ਨੈਸ਼ਨਲ ਟਾਈਮਜ਼ ਬਿਊਰੋ :- ਫਰੀਦਕੋਟ ਵਿਖੇ ਜ਼ਿਲ੍ਹਾ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਹੋਈ ਮੀਟਿੰਗ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ 9 ਫਰਵਰੀ ਨੂੰ ਐਸਐਸਪੀ ਦਫ਼ਤਰ ਦੇ ਘਿਰਾਓ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਹੈ। ਅੱਜ ਹੋਈ ਮੀਟਿੰਗ ਦੌਰਾਨ ਪੁਲਿਸ ਵੱਲੋਂ ਕਿਸਾਨ ਜਥੇਬੰਦੀ ਨਾਲ ਸਬੰਧਤ ਮਸਲਿਆਂ ਦੀ ਜਾਂਚ ਲਈ ਐਸਆਈਟੀ ਬਣਾਉਣ ਅਤੇ ਇੱਕ ਮਹੀਨੇ ਦੇ ਅੰਦਰ-ਅੰਦਰ ਸਾਰੇ ਮਸਲਿਆਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ।
ਇਸ ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ,ਜ਼ਿਲ੍ਹਾ ਜਨਰਲ ਸਕੱਤਰ ਇੰਦਰਜੀਤ ਸਿੰਘ ਘਨੀਆ ਤੋਂ ਇਲਾਵਾ ਸੂਬਾ ਪੱਧਰੀ ਆਗੂ ਕਾਕਾ ਸਿੰਘ ਕੋਟੜਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਲੰਮੀ ਚਰਚਾ ਤੋਂ ਬਾਅਦ ਦੋਹਾਂ ਧਿਰਾਂ ਵਿਚਕਾਰ ਆਪਸੀ ਸਹਿਮਤੀ ਬਣੀ। ਜਾਣਕਾਰੀ ਅਨੁਸਾਰ ਫਰੀਦਕੋਟ ਦੇ ਪਿੰਡ ਫਿੱਡੇ ਕਲਾਂ, ਮੁਮਾਰਾ ਤੇ ਕੁਝ ਹੋਰ ਪਿੰਡਾਂ ਵਿੱਚ ਕਿਸਾਨਾਂ ਨਾਲ ਜੁੜੇ ਮਸਲਿਆਂ ਵਿੱਚ ਪੁਲਿਸ ਵੱਲੋਂ ਯੋਗ ਕਾਰਵਾਈ ਨਾ ਹੋਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਜ਼ਿਲ੍ਹਾ ਪੁਲਿਸ ਖ਼ਿਲਾਫ਼ ਸੰਘਰਸ਼ ਕੀਤਾ ਜਾ ਰਿਹਾ ਸੀ।
ਇਸ ਦੌਰਾਨ ਐਸਐਸਪੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ ਅਤੇ ਵੱਖ-ਵੱਖ ਪਿੰਡਾਂ ਵਿੱਚ ਐਸਐਸਪੀ ਦੇ ਪੁਤਲੇ ਵੀ ਫੂਕੇ ਗਏ ਸਨ। ਜਥੇਬੰਦੀ ਵੱਲੋਂ 9 ਫਰਵਰੀ ਨੂੰ ਐਸਐਸਪੀ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਵੀ ਕੀਤਾ ਗਿਆ ਸੀ। ਕਿਸਾਨ ਜਥੇਬੰਦੀ ਦੇ ਐਕਸ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਜ ਜ਼ਿਲ੍ਹਾ ਪੁਲਿਸ ਵੱਲੋਂ ਜਥੇਬੰਦੀ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ।
ਇਸ ਮੀਟਿੰਗ ਵਿੱਚ ਐਸਪੀ ਡੀ ਜੋਗੇਸ਼ਵਰ ਸਿੰਘ ਗੁਰਾਇਆ ਸਮੇਤ ਡੀਐਸਪੀ ਕੋਟਕਪੂਰਾ ਸੰਜੀਵ ਕੁਮਾਰ ਅਤੇ ਡੀਐਸਪੀ ਜੈਤੋ ਇਕਬਾਲ ਸਿੰਘ ਸੰਧੂ ਵੀ ਸ਼ਾਮਲ ਹੋਏ। ਆਪਸੀ ਸਹਿਮਤੀ ਬਣਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ 9 ਫਰਵਰੀ ਦੇ ਪ੍ਰੋਗਰਾਮ ਨੂੰ ਮੁਲਤਵੀ ਕਰਨ ਦਾ ਐਲਾਨ ਕੀਤਾ।
ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਪੁਲਿਸ ਵੱਲੋਂ ਯੋਗ ਕਾਰਵਾਈ ਦਾ ਭਰੋਸਾ ਦਿੱਤਾ ਗਿਆ ਹੈ, ਜਿਸ ਕਰਕੇ ਉਨ੍ਹਾਂ ਨੇ ਅਗਲਾ ਐਕਸ਼ਨ ਮੁਲਤਵੀ ਕੀਤਾ ਹੈ। ਹਾਲਾਂਕਿ ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਮੁੜ ਸੰਘਰਸ਼ ਕਰਨ ਤੋਂ ਪਿੱਛੇ ਨਹੀਂ ਹਟਿਆ ਜਾਵੇਗਾ। ਉੱਥੇ ਹੀ ਡੀਐਸਪੀ ਸੰਜੀਵ ਕੁਮਾਰ ਨੇ ਕਿਹਾ ਕਿ ਜ਼ਿਆਦਾਤਰ ਮਸਲੇ ਪਹਿਲਾਂ ਹੀ ਹੱਲ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੇ ਮਸਲਿਆਂ ਉਤੇ ਵੀ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਜਲਦ ਕਾਰਵਾਈ ਕੀਤੀ ਜਾਵੇਗੀ।
