ਨੈਸ਼ਨਲ ਟਾਈਮਜ਼ ਬਿਊਰੋ :- ਜ਼ਿਲ੍ਹੇ ਭਰ ਵਿੱਚ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਲਗਾਤਾਰ ਜਾਰੀ ਹਨ। ਜਿੱਥੇ ਚੋਰ ਅਤੇ ਲੁਟੇਰੇ ਦਿਨ ਰਾਤ ਚੁਸਤ ਨਜ਼ਰ ਆ ਰਹੇ ਹਨ, ਉਥੇ ਹੀ ਪੁਲਸ ਦੀ ਕਾਰਗੁਜ਼ਾਰੀ ਸੁਸਤ ਨਜ਼ਰ ਆ ਰਹੀ ਹੈ। ਇਸ ਦੀ ਇੱਕ ਹੋਰ ਤਾਜ਼ਾ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਤੜਕਸਾਰ ਗੁਰਦੁਆਰਾ ਸਾਹਿਬ ਵਿਖੇ ਰੋਜ਼ਾਨਾ ਦੀ ਤਰ੍ਹਾਂ ਮੱਥਾ ਟੇਕਣ ਜਾ ਰਹੀ ਬਜ਼ੁਰਗ ਅੰਮ੍ਰਿਧਾਰੀ ਔਰਤ ਨੂੰ ਤਿੰਨ ਹਥਿਆਰਬੰਦ ਲੁਟੇਰਿਆਂ ਵੱਲੋਂ ਸਿਰ ‘ਤੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ ਗਿਆ ਅਤੇ ਉਸਦੇ ਕੰਨਾਂ ਵਿੱਚ ਪਾਈਆਂ ਸੋਨੇ ਦੀਆਂ ਵਾਲੀਆਂ ਖੋਹ ਫਰਾਰ ਹੋ ਗਏ। ਗੰਭੀਰ ਹਾਲਤ ‘ਚ ਔਰਤ ਨੂੰ ਜਦੋਂ ਅੰਮ੍ਰਿਤਸਰ ਹਸਪਤਾਲ ਲਿਜਾਇਆ ਗਿਆ ਤਾਂ ਦੌਰਾਨੇ ਇਲਾਜ ਮਹਿਲਾ ਦੀ ਮੌਤ ਹੋ ਗਈ।
ਜਾਣਕਾਰੀ ਦਿੰਦੇ ਹੋਏ ਕਾਰਜ ਸਿੰਘ (71) ਨਿਵਾਸੀ ਜ਼ਿਲ੍ਹੇ ਦੇ ਪਿੰਡ ਮਥਰਾ ਭਾਗੀ ਨੇ ਦੱਸਿਆ ਕਿ ਉਹ ਆਪਣੀ ਪਤਨੀ ਸਣੇ ਬੀਤੀ 12 ਜਨਵਰੀ ਨੂੰ ਤੜਕਸਾਰ 4 ਵਜੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਸਨ, ਤਾਂ ਕੁਝ ਦੂਰੀ ਉੱਪਰ ਉਸਦੀ ਪਤਨੀ ‘ਤੇ ਤਿੰਨ ਲੁਟੇਰਿਆਂ ਵੱਲੋਂ ਸੋਨੇ ਦੀਆਂ ਵਾਲੀਆਂ ਖੋਹਣ ਦੌਰਾਨ ਹਮਲਾ ਕਰ ਦਿੱਤਾ ਗਿਆ।
ਸਿਰ ਵਿੱਚ ਤੇਜ਼ਧਾਰ ਹਥਿਆਰ ਨਾਲ ਵਾਰ ਕਰਨ ਦੌਰਾਨ ਉਸ ਦੀ ਪਤਨੀ ਤਸਬੀਰ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ, ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਥਾਣਾ ਖਾਲੜਾ ਦੇ ਏਐੱਸਆਈ ਸ਼ਿੰਗਾਰਾ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪਿੰਡ ਦੇ ਨਿਵਾਸੀ ਵਰਿਆਮ ਸਿੰਘ ਪੁੱਤਰ ਗੁਲਜਾਰ ਸਿੰਘ ਤੋਂ ਇਲਾਵਾ ਦੋ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ, ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
