ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਅੱਜ (5 ਜਨਵਰੀ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਪੇਸ਼ ਹੋਏ। ਪੇਸ਼ੀ ਤੋਂ ਪਹਿਲਾਂ, ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਵੀ ਟੇਕਿਆ। ਦਰਅਸਲ, ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਤੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਦੀ ਯਾਦਗਾਰ ਵਿੱਚ ਲਗਾਈਆਂ ਗਈਆਂ ਤਸਵੀਰਾਂ ਬਾਰੇ ਸਪੱਸ਼ਟੀਕਰਨ ਮੰਗਿਆ ਗਿਆ ਸੀ। ਇਨ੍ਹਾਂ ਤਸਵੀਰਾਂ ‘ਤੇ ਸਿੱਖ ਸਿਧਾਂਤਾਂ, ਮਰਿਆਦਾ ਅਤੇ ਭਾਵਨਾਵਾਂ ਦੇ ਵਿਰੁੱਧ ਪੇਸ਼ਕਸ਼ ਦਾ ਦੋਸ਼ ਲਗਾਇਆ ਗਿਆ ਸੀ। ਇਸ ਵਿਵਾਦ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਨ੍ਹਾਂ ਨੂੰ ਤਲਬ ਕੀਤਾ ਗਿਆ ਸੀ। ਮੰਤਰੀ ਸੌਂਧ ਨੇ ਪਹਿਲਾਂ 350ਵੀਂ ਸ਼ਹੀਦੀ ਸ਼ਤਾਬਦੀ ਦੇ ਮੱਦੇਨਜ਼ਰ ਸਮਾਂ ਮੰਗਿਆ ਸੀ, ਜਿਸ ਨੂੰ ਸਵੀਕਾਰ ਕਰਦੇ ਹੋਏ ਅੱਜ ਲਿਖਤੀ ਸਪੱਸ਼ਟੀਕਰਨ ਦੇਣ ਦਾ ਆਦੇਸ਼ ਦਿੱਤਾ ਗਿਆ ਸੀ।
ਸਪੱਸ਼ਟੀਕਰਨ ਦੇਣ ਮਗਰੋਂ ਤਰੁਣਪ੍ਰੀਤ ਸਿੰਘ ਸੌਂਧ ਨੇ ਕਿਹਾ ਕਿ ਅੱਜ ਉਹ ਨਿਮਾਣੇ ਸਿੱਖ ਵਾਂਗ ਪੇਸ਼ ਹੋਏ ਹਨ। ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਦੇਸ਼ ਸਿਰ-ਮੱਥੇ ਪ੍ਰਵਾਨ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਥੇਦਾਰ ਨੇ ਉਨ੍ਹਾਂ ਨੂੰ ਵਿਭਾਗ ਵਿੱਚ ਅਜਿਹੇ ਅਧਿਕਾਰੀ ਦੀ ਨਿਯੁਕਤੀ ਕਰਨ ਲਈ ਕਿਹਾ ਹੈ, ਜਿਸ ਨੂੰ ਸਿੱਖ ਸਿਧਾਂਤਾਂ ਦੀ ਜਾਣਕਾਰੀ ਹੋਵੇ ਅਤੇ ਜੋ ਪੰਜਾਬ ਦੀ ਵਿਰਾਸਤ ਤੋਂ ਵੀ ਭਲੀ-ਭਾਂਤ ਜਾਣੂ ਹੋਵੇ।
ਇਸ ਦੌਰਾਨ ਤਰੁਣਪ੍ਰੀਤ ਸਿੰਘ ਸੌਂਧ ਕਿਹਾ ਕਿ ਮੈਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਤੀ ਕਰਾਂਗਾ ਕਿ ਸਭਿਆਚਾਰ ਮਹਿਕਮੇ ਦੀ ਜ਼ਿੰਮੇਵਾਰੀ ਬਹੁਤ ਵੱਡੀ ਹੁੰਦੀ ਹੈ, ਕਿਉਂਕਿ ਬਹੁਤ ਸਾਰੇ ਅਜਿਹੇ ਕੰਮ ਨੇ ਜਿਹੜੇ ਧਾਰਮਿਕ ਸੰਸਥਾ ‘ਤੇ ਚੱਲ ਰਹੇ ਹੁੰਦੇ ਹਨ ਅਤੇ ਅੱਗੇ ਕਿਸੇ ਵੀ ਤਰ੍ਹਾਂ ਅਜਿਹੀ ਗਲਤੀ ਨਾ ਹੋਵੇ ਤਾਂ ਕੋਸ਼ਿਸ਼ ਕਰਾਂਗੇ ਕਿ ਇਸ ਮਹਿਕਮੇ ਲਈ ਅਜਿਹਾ ਅਫ਼ਸਰ ਲਗਾਵਾਂਗੇ, ਜਿਸ ਵਿਅਕਤੀ ਨੂੰ ਵਿਰਾਸਤ ਅਤੇ ਸਭਿਆਚਾਰ ਬਾਰੇ ਜਾਣਕਾਰੀ ਹੋਵੇ।
ਉਨ੍ਹਾਂ ਕਿਹਾ ਸ੍ਰੀ ਗੁਰੂ ਤੇਗ ਬਗਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਮਨਾਈ ਜਾਣੀ ਸੀ ਤਾਂ ਮੁੱਖ ਮੰਤਰੀ ਨੇ ਪਹਿਲਾਂ ਹੀ ਕਿਹਾ ਸੀ ਕਿ ਹਰ ਇਕ ਮਰਿਆਦਾ ਦਾ ਤਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਮੈਂ ਜਥੇਦਾਰ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਇਹ ਸਪੱਸ਼ਟੀਕਰਨ ਮਨਜ਼ੂਰ ਕੀਤਾ ਹੈ ਅਤੇ ਜੋ ਵੀ ਉਨ੍ਹਾਂ ਦੇ ਦਿਸ਼ਾ ਨਿਰਦੇਸ਼ ਹੋਣਗੇ ਉਸ ਦੀ ਪਾਲਣਾ ਕਰਾਂਗੇ।
ਦੱਸ ਦੇਈਏ ਕਿ ਫੈਸਲਾ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਵਿੱਚ ਲਿਆ ਗਿਆ ਸੀ, ਜਿਸ ਦੀ ਪ੍ਰਧਾਨਗੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ ਸੀ। ਸੌਂਧ ਤੋਂ ਇਲਾਵਾ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਨ ਕਮੇਟੀ ਦੇ ਅਹੁਦੇਦਾਰਾਂ ਅਤੇ ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਨੂੰ ਵੀ ਤਲਬ ਕੀਤਾ ਗਿਆ ਸੀ।
