ਜਲੰਧਰ ‘ਚ ਗੁਰਦੁਆਰਾ ਸਾਹਿਬ ਵਿੱਚ ਹੋਈ ਬੇਅਦਬੀ, ਇਲਾਕੇ ‘ਚ ਤਣਾਅ ਦਾ ਮਾਹੌਲ

ਨੈਸ਼ਨਲ ਟਾਈਮਜ਼ ਬਿਊਰੋ :- ਜਲੰਧਰ ਜ਼ਿਲ੍ਹੇ ਦੇ ਪਿੰਡ ਮਾਹਲ ਵਿੱਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਅੰਗਾਂ ਦੀ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਤੋਂ ਬਾਅਦ ਪਿੰਡ ਅਤੇ ਆਲੇ ਦੁਆਲੇ ਦੇ ਇਲਾਕੇ ਵਿੱਚ ਭਾਰੀ ਰੋਸ ਅਤੇ ਤਣਾਅ ਦਾ ਮਾਹੌਲ ਬਣ ਗਿਆ ਹੈ।

ਗੁਰਦੁਆਰਾ ਸਾਹਿਬ ਵਿੱਚ ਮੌਜੂਦ ਸੰਗਤ ਨੇ ਇਸ ਘਟਨਾ ਨੂੰ ਧਾਰਮਿਕ ਆਸਥਾ ‘ਤੇ ਸਿੱਧਾ ਹਮਲਾ ਦੱਸਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਜਾਣਕਾਰੀ ਅਨੁਸਾਰ ਕਿਸੇ ਸ਼ਰਾਰਤੀ ਤੱਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਛੇ ਪਵਿੱਤਰ ਅੰਗਾਂ ਨੂੰ ਪਾੜ ਕੇ ਬੇਅਦਬੀ ਕੀਤੀ ਗਈ ਹੈ।

ਦਸ਼ਮੇਸ਼ ਤਰੁਣਾ ਦਲ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਪਹੁੰਚੇ ਬਾਬਾ ਸਤੀਸ਼ ਸਿੰਘ ਖਾਲਸਾ ਨੇ ਦੱਸਿਆ ਕਿ ਉਨ੍ਹਾਂ ਨੂੰ ਫ਼ੋਨ ਰਾਹੀਂ ਸੂਚਨਾ ਮਿਲੀ ਸੀ ਕਿ ਪਿੰਡ ਮਾਹਲ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਵਿੱਚ ਬੇਅਦਬੀ ਹੋਈ ਹੈ। ਇਸ ਤੋਂ ਬਾਅਦ ਉਹ ਆਪਣੀ ਜਥੇਬੰਦੀ ਨਾਲ ਗੁਰਦੁਆਰਾ ਸਾਹਿਬ ਪਹੁੰਚੇ। ਉਨ੍ਹਾਂ ਕਿਹਾ ਕਿ ਜਿਸ ਕਿਸੇ ਨੇ ਵੀ ਇਹ ਘਿਨੌਣੀ ਹਰਕਤ ਕੀਤੀ ਹੈ, ਉਸ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜਦ ਤੱਕ ਬੇਅਦਬੀ ਕਰਨ ਵਾਲਾ ਫੜਿਆ ਨਹੀਂ ਜਾਂਦਾ, ਤਦ ਤੱਕ ਉਹ ਗੁਰਦੁਆਰਾ ਸਾਹਿਬ ਵਿੱਚ ਮੋਰਚਾ ਲਗਾ ਕੇ ਬੈਠਣਗੇ ਅਤੇ ਰਹਿਤ ਮਰਯਾਦਾ ਅਨੁਸਾਰ ਇਨਸਾਫ਼ ਲਿਆ ਜਾਵੇਗਾ।

ਦੂਜੇ ਪਾਸੇ, ਮੌਕੇ ‘ਤੇ ਪਹੁੰਚੇ ਡੀਐਸਪੀ ਭਰਤ ਮਸੀਹ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਟੀਮ ਸਮੇਤ ਮੌਕੇ ‘ਤੇ ਪਹੁੰਚੀ। ਪੁਲਿਸ ਵੱਲੋਂ ਗੁਰਦੁਆਰਾ ਸਾਹਿਬ ਅਤੇ ਆਲੇ ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਡੀਐਸਪੀ ਨੇ ਕਿਹਾ ਕਿ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਇੱਕ ਸੰਦੇਹੀ ਦੀ ਪਛਾਣ ਕੀਤੀ ਗਈ ਹੈ ਅਤੇ ਕਈ ਸ਼ੱਕੀਆਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਜਾਰੀ ਹੈ। ਪੁਲਿਸ ਵੱਲੋਂ ਗੁਰਦੁਆਰਾ ਕਮੇਟੀ ਨਾਲ ਵੀ ਗੱਲਬਾਤ ਕਰਕੇ ਸਾਰੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਉਨ੍ਹਾਂ ਦੋਹਰਾਇਆ ਕਿ ਬੇਅਦਬੀ ਕਰਨ ਵਾਲੇ ਨੂੰ ਕਿਸੇ ਵੀ ਸੂਰਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ। ਮਾਮਲੇ ਨਾਲ ਜੁੜੀਆਂ ਹੋਰ ਜਾਣਕਾਰੀਆਂ ਦੀ ਉਡੀਕ ਕੀਤੀ ਜਾ ਰਹੀ ਹੈ।

By Gurpreet Singh

Leave a Reply

Your email address will not be published. Required fields are marked *