ਕਪੂਰਥਲਾ ਚ ਜ਼ਮੀਨੀ ਵਿਵਾਦ ਨੂੰ ਲੈਕੇ ਦੋ ਗੁਟਾਂ ‘ਚ ਝਗੜਾ!

ਗੁਰਪ੍ਰੀਤ ਸਿੰਘ :- ਕਪੂਰਥਲਾ ਦੇ ਖੇੜਾ ਦੋਨਾ ਪਿੰਡ ਵਿੱਚ ਜ਼ਮੀਨ ਦੇ ਇੱਕ ਪਲਾਟ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਝਗੜਾ ਹੋ ਗਿਆ। ਮਾਮਲਾ ਉਦੋਂ ਵਧ ਗਿਆ ਜਦੋਂ ਇੱਕ ਧਿਰ ਆਪਣੀ ਜ਼ਮੀਨ ਦੁਆਲੇ ਚਾਰਦੀਵਾਰੀ ਬਣਾ ਰਹੀ ਸੀ। ਕੁਝ ਪਿੰਡ ਵਾਸੀਆਂ ਨੇ ਇਤਰਾਜ਼ ਕੀਤਾ, ਜਿਸ ਕਾਰਨ ਝਗੜਾ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਕਈ ਜਣੇ ਜ਼ਖ਼ਮੀ ਹੋ ਗਏ ਤੇ ਇਲਾਕੇ ਵਿੱਚ ਮਾਹੌਲ ਤਣਾਅਪੂਰਨ ਬਣ ਗਿਆ।
ਵਿਰੋਧ ਕਰ ਰਹੇ ਲੋਕਾਂ ਦਾ ਕਹਿਣਾ ਹੈ ਕਿ ਜਿਸ ਸਥਾਨ ਉਤੇ ਚਾਰਦੀਵਾਰੀ ਕੀਤੀ ਜਾ ਰਹੀ ਸੀ। ਉਤੇ ਹੀ ਪਿੰਡ ਦੇ ਮੰਦਿਰ ਨੂੰ ਜਾਣਵਾਲਾ ਰਸਤਾ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਰਸਤਾ ਬੰਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਇਸ ਨੂੰ ਲੈ ਕੇ ਉਨ੍ਹਾਂ ਨੇ ਇਤਰਾਜ਼ ਜਤਾਇਆ ਸੀ।

ਦੂਜੀ ਧਿਰ ਦਾ ਕੀ ਕਹਿਣਾ
ਚਾਰਦੀਵਾਰੀ ਬਣਾ ਰਹੀ ਧਿਰ ਦਾ ਦਾਅਵਾ ਹੈ ਕਿ ਉਹ ਆਪਣੀ ਨਿੱਜੀ ਜ਼ਮੀਨ ‘ਤੇ ਉਸਾਰੀ ਕਰ ਰਹੇ ਸਨ। ਉਨ੍ਹਾਂ ਦਾ ਦੋਸ਼ ਹੈ ਕਿ ਕੁਝ ਲੋਕ ਬਿਨਾਂ ਕਾਰਨ ਕੰਮ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਸਨ, ਜਿਸ ਕਾਰਨ ਵਿਵਾਦ ਹੋਇਆ।

ਜ਼ਖਮੀਆਂ ਦੇ ਦੋਸ਼
ਲੜਾਈ ਵਿੱਚ ਜ਼ਖਮੀਆਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜ਼ਖਮੀਆਂ ਦਾ ਦੋਸ਼ ਹੈ ਕਿ ਹਮਲਾਵਰਾਂ ਵਿੱਚ ਇੱਕ ਸਥਾਨਕ ਪੁਲਿਸ ਅਧਿਕਾਰੀ ਦਾ ਪੁੱਤਰ ਵੀ ਸ਼ਾਮਲ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਸਿਰਫ਼ ਮੰਦਰ ਨੂੰ ਜਾਣ ਵਾਲੀ ਸੜਕ ਨੂੰ ਨਾ ਰੋਕਣ ਦੀ ਅਪੀਲ ਕਰ ਰਹੇ ਸਨ ਪਰ ਉਨ੍ਹਾਂ ‘ਤੇ ਹਮਲਾ ਕੀਤਾ ਗਿਆ।
ਪੁਲਿਸ ਕਾਰਵਾਈ
ਜ਼ਖਮੀਆਂ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਦੋਸ਼ੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਪਿੰਡ ਦਾ ਮਾਹੌਲ ਕਿਸੇ ਵੀ ਕੀਮਤ ‘ਤੇ ਖਰਾਬ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।

By Gurpreet Singh

Leave a Reply

Your email address will not be published. Required fields are marked *