ਰਾਹੁਲ ਗਾਂਧੀ ਦੀ ਬਰਨਾਲਾ ‘ਚ ਵਿਸ਼ਾਲ ਰੈਲੀ ਅੱਜ, ਪੰਜਾਬ ਦੀ ਸਿਆਸਤ ‘ਚ ਆ ਸਕਦੈ ਨਵਾਂ ਮੋੜ

ਗੁਰਪ੍ਰੀਤ ਸਿੰਘ :- ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅੱਜ ਬਰਨਾਲਾ ਦੀ ਇਤਿਹਾਸਕ ਧਰਤੀ ‘ਤੇ ਹੋਣ ਵਾਲੀ ਵਿਸ਼ਾਲ ਰੈਲੀ ਪੰਜਾਬ ਦੀ ਸਿਆਸਤ ‘ਚ ਨਵਾਂ ਮੋੜ ਲਿਆਵੇਗੀ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬੀਤੇ ਦਿਨ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਰੈਲੀ ਨਾ ਸਿਰਫ ਇਤਿਹਾਸਕ ਹੋਵੇਗੀ, ਸਗੋਂ 2027 ’ਚ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣਨ ਦਾ ਮੁੱਢ ਵੀ ਇਸੇ ਰੈਲੀ ਤੋਂ ਬੱਝੇਗਾ।
ਸਿਆਸੀ ਤਬਦੀਲੀ ਦਾ ਸੰਕੇਤ
ਰਾਜਾ ਵੜਿੰਗ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਇਸ ਫੇਰੀ ਸਬੰਧੀ ਪੂਰੇ ਪੰਜਾਬ, ਖ਼ਾਸ ਕਰ ਕੇ ਮਾਲਵਾ ਖੇਤਰ ਦੇ ਲੋਕਾਂ ’ਚ ਬੇਮਿਸਾਲ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਤੋਂ ਜਨਤਾ ਅੱਕ ਚੁੱਕੀ ਹੈ ਅਤੇ ਹੁਣ ਕਾਂਗਰਸ ਵੱਲ ਇਕ ਵੱਡੀ ਉਮੀਦ ਨਾਲ ਦੇਖ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਬਰਨਾਲਾ ਰੈਲੀ ’ਚ ਇਕੱਠਾ ਹੋਣ ਵਾਲਾ ਜਨ-ਸੈਲਾਬ ਵਿਰੋਧੀਆਂ ਦੇ ਸਾਰੇ ਭਰਮ-ਭੁਲੇਖੇ ਦੂਰ ਕਰ ਦੇਵੇਗਾ। ਵੜਿੰਗ ਅਨੁਸਾਰ, ਰਾਹੁਲ ਗਾਂਧੀ ਦਾ ਸੰਦੇਸ਼ ਪੰਜਾਬ ਦੇ ਘਰ-ਘਰ ਤੱਕ ਪਹੁੰਚੇਗਾ, ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੀ ਜਿੱਤ ਦੀ ਨੀਂਹ ਰੱਖੇਗਾ।
ਕਿਸਾਨੀ ਮੁੱਦਿਆਂ ’ਤੇ ਕੇਂਦਰਿਤ ਹੋਵੇਗੀ ਰੈਲੀ
ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਧੰਨਾ ਸਿੰਘ ਗਰੇਵਾਲ ਨੇ ਵਿਸ਼ੇਸ਼ ਤੌਰ ’ਤੇ ਦੱਸਿਆ ਕਿ ਇਸ ਰੈਲੀ ’ਚ ਕਿਸਾਨਾਂ ਦੀ ਸ਼ਮੂਲੀਅਤ ਬਹੁਤ ਵੱਡੇ ਪੱਧਰ ’ਤੇ ਹੋਵੇਗੀ। ਗਰੇਵਾਲ ਨੇ ਕਿਹਾ ਕਿ ਰਾਹੁਲ ਗਾਂਧੀ ਹਮੇਸ਼ਾ ਹੀ ਕਿਸਾਨਾਂ ਦੇ ਹੱਕਾਂ ਲਈ ਲੜਦੇ ਆਏ ਹਨ, ਚਾਹੇ ਉਹ ਕੇਂਦਰ ਦੇ ਕਾਲੇ ਕਾਨੂੰਨ ਹੋਣ ਜਾਂ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦਾ ਸਵਾਲ। ਉਨ੍ਹਾਂ ਕਿਹਾ ਕਿ ਇਲਾਕੇ ਦੇ ਕਿਸਾਨ ਆਪਣੇ ਟਰੈਕਟਰ-ਟਰਾਲੀਆਂ ਅਤੇ ਕਾਫ਼ਲਿਆਂ ਰਾਹੀਂ ਬਰਨਾਲਾ ਪਹੁੰਚਣਗੇ ਤਾਂ ਜੋ ਕੇਂਦਰ ਅਤੇ ਰਾਜ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਜਾ ਸਕੇ। ਪਾਰਟੀ ਆਗੂਆਂ ਨੇ ਦੱਸਿਆ ਕਿ ਰੈਲੀ ਦੀ ਸਫ਼ਲਤਾ ਲਈ ਪਿਛਲੇ ਕਈ ਦਿਨਾਂ ਤੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਪਿੰਡਾਂ ਅਤੇ ਸ਼ਹਿਰ ਦੇ ਵਾਰਡਾਂ ’ਚ ਨੁੱਕੜ ਮੀਟਿੰਗਾਂ ਰਾਹੀਂ ਲੋਕਾਂ ਨੂੰ ਸੱਦਾ ਦਿੱਤਾ ਗਿਆ ਹੈ। ਰੈਲੀ ਵਾਲੀ ਥਾਂ ’ਤੇ ਸੁਰੱਖਿਆ ਅਤੇ ਬੈਠਣ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

By Gurpreet Singh

Leave a Reply

Your email address will not be published. Required fields are marked *