ਮਾਣਹਾਨੀ ਮਾਮਲੇ ”ਚ ਸੁਖਬੀਰ ਬਾਦਲ ਨੇ ਮੰਗੀ ਪੇਸ਼ੀ ਤੋਂ ਛੋਟ, ਸੁਣਵਾਈ 23 ਮਾਰਚ ਨੂੰ

ਗੁਰਪ੍ਰੀਤ ਸਿੰਘ :- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ‘ਚ 9 ਸਾਲ ਪੁਰਾਣੇ ਮਾਣਹਾਨੀ ਮਾਮਲੇ ‘ਚ ਪੇਸ਼ੀ ਤੋਂ ਛੋਟ ਮੰਗਣ ਲਈ ਅਰਜ਼ੀ ਦਾਇਰ ਕੀਤੀ। ਵਕੀਲ ਰਾਜੇਸ਼ ਕੁਮਾਰ ਰਾਏ ਰਾਹੀਂ ਦਾਇਰ ਅਰਜ਼ੀ ‘ਚ ਕਿਹਾ ਗਿਆ ਹੈ ਕਿ ਬਿਨੈਕਾਰ ਕੁੱਝ ਸੀਨੀਅਰ ਆਗੂਆਂ ਨਾਲ ਇਕ ਮਹੱਤਵਪੂਰਨ ਮੀਟਿੰਗ ਲਈ ਦਿੱਲੀ ਗਏ ਹੋਏ ਸਨ। ਮੀਟਿੰਗ ਸਵੇਰੇ 11:30 ਵਜੇ ਹੋਣ ਕਾਰਨ ਉਹ ਅਦਾਲਤ ‘ਚ ਪੇਸ਼ ਨਹੀਂ ਹੋ ਸਕਣਗੇ। ਅਰਜ਼ੀ ‘ਚ ਕਿਹਾ ਗਿਆ ਹੈ ਕਿ ਗੈਰ-ਹਾਜ਼ਰੀ ਜਾਣ-ਬੁੱਝ ਕੇ ਨਹੀਂ ਹੈ ਅਤੇ ਉਹ ਜ਼ਰੂਰੀ ਕੰਮ ਕਾਰਨ ਅਦਾਲਤ ‘ਚ ਪੇਸ਼ ਨਹੀਂ ਹੋ ਸਕੇ।

ਅਦਾਲਤ ਨੂੰ ਭਰੋਸਾ ਦਿੱਤਾ ਕਿ ਉਹ ਅਗਲੀ ਸੁਣਵਾਈ ’ਤੇ ਨਿੱਜੀ ਤੌਰ ’ਤੇ ਪੇਸ਼ ਹੋਣਗੇ। ਅਦਾਲਤ ਨੇ ਅਗਲੀ ਸੁਣਵਾਈ ਲਈ 23 ਮਾਰਚ ਦੀ ਤਾਰੀਖ਼ ਤੈਅ ਕੀਤੀ ਹੈ। ਇਹ ਮਾਮਲਾ 2017 ਦਾ ਹੈ, ਜਿਸ ‘ਚ ਅਖੰਡ ਕੀਰਤਨੀ ਜੱਥੇ ਦੇ ਬੁਲਾਰੇ ਅਤੇ ਮੋਹਾਲੀ ਦੇ ਵਸਨੀਕ ਰਜਿੰਦਰ ਪਾਲ ਸਿੰਘ ਨੇ ਜ਼ਿਲ੍ਹਾ ਅਦਾਲਤ ‘ਚ ਭਾਰਤੀ ਦੰਡ ਸੰਹਿਤਾ ਦੀ ਧਾਰਾ 499 ਦੇ ਤਹਿਤ ਮਾਣਹਾਨੀ ਦੀ ਸ਼ਿਕਾਇਤ ਦਾਇਰ ਕੀਤੀ ਸੀ।

ਸ਼ਿਕਾਇਤ ਦੇ ਅਨੁਸਾਰ 4 ਜਨਵਰੀ 2017 ਨੂੰ ਦਿੱਲੀ ਦੇ ਤਤਕਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਰਜਿੰਦਰ ਪਾਲ ਸਿੰਘ ਦੇ ਘਰ ਜਾਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਮੀਡੀਆ ਨੂੰ ਦਿੱਤੇ ਇਕ ਬਿਆਨ ‘ਚ ਅਖੰਡ ਕੀਰਤਨੀ ਜੱਥੇ ਨੂੰ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਇਕ ਰਾਜਨੀਤਿਕ ਫਰੰਟ ਦੱਸਿਆ ਸੀ। ਸ਼ਿਕਾਇਤਕਰਤਾ ਦਾ ਦੋਸ਼ ਹੈ ਕਿ ਉਕਤ ਬਿਆਨ ਨੇ ਉਨ੍ਹਾਂ ਦੇ ਸੰਗਠਨ ਦੇ ਅਕਸ ਅਤੇ ਸਾਖ ਨੂੰ ਗੰਭੀਰਤਾ ਨਾਲ ਨੁਕਸਾਨ ਪਹੁੰਚਾਇਆ ਹੈ, ਜਿਸ ਕਾਰਨ ਅਦਾਲਤ ‘ਚ ਮਾਣਹਾਨੀ ਦਾ ਮਾਮਲਾ ਦਾਇਰ ਕੀਤਾ ਗਿਆ ਹੈ।

By Gurpreet Singh

Leave a Reply

Your email address will not be published. Required fields are marked *