ਅੰਮ੍ਰਿਤਸਰ (ਗੁਰਪ੍ਰੀਤ ਸਿੰਘ): ਅੰਮ੍ਰਿਤਸਰ ਵਿੱਚ 328 ਪਾਵਨ ਸਰੂਪਾਂ ਦੇ ਗੁੰਮ ਹੋਣ ਵਾਲੇ ਸੰਵੇਦਨਸ਼ੀਲ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਆਪਣੀ ਕਾਰਵਾਈ ਨੂੰ ਹੋਰ ਤੇਜ਼ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ 40 ਮੌਜੂਦਾ ਅਤੇ ਸੇਵਾਮੁਕਤ ਅਧਿਕਾਰੀਆਂ ਨੂੰ ਪੁਲਿਸ ਕਮਿਸ਼ਨਰ ਦਫਤਰ ਵਿੱਚ ਹਾਜ਼ਰ ਹੋਣ ਲਈ ਸਮਨ ਜਾਰੀ ਕੀਤੇ ਹਨ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਜਾਂਚ ਦੇ ਨਾਂ ‘ਤੇ ਕਰਮਚਾਰੀਆਂ ਨੂੰ ਮਾਨਸਿਕ ਤੌਰ ‘ਤੇ ਪਰੇਸ਼ਾਨ ਕਰਨ ‘ਤੇ ਰੋਸ ਪ੍ਰਗਟ ਕੀਤਾ ਹੈ।
ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸੋਸ਼ਲ ਮੀਡੀਆ ਰਾਹੀਂ ਪਤਾ ਲੱਗਿਆ ਹੈ ਕਿ ਐੱਸਆਈਟੀ ਨੇ ਮੁੜ 40 ਵਿਅਕਤੀਆਂ ਨੂੰ ਸੱਦਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਡਾ. ਈਸ਼ਰ ਸਿੰਘ ਦੀ ਰਿਪੋਰਟ ਵੇਲੇ ਸਾਰਿਆਂ ਦੇ ਬਿਆਨ ਪਹਿਲਾਂ ਹੀ ਦਰਜ ਕੀਤੇ ਜਾ ਚੁੱਕੇ ਹਨ ਅਤੇ ਜਾਂਚ ਦੇ ਨਾਂ ‘ਤੇ ਕਿਸੇ ਵੀ ਕਰਮਚਾਰੀ ਨਾਲ ਸਰੀਰਕ ਜਾਂ ਮਾਨਸਿਕ ਜ਼ੁਲਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
“ਜਾਂਚ ਲਈ ਸਹਿਯੋਗ ਦੇ ਰਹੀ ਹੈ ਸ਼੍ਰੋਮਣੀ ਕਮੇਟੀ”
ਜਥੇਦਾਰ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਸ਼੍ਰੋਮਣੀ ਕਮੇਟੀ ਜਾਂਚ ਟੀਮ ਨੂੰ ਪੂਰਾ ਸਹਿਯੋਗ ਦੇ ਰਹੀ ਹੈ ਅਤੇ ਖੁਦ ਐੱਸਆਈਟੀ ਦੇ ਮੁੱਖ ਅਧਿਕਾਰੀ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਕਮੇਟੀ ਵੱਲੋਂ ਜਾਂਚ ਵਿੱਚ ਪੂਰੀ ਮੱਦਦ ਕੀਤੀ ਜਾ ਰਹੀ ਹੈ। ਅਜਿਹੇ ਵਿੱਚ ਪ੍ਰਸ਼ਾਸਨ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਜਾਂਚ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਬੇਲੋੜੇ ਅਧਿਕਾਰੀਆਂ ‘ਤੇ ਮਾਨਸਿਕ ਦਬਾਅ ਨਾ ਬਣਾਉਣ।
