ਨਸ਼ਿਆਂ ਖ਼ਿਲਾਫ਼ ਫੈਸਲਾਕੁੰਨ ਜੰਗ ਨੂੰ ਲੋਕ ਅੰਦੋਲਨ ਬਣਾਉਣ ਦੀ ਅਪੀਲ, ਮੁੱਖ ਮੰਤਰੀ ਮਾਨ ਦਾ ਬਠਿੰਡਾ ਤੋਂ ਸਿਆਸੀ ਤੇ ਸਮਾਜਿਕ ਸੁਨੇਹਾ

ਨੈਸ਼ਨਲ ਟਾਈਮਜ਼ ਬਿਊਰੋ :– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਠਿੰਡਾ ਵਿੱਚ ਹੋਈ ਇੱਕ ਲੋਕ ਮਿਲਣੀ ਦੌਰਾਨ ਪਾਰਟੀ ਆਗੂਆਂ, ਵਰਕਰਾਂ ਅਤੇ ਕਾਡਰਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਦੂਜੇ ਪੜਾਅ ਨੂੰ ਇੱਕ ਵੱਡੀ ਲੋਕ ਲਹਿਰ ਵਿੱਚ ਬਦਲਣ ਲਈ ਆਪਣੇ ਯਤਨ ਹੋਰ ਤੇਜ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਨਸ਼ਿਆਂ ਵਿਰੁੱਧ ਦੇਸ਼ ਦੀ ਫੈਸਲਾਕੁੰਨ ਜੰਗ ਦੀ ਅਗਵਾਈ ਕਰ ਰਿਹਾ ਹੈ।
ਲੋਕ ਮਿਲਣੀ ਦੌਰਾਨ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੇ ਸਪੱਸ਼ਟ ਉਦੇਸ਼ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਦਾ ਦੂਜਾ ਪੜਾਅ ਸ਼ੁਰੂ ਕੀਤਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪਿਛਲੀਆਂ ਸਰਕਾਰਾਂ ਦੇ ਵੱਡੇ ਆਗੂਆਂ ਨੇ ਨਸ਼ਿਆਂ ਦੇ ਕਾਰੋਬਾਰ ਨੂੰ ਸ਼ਹਿ ਦਿੱਤੀ ਸੀ, ਪਰ ‘ਆਪ’ ਸਰਕਾਰ ਵੱਲੋਂ ਪਿਛਲੇ ਇੱਕ ਸਾਲ ਦੌਰਾਨ 28,000 ਤੋਂ ਵੱਧ ਨਸ਼ਾ ਤਸਕਰਾਂ ਵਿਰੁੱਧ ਕੇਸ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 88 ਫੀਸਦ ਦੋਸ਼ੀ ਠਹਿਰਾਉਣ ਦੀ ਦਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲਾਕੁੰਨ ਕਾਰਵਾਈ ਨਾਲ ਲੋਕਾਂ ਦਾ ਵਿਸ਼ਵਾਸ ਵਧਿਆ ਹੈ ਅਤੇ ਨਸ਼ਿਆਂ ਵਿਰੁੱਧ ਜੰਗ ਨੂੰ ਨਵੀਂ ਦਿਸ਼ਾ ਮਿਲੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦਾ ਉਤਸ਼ਾਹ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਨਸ਼ਿਆਂ ਵਿਰੁੱਧ ਜੰਗ ਜਿੱਤਣ ਦੇ ਬਹੁਤ ਨੇੜੇ ਪਹੁੰਚ ਚੁੱਕਾ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸਿਰਫ਼ ਪੁਲਿਸ ਜਾਂ ਸਰਕਾਰੀ ਕਾਰਵਾਈ ਨਾਲ ਨਹੀਂ, ਸਗੋਂ ਇੱਕ ਮਜ਼ਬੂਤ ਲੋਕ ਲਹਿਰ ਰਾਹੀਂ ਹੀ ਇਹ ਜੰਗ ਜਿੱਤੀ ਜਾ ਸਕਦੀ ਹੈ। ਉਥੇ ਹੀ ਉਨ੍ਹਾਂ ਦੁਹਰਾਇਆ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਦੇ ਵਪਾਰ ਨੂੰ ਖੁੱਲੀ ਛੂਟ ਦਿੱਤੀ ਸੀ, ਜਦਕਿ ਮੌਜੂਦਾ ਸਰਕਾਰ ਇਸ ‘ਤੇ ਸਖ਼ਤੀ ਨਾਲ ਨਕੇਲ ਪਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਮੁੱਖ ਉਦੇਸ਼ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਤੋਂ ਬਚਾਉਣਾ ਹੈ ਅਤੇ ਇਸ ਦੇ ਸਕਾਰਾਤਮਕ ਨਤੀਜੇ ਜਲਦ ਹੀ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਨਸ਼ਿਆਂ ਵਿਰੁੱਧ ਨਿਰਸਵਾਰਥ ਅਤੇ ਠੋਸ ਯਤਨਾਂ ਨਾਲ ਵੱਡੇ ਪੱਧਰ ‘ਤੇ ਕਾਰਵਾਈ ਕੀਤੀ ਜਾਵੇ।
ਸ਼ਾਸਨ ਦੀਆਂ ਪ੍ਰਾਪਤੀਆਂ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਨੇ ਕਈ ਲੋਕ-ਪੱਖੀ ਫੈਸਲੇ ਲਏ ਹਨ। ਪਹਿਲੀ ਵਾਰ ਨਹਿਰੀ ਪਾਣੀ ਦੂਰ-ਦੁਰਾਡੇ ਦੇ ਪਿੰਡਾਂ ਤੱਕ ਪਹੁੰਚਾਇਆ ਗਿਆ ਹੈ, ਜਿਸ ਨਾਲ ਸਿੰਚਾਈ ਨਾਲ ਜੁੜੇ ਲੰਬੇ ਸਮੇਂ ਤੋਂ ਲਟਕੇ ਮੁੱਦੇ ਹੱਲ ਹੋਏ ਹਨ। ਉਨ੍ਹਾਂ ਕਿਹਾ ਕਿ ਕਈ ਸਾਲਾਂ ਤੋਂ ਬੰਦ ਪਈਆਂ ਨਹਿਰਾਂ ਅਤੇ ਰਜਬਾਹਿਆਂ ਨੂੰ ਮੁੜ ਚਲਾਇਆ ਗਿਆ ਹੈ ਅਤੇ 37 ਸਾਲਾਂ ਬਾਅਦ ਕਈ ਖੇਤਰਾਂ ਵਿੱਚ ਪਾਣੀ ਵਗਣਾ ਸ਼ੁਰੂ ਹੋਇਆ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਕਿਸਾਨਾਂ ਨੂੰ ਹੁਣ ਦਿਨ ਵੇਲੇ ਬਿਜਲੀ ਮਿਲ ਰਹੀ ਹੈ ਅਤੇ ਸੂਬੇ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ 61,000 ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫਾਰਸ਼ ਜਾਂ ਭ੍ਰਿਸ਼ਟਾਚਾਰ ਦੇ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ 17 ਟੋਲ ਪਲਾਜ਼ਾ ਬੰਦ ਕਰਨ ਨਾਲ ਸੂਬਾ ਵਾਸੀਆਂ ਦੀ ਰੋਜ਼ਾਨਾ ਲਗਭਗ 64 ਲੱਖ ਰੁਪਏ ਦੀ ਬਚਤ ਹੋ ਰਹੀ ਹੈ।

