ਚੰਡੀਗੜ੍ਹ ਦੀ CBI ਅਦਾਲਤ ’ਚ ਚੱਲੇਗਾ ਮੁਅੱਤਲ DIG ਹਰਚਰਨ ਸਿੰਘ ਭੁੱਲਰ ਦਾ ਕੇਸ

ਚੰਡੀਗੜ੍ਹ – ਪੰਜਾਬ ਦੇ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਲਾਂ ਘੱਟ ਹੋਣ ਦੀ ਥਾਂ ‘ਤੇ ਹੋਰ ਵਧ ਗਈਆਂ ਹਨ। ਉਨ੍ਹਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਮੁਕੱਦਮਾ ਚਲਾਉਣ ਲਈ ਗ੍ਰਹਿ ਮੰਤਰਾਲੇ ਨੇ ਸੀ. ਬੀ. ਆਈ. ਨੂੰ ਮਨਜ਼ੂਰੀ (ਪ੍ਰਾਸੀਕਿਊਸ਼ਨ ਸੈਂਕਸ਼ਨ) ਦੇ ਦਿੱਤੀ ਹੈ। ਹੁਣ ਇਹ ਮਾਮਲਾ ਚੰਡੀਗੜ੍ਹ ਸਥਿਤ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਵਿਚ ਚੱਲੇਗਾ। ਇਸ ਮਾਮਲੇ ਦੇ ਸਬੰਧ ਵਿਚ ਅਗਲੀ ਸੁਣਵਾਈ 22 ਫਰਵਰੀ ਨੂੰ ਤੈਅ ਕੀਤੀ ਗਈ ਹੈ।

ਦੱਸ ਦੇਈਏ ਕਿ ਭੁੱਲਰ ਆਈ. ਪੀ. ਐੱਸ. ਅਧਿਕਾਰੀ ਹਨ, ਇਸ ਲਈ ਉਨ੍ਹਾਂ ਖ਼ਿਲਾਫ਼ ਕੇਸ ਚਲਾਉਣ ਲਈ ਸੀ. ਬੀ. ਆਈ. ਨੂੰ ਕੇਂਦਰ ਸਰਕਾਰ ਤੋਂ ਇਜਾਜ਼ਤ ਦੀ ਲੋੜ ਸੀ। ਮੰਗਲਵਾਰ ਨੂੰ ਸੀ. ਬੀ. ਆਈ. ਨੇ ਗ੍ਰਹਿ ਮੰਤਰਾਲੇ ਤੋਂ ਪ੍ਰਾਪਤ ਮਨਜ਼ੂਰੀ ਦੇ ਹੁਕਮ ਅਦਾਲਤ ਵਿਚ ਪੇਸ਼ ਕਰ ਦਿੱਤੇ। ਸੀ. ਬੀ. ਆਈ. ਨੇ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਵੀ ਦਾਇਰ ਕਰ ਦਿੱਤੀ ਹੈ, ਜਿਸ ਵਿਚ ਨਵੇਂ ਸਬੂਤਾਂ ਅਤੇ ਵਾਧੂ ਗਵਾਹਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਨਾਲ ਏਜੰਸੀ ਨੇ ਕੇਸ ਨੂੰ ਹੋਰ ਮਜ਼ਬੂਤ ਕਰਨ ਦੇ ਸੰਕੇਤ ਦਿੱਤੇ ਹਨ। ਇਕ ਦਿਨ ਪਹਿਲਾਂ ਹੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਭੁੱਲਰ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ, ਜਿਸ ਨਾਲ ਉਨ੍ਹਾਂ ਨੂੰ ਵੱਡਾ ਝਟਕਾ ਲੱਗਾ ਸੀ।

By Gurpreet Singh

Leave a Reply

Your email address will not be published. Required fields are marked *