਖਬਰ: ਪੰਜਾਬੀ ਨੌਜਵਾਨ ਦੀ ਜਰਮਨੀ ’ਚ ਮੌਤ

ਬਟਾਲਾ/ਕਲਾਨੌਰ – ਸਰਹੱਦੀ ਬਲਾਕ ਕਲਾਨੌਰ ਦੇ ਅਧੀਨ ਆਉਂਦੇ ਪਿੰਡ ਖੁਸ਼ੀਪੁਰ ਤੋਂ ਇਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪਿੰਡ ਦੇ ਨੌਜਵਾਨ ਗੁਰਬਖਸ਼ ਸਿੰਘ (41) ਦੀ ਜਰਮਨੀ ਵਿੱਚ ਅਚਾਨਕ ਮੌਤ ਹੋ ਜਾਣ ਕਾਰਨ ਪਿੰਡ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਮ੍ਰਿਤਕ ਦੇ ਭਰਾ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਬਖਸ਼ ਸਿੰਘ ਕਰੀਬ ਇਕ ਸਾਲ ਪਹਿਲਾਂ ਆਪਣੇ ਪਰਿਵਾਰ ਦੀ ਆਰਥਿਕ ਸਥਿਤੀ ਸੁਧਾਰਨ ਅਤੇ ਰੋਜ਼ੀ-ਰੋਟੀ ਕਮਾਉਣ ਦੇ ਉਦੇਸ਼ ਨਾਲ ਜਰਮਨੀ ਗਿਆ ਸੀ। ਉੱਥੇ ਉਹ ਮਿਹਨਤ ਮਜ਼ਦੂਰੀ ਕਰਕੇ ਪਰਿਵਾਰ ਦਾ ਸਹਾਰਾ ਬਣਿਆ ਹੋਇਆ ਸੀ। ਪਰ ਅਚਾਨਕ ਉਸਦੀ ਤਬੀਅਤ ਵਿਗੜ ਗਈ ਅਤੇ ਡਾਕਟਰਾਂ ਵੱਲੋਂ ਬਰੇਨ ਹੈਮਰੇਜ ਹੋਣ ਦੀ ਪੁਸ਼ਟੀ ਕੀਤੀ ਗਈ, ਜਿਸ ਕਾਰਨ ਉਸਦੀ ਮੌਤ ਹੋ ਗਈ।

ਗੁਰਬਖਸ਼ ਸਿੰਘ ਦੀ ਅਕਾਲ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਪਿੰਡ ਖੁਸ਼ੀਪੁਰ ਵਿੱਚ ਮਾਤਮ ਦਾ ਮਾਹੌਲ ਹੈ ਅਤੇ ਹਰ ਕੋਈ ਇਸ ਦੁਖਦਾਈ ਘਟਨਾ ’ਤੇ ਗਹਿਰਾ ਦੁੱਖ ਜ਼ਾਹਰ ਕਰ ਰਿਹਾ ਹੈ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਪਰਿਵਾਰ ਵੱਲੋਂ ਕੇਂਦਰ ਅਤੇ ਰਾਜ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਮ੍ਰਿਤਕ ਦੀ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਉਣ ਵਿੱਚ ਮਦਦ ਕੀਤੀ ਜਾਵੇ ਤਾਂ ਜੋ ਆਖ਼ਰੀ ਸੰਸਕਾਰ ਆਪਣੇ ਪਿੰਡ ਵਿੱਚ ਕੀਤਾ ਜਾ ਸਕੇ। ਪਿੰਡ ਵਾਸੀਆਂ ਅਤੇ ਰਿਸ਼ਤੇਦਾਰਾਂ ਵੱਲੋਂ ਪਰਿਵਾਰ ਨਾਲ ਹਮਦਰਦੀ ਜਤਾਈ ਜਾ ਰਹੀ ਹੈ ਅਤੇ ਦੁੱਖ ਦੀ ਇਸ ਘੜੀ ਵਿੱਚ ਉਨ੍ਹਾਂ ਨੂੰ ਹੌਸਲਾ ਦਿੱਤਾ ਜਾ ਰਿਹਾ ਹੈ।

By Gurpreet Singh

Leave a Reply

Your email address will not be published. Required fields are marked *