ਸਿਹਤ ਖੇਤਰ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰਾਜ ਭਰ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜਿੱਥੇ ਮੁਫ਼ਤ ਇਲਾਜ ਅਤੇ ਦਵਾਈਆਂ ਉਪਲਬਧ ਹਨ। ਮੁੱਖ ਮੰਤਰੀ ਸਿਹਤ ਯੋਜਨਾ ਜਲਦ ਹੀ ਲਾਗੂ ਕੀਤੀ ਜਾਵੇਗੀ, ਜਿਸ ਨਾਲ 10 ਲੱਖ ਰੁਪਏ ਤੱਕ ਦਾ ਨਕਦ-ਰਹਿਤ ਇਲਾਜ ਸੰਭਵ ਹੋਵੇਗਾ।

ਸਿੱਖਿਆ ਖੇਤਰ ਵਿੱਚ ਕੀਤੇ ਗਏ ਸੁਧਾਰਾਂ ਬਾਰੇ ਉਨ੍ਹਾਂ ਕਿਹਾ ਕਿ 118 ਸਕੂਲ ਆਫ਼ ਐਮੀਨੈਂਸ ਸਥਾਪਿਤ ਕੀਤੇ ਜਾ ਰਹੇ ਹਨ। ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਲੜਕੀਆਂ ਲਈ ਮੁਫ਼ਤ ਬੱਸ ਸੇਵਾ ਸਿੱਖਿਆ ਤੱਕ ਪਹੁੰਚ ਨੂੰ ਯਕੀਨੀ ਬਣਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜੇ.ਈ.ਈ., ਨੀਟ, ਸੀ.ਐਲ.ਏ.ਟੀ. ਅਤੇ ਐਨ.ਆਈ.ਐਫ.ਟੀ. ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਵਿਸ਼ੇਸ਼ ਕੋਚਿੰਗ ਦਿੱਤੀ ਜਾ ਰਹੀ ਹੈ।

By Gurpreet Singh

Leave a Reply

Your email address will not be published. Required fields are marked *