SSP ਦਫਤਰ ਦੇ ਬਾਹਰ ਧਰਨੇ `ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਪੇ

ਨੈਸ਼ਨਲ ਟਾਈਮਜ਼ ਬਿਊਰੋ :- ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਅੱਜ ਮਾਨਸਾ ਵਿੱਚ ਡੀਆਈਜੀ ਨੂੰ ਮਿਲਣ ਪਹੁੰਚੇ, ਪਰ ਇਸ ਤੋਂ ਪਹਿਲਾਂ ਹੀ ਉਹ ਐਸਐਸਪੀ ਦਫ਼ਤਰ ਦੇ ਬਾਹਰ ਧਰਨੇ ‘ਤੇ ਬੈਠ ਗਏ। ਦੋਨੋਂ ਨੇ ਪੰਜਾਬ ਪੁਲਿਸ ਅਤੇ ਸੂਬੇ ਵਿੱਚ ਵਧ ਰਹੇ ਗੈਂਗਸਟਰਵਾਦ ਨੂੰ ਲੈ ਕੇ ਗੰਭੀਰ ਸਵਾਲ ਖੜੇ ਕੀਤੇ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਲੰਬੇ ਸਮੇਂ ਤੋਂ ਇਨਸਾਫ ਨਹੀਂ ਮਿਲ ਰਿਹਾ।

ਜੂਨ 2025 ਦੀ ਸ਼ਿਕਾਇਤ ਦਾ ਹਵਾਲਾ

ਬਲਕੌਰ ਸਿੰਘ ਨੇ ਦੱਸਿਆ ਕਿ ਜੂਨ 2025 ਵਿੱਚ ਤਿੰਨ ਨਾਮੀ ਵਿਅਕਤੀਆਂ ਖ਼ਿਲਾਫ਼ ਸ਼ਿਕਾਇਤ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਸਿੱਧੂ ਮੂਸੇ ਵਾਲਾ ਦੀ ਆਮਦਨ (ਇਨਕਮ) ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਪਰ ਇੰਨਾ ਸਮਾਂ ਬੀਤ ਜਾਣ ਦੇ ਬਾਵਜੂਦ ਨਾ ਕੋਈ ਕਾਰਵਾਈ ਹੋਈ ਅਤੇ ਨਾ ਹੀ ਉਨ੍ਹਾਂ ਨੂੰ ਸੰਤੁਸ਼ਟ ਕਰਨ ਵਾਲਾ ਜਵਾਬ ਮਿਲਿਆ। ਉਨ੍ਹਾਂ ਦੋਸ਼ ਲਗਾਇਆ ਕਿ ਮਾਨਸਾ ਪੁਲਿਸ ਵੱਲੋਂ ਉਨ੍ਹਾਂ ਦੀ ਸ਼ਿਕਾਇਤ ਤੱਕ ਢੰਗ ਨਾਲ ਨਹੀਂ ਸੁਣੀ ਜਾ ਰਹੀ।

“ਇਨਸਾਫ ਲਈ ਲੜਾਈ ਜਾਰੀ ਰਹੇਗੀ”

ਧਰਨੇ ‘ਤੇ ਬੈਠੇ ਬਲਕੌਰ ਸਿੰਘ ਅਤੇ ਚਰਨ ਕੌਰ ਨੇ ਕਿਹਾ ਕਿ ਜਦ ਤੱਕ ਉਨ੍ਹਾਂ ਨੂੰ ਨਿਆਂ ਨਹੀਂ ਮਿਲਦਾ, ਉਹ ਆਪਣੀ ਲੜਾਈ ਜਾਰੀ ਰੱਖਣਗੇ। ਉਨ੍ਹਾਂ ਨੇ ਪੰਜਾਬ ਵਿੱਚ ਕਾਨੂੰਨ-ਵਿਵਸਥਾ ਅਤੇ ਗੈਂਗਸਟਰਵਾਦ ਦੇ ਮਸਲੇ ‘ਤੇ ਵੀ ਸਰਕਾਰ ਨੂੰ ਘੇਰਿਆ।

ਸਿੱਧੂ ਮੂਸੇਵਾਲਾ ਦਾ ਕਤਲ

ਸਿੱਧੂ ਮੂਸੇਵਾਲਾ ਦਾ ਕਤਲ 29 ਮਈ 2022 ਨੂੰ ਮਾਨਸਾ ਜ਼ਿਲ੍ਹੇ ਦੇ ਜਵਾਹਰਕੇ ਪਿੰਡ ਵਿੱਚ ਹੋਇਆ ਸੀ। ਜਦੋਂ ਉਹ ਆਪਣੀ ਮਹਿੰਦਰਾ ਥਾਰ ਵਿੱਚ ਸਫਰ ਕਰ ਰਹੇ ਸਨ ਤਾਂ ਹਮਲਾਵਰਾਂ ਨੇ ਉਨ੍ਹਾਂ ਦੀ ਗੱਡੀ ਨੂੰ ਘੇਰ ਕੇ ਲਗਭਗ 30 ਗੋਲੀਆਂ ਚਲਾਈਆਂ। ਪੋਸਟਮਾਰਟਮ ਰਿਪੋਰਟ ਮੁਤਾਬਕ ਮੂਸੇਵਾਲਾ ਨੂੰ 19 ਗੋਲੀਆਂ ਲੱਗੀਆਂ ਅਤੇ 15 ਮਿੰਟਾਂ ਵਿੱਚ ਉਨ੍ਹਾਂ ਦੀ ਮੌਤ ਹੋ ਗਈ। ਮੌਕੇ ਤੋਂ AN-94 ਰੂਸੀ ਰਾਈਫਲ ਅਤੇ ਪਿਸਤੌਲ ਦੀਆਂ ਗੋਲੀਆਂ ਮਿਲੀਆਂ। ਇਸ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਨੇ ਲਈ ਸੀ। ਇਸ ਮਾਮਲੇ ਵਿੱਚ 30 ਤੋਂ ਵੱਧ ਦੋਸ਼ੀ ਸ਼ਾਮਲ ਹਨ ਅਤੇ ਮਾਨਸਾ ਅਦਾਲਤ ਵਿੱਚ ਮੁਕੱਦਮਾ ਚੱਲ ਰਿਹਾ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਪਿਛਲੇ ਤਿੰਨ ਸਾਲਾਂ ਤੋਂ ਅਦਾਲਤਾਂ ਦੇ ਚੱਕਰ ਲਗਾ ਰਹੇ ਹਨ। ਉਹ ਹਮੇਸ਼ਾ ਕਹਿੰਦੇ ਰਹੇ ਹਨ ਕਿ ਉਨ੍ਹਾਂ ਨੂੰ ਆਪਣੇ ਪੁੱਤਰ ਦੇ ਕਾਤਲਾਂ ਨੂੰ ਸਜ਼ਾ ਮਿਲਣ ਤੋਂ ਬਾਅਦ ਹੀ ਸ਼ਾਂਤੀ ਮਿਲੇਗੀ।

By Gurpreet Singh

Leave a Reply

Your email address will not be published. Required fields are marked *